ਜੇਕਰ ਸਰਕਾਰ ਨੇ ਮਾਰਕੀਟਿੰਗ ਨੀਤੀ ਦਾ ਖਰੜਾ ਲਾਗੂ ਕੀਤਾ ਤਾਂ ਪਹਿਲਾਂ ਤੋਂ ਵੀ ਵੱਡਾ ਅੰਦੋਲਨ ਸ਼ੁਰੂ ਕਰਾਂਗੇ : ਸੰਯੁਕਤ ਕਿਸਾਨ ਮੋਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਜਪਾਲ ਨੇ ਕੇਂਦਰ ਸਰਕਾਰ ਨਾਲ ਗੱਲ ਕਰਨ ਦਾ ਭਰੋਸਾ ਦਿਤਾ

SKM

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੇ ਆਗੂਆਂ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਹਰਿਆਣਾ ਦੀਆਂ ਹੱਦਾਂ ’ਤੇ ਚਲ ਰਹੇ ਗ਼ੈਰ-ਸਿਆਸੀ ਧੜੇ ਦੇ ਅੰਦੋਲਨ, ਖੇਤੀਬਾੜੀ ਮਾਰਕੀਟਿੰਗ ਖਰੜੇ ਸਮੇਤ ਕਈ ਮੁੱਦਿਆਂ ’ਤੇ ਅਪਣੀਆਂ ਮੰਗਾਂ ਉਨ੍ਹਾਂ ਸਾਹਮਣੇ ਰਖੀਆਂ। 

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿਤਾ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਬਾਰੇ ਕੇਂਦਰ ਸਰਕਾਰ ਨਾਲ ਗੱਲ ਕਰਨਗੇ। 

ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀਬਾੜੀ ਮਾਰਕੀਟਿੰਗ ਖਰੜੇ ਦਾ ਸਖ਼ਤ ਵਿਰੋਧ ਕੀਤਾ ਅਤੇ ਇਸ ਤੋਂ ਰੱਦ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਹੀ ਨਕਲ ਕਰਾਰ ਦਿਤਾ। ਰਾਜੇਵਾਲ ਨੇ ਕਿਹਾ, ‘‘ਪੰਜਾਬ ਕੋਲ ਬਿਹਤਰੀਨ ਮਾਰਕੀਟਿੰਗ ਸਿਸਟਮ ਹੈ, ਇਸ ਨੂੰ ਨਾ ਤੋੜਿਆ ਜਾਵੇ। ਇਸ ਖਰੜੇ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’ ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮਾਰਕੀਟਿੰਗ ਨੀਤੀ ਦਾ ਖਰੜਾ ਲਾਗੂ ਕੀਤਾ ਤਾਂ ਉਹ ਪਹਿਲਾਂ ਤੋਂ ਵੀ ਵੱਡਾ ਅੰਦੋਲਨ ਸ਼ੁਰੂ ਕਰਨਗੇ। 

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਅਤੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਬਾਰੇ ਛੇਤੀ ਕੇਂਦਰ ਸਰਕਾਰ ਨੂੰ ਗੱਲਬਾਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ। 

ਅੰਦੋਲਨ ਕਰ ਰਹੇ ਗ਼ੈਰ-ਸਿਆਸੀ ਧੜੇ ਨਾਲ ਨਾ ਰਲਣ ਦੇ ਫੈਸਲੇ ਬਾਰੇ ਉਨ੍ਹਾਂ ਕਿਹਾ, ‘‘ਖ਼ਿਆਲਾਂ ਦੇ ਮਤਭੇਦ ਅਪਣੀ ਥਾਂ ਹਨ ਪਰ ਅਸੀਂ ਗ਼ੈਰ-ਸਿਆਸੀ ਧੜੇ ਦਾ ਵਿਰੋਧ ਨਹੀਂ ਕਰਦੇ। 21 ਦਸੰਬਰ ਨੂੰ ਮੁੜ ਬੈਠਕ ਕਰਾਂਗੇ ਅਤੇ ਗ਼ਲਤਫਹਿਮੀਆਂ ਦੂਰ ਕਰਾਂਗੇ। ਅਸੀਂ ਉਨ੍ਹਾਂ ਦੀ ਹਮਾਇਤ ਕਰਦੇ ਹਾਂ।’’ ਉਨ੍ਹਾਂ ਨੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ’ਤੇ ਕੀਤੇ ਤਸ਼ੱਦਦ ’ਤੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਚੁਪੀ ਦਾ ਮੁੱਦਾ ਵੀ ਰਾਜਪਾਲ ਕੋਲ ਚੁਕਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਪੰਜਾਬ ਸਰਕਾਰ ਦਾ ਰੋਲ ਨਿੰਦਣਯੋਗ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਕੋਲ ਵਿਰੋਧ ਵੀ ਦਰਜ ਨਹੀਂ ਕਰਵਾਇਆ।