HSGMC ਨੇ ਕੀਤਾ ਕਬਜ਼ਾ, ਐਡਹਾਕ ਕਮੇਟੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ 'ਚ ਦਫ਼ਤਰ ਦੇ ਤਾਲੇ ਤੋੜ ਕੇ ਨਵੇਂ ਲਗਾਏ

ਏਜੰਸੀ

ਖ਼ਬਰਾਂ, ਪੰਜਾਬ

SGPC ਨੇ ਮਾਮਲੇ ਦੀ ਕੀਤੀ ਨਿੰਦਾ 

File Photo

ਹਰਿਆਣਾ - ਹਰਿਆਣਾ ਦੇ ਕੁਰੂਕਸ਼ੇਤਰ ਵਿਚ HSGMC ਦੀ ਐਡਹਾਕ ਕਮੇਟੀ ਨੇ ਹਰਿਆਣਾ ਸਿੱਖ ਮਿਸ਼ਨ ਦੇ ਦਫ਼ਤਰ ਦਾ ਤਾਲਾ ਤੋੜ ਕੇ ਆਪ ਕੰਮ ਸੰਭਾਲ ਲਿਆ ਹੈ। ਨਾਲ ਹੀ ਨਵੇਂ ਤਾਲੇ ਵੀ ਲਗਾਏ ਗਏ ਸਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਹੰਤ ਕਰਮਜੀਤ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। 

20 ਜਨਵਰੀ ਨੂੰ ਹਰਿਆਣਾ ਪ੍ਰਧਾਨ ਨਿਯੁਕਤ ਕਰਦਿਆਂ ਉਨ੍ਹਾਂ ਨੂੰ ਸੇਵਾ ਸੰਭਾਲਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। 18 ਮਹੀਨਿਆਂ ਦੇ ਕਾਰਜਕਾਲ ਦੌਰਾਨ 2 ਮਹੀਨੇ ਬੀਤ ਚੁੱਕੇ ਹਨ। ਅਜਿਹੇ 'ਚ ਹੁਣ ਬਾਕੀ ਰਹਿੰਦੇ ਕਾਰਜਕਾਲ 'ਚ ਬਿਹਤਰ ਕੰਮ ਕਰਨਾ ਅਤੇ ਚੰਗੀਆਂ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਅੱਜ ਬਹੁਤ ਹੀ ਸ਼ਾਂਤਮਈ ਢੰਗ ਨਾਲ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸੇਵਾ ਸੰਭਾਲਣ ਦਾ ਕੰਮ ਕੀਤਾ ਗਿਆ ਹੈ।  

ਉਹ ਸਾਰੇ ਕਰਮਚਾਰੀ ਜੋ ਪਿਛਲੀ ਕਮੇਟੀ ਤੋਂ ਹੁਣ ਤੱਕ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਾਰੇ ਕਰਮਚਾਰੀ ਉਹਨਾਂ ਦੇ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣਾ ਸਾਡੀ ਜ਼ਿੰਮੇਵਾਰੀ ਹੈ। ਦੂਜੇ ਪਾਸੇ ਸ਼ਬਦ ਕੀਰਤਨ ਦੌਰਾਨ ਗੋਲਕ 'ਤੇ ਕਟਰ ਦੀ ਵਰਤੋਂ ਕਰਨ ਦੇ ਮਾਮਲੇ 'ਤੇ ਉਨ੍ਹਾਂ ਕਿਹਾ ਕਿ ਅਰਦਾਸ ਸਮੇਂ ਹਮੇਸ਼ਾ ਕਿਹਾ ਜਾਂਦਾ ਹੈ ਕਿ ਜੇਕਰ ਜਾਣੇ-ਅਣਜਾਣੇ 'ਚ ਸਾਡੇ ਤੋਂ ਕੋਈ ਗਲਤੀ ਹੋ ਗਈ ਹੈ ਤਾਂ ਅਸੀਂ ਮੁਆਫੀ ਮੰਗਦੇ ਹਾਂ ਅਤੇ ਜੇਕਰ ਹੁਣ ਕੋਈ ਗਲਤੀ ਹੋਈ ਹੋਵੇ ਤਾਂ ਮੁਆਫੀ ਮੰਗਦੇ ਹਾਂ। 

ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਮਸਲੇ ਦੀ ਨਿੰਦਾ ਕੀਤੀ ਹੈ ਤੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਤਹਿਤ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਕਰ ਰਹੀ ਹੈ ਜਦਕਿ ਹਰਿਆਣਾ ਸਰਕਾਰ ਧੱਕੇ ਨਾਲ ਗੁਰਦੁਆਰਾ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਮੰਨਤਵ ਨਾਲ ਹਰਿਆਣਾ ਕਮੇਟੀ ਬਣਾਉਣ ਦਾ ਮਤਲਬ ਇਹ ਨਹੀਂ ਕਿ ਸਿੱਖ ਗੁਰਦੁਆਰਾ ਐਕਟ 1925 ਦੀ ਉਲੰਘਣਾ ਕਰਕੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਹਥਿਆਇਆ ਜਾਵੇ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋ ਪੁਲਿਸ ਪ੍ਰਸ਼ਾਸਨ ਜਰੀਏ ਧੱਕੇ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਹਥਿਆਉਣ ਦਾ ਯਤਨ ਕੀਤਾ ਜਾ ਰਿਹਾ ਹੈ।  ਇਸੇ ਮਨਸ਼ਾ ਨਾਲ ਹੀ ਅੱਜ ਪੁਲਿਸ ਦੇ ਮੁਲਾਜ਼ਮ ਅਤੇ ਹਰਿਆਣਾ ਕਮੇਟੀ ਦੇ ਆਗੂ ਗੁਰਦੁਆਰਾ ਸਾਹਿਬ ਗਏ ਅਤੇ ਗੋਲਕ ਨੂੰ ਤਾਲਾ ਲਗਾਇਆ ਗਿਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਧੱਕੇਸ਼ਾਹੀ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਸਿੱਖਾਂ ਦੇ ਮਾਮਲਿਆਂ ਵਿੱਚ ਦਖਲ ਦੇ ਕੇ ਸਿੱਖਾਂ ਨੂੰ ਪਾੜਨ ਦਾ ਜਤਨ ਕਰਦੀ ਸੀ

ਅਤੇ ਹੁਣ ਉਸੇ ਰਾਹ ਤੇ ਭਾਜਪਾ ਵੀ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਪੰਥਕ ਮਾਮਲਿਆਂ ਵਿਚ ਸਰਕਾਰੀ ਦਖਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਜ਼ੋਰਦਾਰ ਤਰੀਕੇ ਨਾਲ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕੇ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਕਾਰਵਾਈਆਂ ਕਰਨ ਤੋਂ ਬਾਜ ਆਵੇ ਅਤੇ ਸਿੱਖਾਂ ਵਿਚ ਪਾੜ ਪਾ ਕੇ ਲੜਾਉਣ ਦਾ ਯਤਨ ਨਾ ਕਰੇ।