ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਗੁਰਦੁਆਰਾ ਉਸਾਰਨ ਖ਼ਿਲਾਫ਼ ਮਰਨ ਵਰਤ ਤੇ ਬੈਠੇ ਜਥੇਦਾਰ ਪਰਸ਼ੋਤਮ ਸਿੰਘ ਫੱਗੂਵਾਲਾ

ਏਜੰਸੀ

ਖ਼ਬਰਾਂ, ਪੰਜਾਬ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕਈ ਵਾਰ ਸ਼ਿਕਾਇਤ ਕੀਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ

photo

 

ਫੱਗੂਵਾਲਾ : ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ’ਤੇ ਬਣਾਏ ਗਏ ਗੁਰਦੁਆਰੇ ਵਿਚ ਤਬਦੀਲੀ ਨਾ ਕਰਨ ਦੇ ਰੋਸ ਵੱਜੋਂ ਪੰਥਕ ਵਿਚਾਰ ਮੰਚ ਦੇ ਆਗੂ ਜਥੇਦਾਰ ਪਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਬੀਤੇ ਦਿਨ ਤੋਂ ਆਪਣੇ ਪਿੰਡ ਫੱਗੂਵਾਲਾ ਘਰ ਵਿਚ ਹੀ ਮਰਨ ਵਰਤ ’ਤੇ ਬੈਠ ਗਏ ਹਨ। ਇਸ ਦੌਰਾਨ ਜਥੇਦਾਰ ਫੱਗੂਵਾਲਾ ਨੇ ਪ੍ਰਣ ਲਿਆ ਕਿ ਜਦੋਂ ਤੱਕ ਗੁਰੂ ਘਰ ਦੀ ਇਮਾਰਤ ਵਿੱਚ ਤਬਦੀਲੀ ਨਹੀਂ ਹੋ ਜਾਂਦੀ ਉਦੋਂ ਤੱਕ ਉਹ ਕੁਝ ਵੀ ਗ੍ਰਹਿਣ ਨਹੀਂ ਕਰਨਗੇ। 
ਇਸ ਸਬੰਧੀ ਗੱਲਬਾਤ ਕਰਦਿਆਂ ਜਥੇਦਾਰ ਫੱਗੂਵਾਲਾ ਨੇ ਕਿਹਾ ਕਿ ਮਸਤੂਆਣਾ ਸਾਹਿਬ ਦੀ ਜ਼ਮੀਨ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਹੈ, ਜਿਸ ਸਬੰਧੀ ਕਮੇਟੀ ਤੇ ਮਸਤੂਆਣਾ ਸਾਹਿਬ ਟਰੱਸਟ ਦਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਕੇਸ ਵਿਚਾਰ ਅਧੀਨ ਹੈ। ਇਸ ਟਰੱਸਟ ਦੇ ਪ੍ਰਧਾਨ ਇਕ ਸੀਨੀਅਰ ਅਕਾਲੀ ਆਗੂ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਾਜ਼ਿਸ਼ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਰਗਾ ਗੁਰੂ ਘਰ ਬਣਾ ਕੇ ਸਿੱਖਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਪੱਧਰ ਵਧਿਆ ਪ੍ਰਦੂਸ਼ਣ : ਫਰਵਰੀ 'ਚ 2018 ਤੋਂ ਖਰਾਬ ਹੋਈ ਹਵਾ ਦੀ ਗੁਣਵੱਤਾ, ਲੋਕਾਂ ਨੂੰ ਸਾਹ ਲੈਣ 'ਚ ਦਿੱਕਤ 

ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿਚ ਉਹ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕਈ ਵਾਰ ਸ਼ਿਕਾਇਤ ਕੀਤੀ ਗਈ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਉਹ ਆਖਰੀ ਸਾਹ ਤਕ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਤੁਰੰਤ ਇਸ ਮਾਮਲੇ ਵਿਚ ਦਖ਼ਲ ਦੇਵੇ।