ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: ਨੈਸ਼ਨਲ ਹਾਈਵੇਅ ਜਾਮ ਕਰਨ ਦੀ ਕੋਸ਼ਿਸ਼ 'ਤੇ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ
ਪ੍ਰਦਰਸ਼ਨ ਕਰ ਰਹੀਆਂ ਔਰਤਾਂ ਵੀ ਹਿਰਾਸਤ ਵਿਚ ਲਈਆਂ
ਫਿਰੋਜ਼ਪੁਰ - ਪੰਜਾਬ ਦੇ ਫਿਰੋਜ਼ਪੁਰ ਦੇ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਦੇ ਬਾਹਰ ਪਿਛਲੇ 4 ਮਹੀਨਿਆਂ ਤੋਂ ਧਰਨਾ ਲੱਗਾ ਹੋਇਆ ਹੈ ਤੇ ਇਹ ਧਰਨਾ ਸਰਕਾਰ ਨਾਲ ਮੀਟਿੰਗ ਹੋਣ ਤੋਂ ਬਾਅਦ ਵੀ ਜਾਰੀ ਹੈ। ਇਸ ਧਰਨੇ ਵਿਚ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਸੀ ਜਦੋਂ ਪੁਲਿਸ ਨੇ ਧਰਨਾਕਾਰੀਆਂ ਖ਼ਿਲਾਫ਼ ਕੇਸ ਦਰਜ ਕਰਕੇ ਧਰਨਾ ਖ਼ਤਮ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਕਾਰਨ ਭੀੜ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ। ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ਨੂੰ ਜਾਮ ਕਰ ਦਿੱਤਾ।
ਇਸ 'ਤੇ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ। ਜਦਕਿ ਮਹਿਲਾ ਪ੍ਰਦਰਸ਼ਨਕਾਰੀਆਂ ਸਮੇਤ ਕਈਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਿਸ ਨੇ ਮੁੱਖ ਨਾਕੇ ਵਾਲੀ ਥਾਂ ਤੋਂ 1 ਕਿ.ਮੀ. ਕੁਝ ਦੂਰੀ ’ਤੇ ਬੈਠੇ ਧਰਨਾਕਾਰੀ ਕਿਸਾਨਾਂ ਨੂੰ ਭਜਾਉਣ ਮਗਰੋਂ ਲਾਏ ਗਏ ਟੈਂਟ ਪੁੱਟ ਦਿੱਤੇ ਗਏ ਹਨ।
ਓਧਰ ਐਸਐਸਪੀ ਕੰਵਰਦੀਪ ਕੌਰ ਨੇ ਕਿਹਾ ਹੈ ਕਿ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੁਲਿਸ ਦੀਆਂ ਗੱਡੀਆਂ ਨੂੰ ਰੋਕਣ ਵਾਲਿਆਂ ਨੂੰ ਕੁੱਝ ਸਮੇਂ ਲਈ ਹਿਰਾਸਤ ਵਿਚ ਲਿਆ ਗਿਆ ਸੀ। ਹੜਤਾਲ ਖ਼ਤਮ ਕਰਨ ਲਈ 2 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵੱਲੋਂ ਫੈਕਟਰੀ ਤੋਂ ਤਿੰਨ ਸੌ ਮੀਟਰ ਦੀ ਦੂਰੀ ’ਤੇ ਧਰਨਾ ਦੇਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਉਹਨਾਂ ਨੇ ਸਥਿਤੀ ਨੂੰ ਕਾਬੂ ਹੇਠ ਦੱਸਿਆ ਹੈ। ਐਸਐਸਪੀ ਨੇ ਦੱਸਿਆ ਕਿ ਫੈਕਟਰੀ ਦੇ ਗੇਟ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਕਾਰਨ ਪੁਲਿਸ ਨੇ ਕੁੱਝ ਦੇਰ ਲਈ ਕਾਰਵਾਈ ਰੋਕ ਕੇ ਮੌਕੇ ’ਤੇ ਹੀ ਜਾਮ ਲਾਇਆ। ਓਧਰ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈਣ ਲਈ 17 ਦਸੰਬਰ ਦੀ ਪੂਰੀ ਰਾਤ ਲਾਈਟਾਂ ਬੰਦ ਰੱਖੀਆਂ ਤਾਂ ਜੋ ਮੌਕਾ ਮਿਲਣ 'ਤੇ ਲੋਕਾਂ ਨੂੰ ਹਿਰਾਸਤ 'ਚ ਲਿਆ ਜਾ ਸਕੇ। ਧਰਨਾਕਾਰੀ ਔਰਤਾਂ ਸਮੇਤ ਸਮੂਹ ਪਿੰਡ ਵਾਸੀਆਂ ਨੇ ਪੁਲਿਸ ਦੀ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ। ਜਦੋਂ ਪੁਲਿਸ ਵੱਲੋਂ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਤਾਂ ਧਰਨਾਕਾਰੀਆਂ ਨੇ ਬਠਿੰਡਾ-ਅੰਮ੍ਰਿਤਸਰ ਕੌਮੀ ਮਾਰਗ-54 ’ਤੇ ਜਾਮ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।
