ਚੰਡੀਗੜ੍ਹ 'ਚ ਕੋਰੋਨਾ ਦਾ ਕਹਿਰ,  7 ਜਨਵਰੀ ਤੱਕ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ 

ਏਜੰਸੀ

ਖ਼ਬਰਾਂ, ਪੰਜਾਬ

ਚੋਣ ਡਿਊਟੀ ਵਿਚ ਲੱਗੇ ਅਧਿਆਪਕਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ।

chandigarh schools

 

ਚੰਡੀਗੜ੍ਹ: ਚੰਡੀਗੜ੍ਹ ਸ਼ਹਿਰ ਵਿੱਚ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। 20 ਦਸੰਬਰ ਤੋਂ 7 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ। ਇਸ ਦੌਰਾਨ ਪ੍ਰੀਖਿਆਵਾਂ ਅਤੇ ਚੋਣ ਡਿਊਟੀ ਵਿਚ ਲੱਗੇ ਅਧਿਆਪਕਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸ਼ੁੱਕਰਵਾਰ ਨੂੰ ਇੱਕ ਪੱਤਰ ਜਾਰੀ ਕਰਕੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦੀ ਸਮਾਂ-ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਇਸ ਹਿਸਾਬ ਨਾਲ 20 ਦਸੰਬਰ ਤੋਂ ਸਰਦੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਰਹੀਆਂ ਹਨ, ਜੋ 7 ਜਨਵਰੀ ਤੱਕ ਚੱਲਣਗੀਆਂ। ਜਦੋਂ ਕਿ 8 ਜਨਵਰੀ ਨੂੰ ਦੂਜਾ ਸ਼ਨੀਵਾਰ ਅਤੇ 9 ਜਨਵਰੀ ਨੂੰ ਐਤਵਾਰ ਦੀ ਛੁੱਟੀ ਹੋਵੇਗੀ।

ਪਹਿਲਾਂ ਜਾਰੀ ਹਦਾਇਤਾਂ ਮੁਤਾਬਕ ਸਰਦੀਆਂ ਦੀਆਂ ਪਹਿਲੀਆਂ ਛੁੱਟੀਆਂ 27 ਦਸੰਬਰ ਤੋਂ ਸ਼ੁਰੂ ਹੋ ਕੇ 5 ਜਨਵਰੀ ਤੱਕ ਹੋਣੀਆਂ ਸੀ, ਪਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਸਮਾਂ ਸਾਰਣੀ ਵਿੱਚ ਬਦਲਾਅ ਕੀਤਾ ਗਿਆ ਹੈ। ਸਰਦੀਆਂ ਦੀਆਂ ਛੁੱਟੀਆਂ ਦੌਰਾਨ ਇਮਤਿਹਾਨ ਜਾਰੀ ਰਹਿਣਗੇ, ਪ੍ਰੀਖਿਆ 'ਚ ਡਿਊਟੀ 'ਤੇ ਆਏ ਅਧਿਆਪਕਾਂ ਨੂੰ ਸਕੂਲ ਆਉਣਾ ਪਵੇਗਾ।

ਇਸ ਦੇ ਨਾਲ ਹੀ ਦੱਸ ਦਈਏ ਕਿ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 30 ਦਸੰਬਰ ਤੱਕ ਹੋਣੀਆਂ ਹਨ। ਇਨ੍ਹਾਂ ਦਾ ਆਯੋਜਨ ਸਥਾਨਕ ਸਕੂਲਾਂ ਵਿਚ ਹੀ ਕੀਤਾ ਜਾ ਰਿਹਾ ਹੈ, ਜਿਸ ਵਿਚ ਸਿਰਫ਼ ਸਕੂਲ ਸਟਾਫ ਹੀ ਡਿਊਟੀ ਦੇ ਰਿਹਾ ਹੈ। ਇਸ ਦੇ ਨਾਲ ਹੀ ਨਗਰ ਨਿਗਮ ਚੋਣਾਂ ਵਿਚ ਡਿਊਟੀ ’ਤੇ ਆਏ ਅਧਿਆਪਕਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਜਾਣਗੀਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਪੱਤਰ ਵਿਚ ਲਿਖਿਆ ਹੈ ਕਿ ਪ੍ਰਾਈਵੇਟ ਸਕੂਲਾਂ ਨੂੰ ਵੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।