ਇਸ ਤੋਂ ਪਹਿਲਾਂ ਪੁਲਿਸ ਵੱਲੋਂ ਲੋਕਾਂ ਨੂੰ ਮੌਕੇ ਤੋਂ ਭਜਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ। ਪ੍ਰਦਰਸ਼ਨਕਾਰੀ ਸਪੱਸ਼ਟ ਕਹਿ ਰਹੇ ਹਨ ਕਿ ਸ਼ਰਾਬ ਫੈਕਟਰੀ ਨਾ ਚੱਲਣ ਦਿੱਤੀ ਜਾਵੇ। ਮਹਿਲਾ ਪੁਲਿਸ ਮੁਲਾਜ਼ਮ ਵੀ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ। ਪ੍ਰਦਰਸ਼ਨ ਕਰ ਰਹੀਆਂ ਔਰਤਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪਰ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਤਾਕਤ ਦੀ ਵਰਤੋਂ ਕਰਦਿਆਂ ਉਨ੍ਹਾਂ ਨੂੰ ਫੜ ਲਿਆ ਅਤੇ ਹਿਰਾਸਤ ਵਿੱਚ ਲੈ ਕੇ ਬੱਸ ਵਿਚ ਬਿਠਾ ਦਿੱਤਾ।
ਪੁਲਿਸ ਨੇ 3 ਦਿਨ ਪਹਿਲਾਂ ਹੀ ਦੰਗਾਂ ਰੋਕੂ ਗੱਡੀਆਂ, ਪੁਲਿਸ ਕਰਮਚਾਰੀਆਂ ਦੀ ਸੁਰੱਖਿਆ ਸ਼ੀਲਡ, ਮੈਡੀਕਲ ਟੀਮ, ਰਿਜ਼ਰਵ ਪੁਲਿਸ ਫੋਰਸ, ਜੇਸੀਬੀ ਅਤੇ ਹੋਰ ਵਾਹਨ ਮੌਕੇ 'ਤੇ ਖੜ੍ਹੇ ਕਰ ਲਏ ਸਨ। ਪੁਲਿਸ ਵਿਭਾਗ ਨੇ ਧਰਨਾ ਚੁਕਵਾਉਣ ਦੀਆਂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਸਨ। ਹਾਲਾਂਕਿ ਧਰਨਾਕਾਰੀਆਂ ਨਾਲ 17 ਦਸੰਬਰ ਤੱਕ ਗੱਲਬਾਤ ਹੋਈ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਕਿਸਾਨ ਆਗੂਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਅੱਜ ਸੂਬਾ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਹਿਮਤੀ ਨਾ ਬਣਨ 'ਤੇ ਸਖ਼ਤ ਕਾਰਵਾਈ ਕੀਤੀ ਗਈ।
ਐਸਐਸਪੀ ਕੰਵਰਦੀਪ ਕੌਰ ਦਾ ਕਹਿਣਾ ਹੈ ਕਿ ਹਾਈਕੋਰਟ ਦੇ ਹੁਕਮਾਂ ਤਹਿਤ ਕਾਰਵਾਈ ਕੀਤੀ ਗਈ ਹੈ,ਪ੍ਰਦਰਸ਼ਨਕਾਰੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਈਵੇਅ ਰੋਕਣ ਦੀ ਕੋਸਿਸ਼ ਕਰ ਰਹੇ ਲੋਕਾਂ ਨੂੰ ਹੀ ਹਟਾਇਆ ਗਿਆ ਹੈ ਅਤੇ ਕੁੱਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਾਈਕੋਰਟ ਦਾ ਆਦੇਸ਼ ਹੈ ਕਿ ਜ਼ੀਰਾ ਸ਼ਰਾਬ ਫ਼ੈਕਟਰੀ ਤੋਂ ਕਰੀਬ 300 ਮੀਟਰ ਦੂਰ ਧਰਨਾ ਲੱਗੇ ਅਤੇ ਫ਼ੈਕਟਰੀ ਨੂੰ ਜਾਂਦਾ ਰਸਤਾ ਖੁੱਲ੍ਹਵਾਇਆ ਜਾਵੇ। ਐਸਐਸਪੀ ਨੇ ਕਿਹਾ ਕਿ ਸਿਰਫ਼ ਫ਼ੈਕਟਰੀ ਨੂੰ ਜਾਂਦਾ ਰਸਤਾ ਹੀ ਖੁੱਲ੍ਹਵਾਇਆ ਗਿਆ ਹੈ ਜਦੋਂਕਿ ਦੂਜਾ ਧਰਨਾ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਵੱਲੋਂ ਵੀਡੀਓਗ੍ਰਾਫ਼ੀ ਕੀਤੀ ਜਾ ਰਹੀ ਹੈ ਅਤੇ ਮਾਹੌਲ ਤੇ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਗਿਆ ਹੈ।