ਜ਼ਬਰ ਜਨਾਹ ਮਾਮਲੇ 'ਚ ਸੁੱਚਾ ਸਿੰਘ ਲੰਗਾਹ ਨੂੰ ਮਿਲੀ ਜ਼ਮਾਨਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਬਰ ਜਨਾਹ ਮਾਮਲੇ 'ਚ ਸੁੱਚਾ ਸਿੰਘ ਲੰਗਾਹ ਨੂੰ ਮਿਲੀ ਜ਼ਮਾਨਤ

Suhca Singh Langah bail in rape case

ਚੰਡੀਗੜ੍ਹ : ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿਚ ਘਿਰੇ ਸਾਬਕਾ ਅਕਾਲੀ ਆਗੂ ਅਤੇ ਐੱਸ. ਜੀ. ਪੀ. ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਜੇਲ੍ਹ 'ਚ ਬੰਦ ਲੰਗਾਹ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਸੁੱਚਾ ਸਿੰਘ ਲੰਗਾਹ 'ਤੇ ਜਬਰ-ਜ਼ਨਾਹ ਦੇ ਦੋਸ਼ ਲਗਾਉਣ ਵਾਲੀ ਮਹਿਲਾ ਪੁਲਿਸ ਮੁਲਾਜ਼ਮ ਨੇ ਆਪਣੇ ਬਿਆਨ ਬਦਲ ਲਏ ਸਨ, ਜਿਸ ਤੋਂ ਬਾਅਦ ਹੀ ਇਹ ਫ਼ੈਸਲਾ ਆਇਆ ਹੈ। ਉਕਤ ਮਹਿਲਾ ਦਾ ਕਹਿਣਾ ਸੀ ਕਿ ਅਸ਼ਲੀਲ ਵੀਡੀਓ ਵਿਚ ਨਜ਼ਰ ਆਉਣ ਵਾਲੀ ਔਰਤ ਉਹ ਨਹੀਂ ਹੈ। ਦਰਅਸਲ 28 ਫਰਵਰੀ ਨੂੰ ਸੁੱਚਾ ਸਿੰਘ ਲੰਗਾਹ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਵਿਚ ਬਿਆਨ ਦਰਜ ਕੀਤੇ ਸਨ।


ਦੱਸਣਯੋਗ ਹੈ ਕਿ ਵਿਜੀਲੈਂਸ ਵਿਭਾਗ ਪਠਾਨਕੋਟ ਵਿਚ ਪਿੰਡ ਸੋਹਲ ਨਿਵਾਸੀ ਤਾਇਨਾਤ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਉਸ ਨਾਲ ਸਾਲ 2009 ਤੋਂ ਉਸ ਦੀ ਮਰਜ਼ੀ ਦੇ ਵਿਰੁਧ ਉਸ ਨਾਲ ਜ਼ਬਰ ਜਨਾਹ ਕਰਦੇ ਆ ਰਹੇ ਹਨ। ਇਸ ਸ਼ਿਕਾਇਤ ਦੇ ਆਧਾਰ 'ਤੇ ਸਿਟੀ ਪੁਲਿਸ ਸਟੇਸ਼ਨ ਵਿਚ ਉੱਚ ਅਧਿਕਾਰੀਆਂ ਦੇ ਹੁਕਮਾਂ 'ਤੇ ਐੱਫ.ਆਈ.ਆਰ ਨੰਬਰ 168 ਮਿਤੀ 28 ਸਤੰਬਰ 2017 ਅਨੁਸਾਰ ਕੇਸ ਦਰਜ ਕੀਤੀ ਗਈ ਸੀ।
ਇਥੇ ਹੀ ਬਸ ਨਹੀਂ ਉਕਤ ਮਹਿਲਾ ਨੇ ਪੁਲਿਸ ਨੂੰ ਇਕ ਟੇਪ ਵੀ ਸੌਂਪੀ ਸੀ, ਜਿਸ ਵਿਚ ਲੰਗਾਹ ਅਤੇ ਇਕ ਔਰਤ ਇਤਰਾਜ਼ਯੋਗ ਹਾਲਤ ਵਿਚ ਨਜ਼ਰ ਆ ਰਹੇ ਸਨ। ਉਸ ਸਮੇਂ ਪੀੜਤਾ ਦਾ ਕਹਿਣਾ ਸੀ ਕਿ ਇਹ ਟੇਪ ਉਸ ਨੇ ਇਸ ਲਈ ਤਿਆਰ ਕੀਤੀ ਸੀ ਕਿਉਂਕਿ ਲੰਗਾਹ ਉਸ ਨੂੰ ਧਮਕੀਆਂ ਦਿੰਦਾ ਸੀ। 

ਇਥੇ ਤੁਹਾਨੂੰ ਦੱਸ ਦਈਏ ਕਿ ਸੁੱਚਾ ਸਿੰਘ ਲੰਗਾਹ ‘ਤੇ ਜ਼ਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਨ੍ਹਾਂ ਨੇ ਕਈ ਦਿਨਾਂ ਦੀ ਲੁਕਾ ਛਿਪੀ ਤੋਂ ਬਾਅਦ ਗੁਰਦਾਸਪੁਰ ਦੀ ਅਦਾਲਤ ਵਿਚ ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 10 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਕੇ ਜ਼ਬਰ ਜਨਾਹ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਦੋਸ਼ੀ ਕਰਾਰ ਦਿੰਦਿਆਂ ਸਿੱਖ ਪੰਥ ਵਿੱਚੋਂ ਛੇਕਣ ਦਾ ਐਲਾਨ ਕੀਤਾ ਸੀ। ਅਕਾਲ ਤਖ਼ਤ ਵੱਲੋਂ ਜਾਰੀ ਹੁਕਮਨਾਮੇ ਵਿਚ ਕਿਹਾ ਗਿਆ ਸੀ ਕਿ ਲੰਗਾਹ ਨੂੰ ਕਿਸੇ ਵੀ ਸੰਸਥਾ ਵਿਚ ਕੋਈ ਅਹੁਦਾ ਜਾਂ ਸਥਾਨ ਨਾ ਦਿੱਤਾ ਜਾਵੇ। ਦੱਸ ਦੇਈਏ ਕਿ ਪੰਥ ਵਿਚੋਂ ਛੇਕੇ ਗਏ ਵਿਅਕਤੀ ਨਾਲ ਰੋਟੀ-ਬੇਟੀ ਦੀ ਸਾਂਝ ਕਰਨ ਦੀ ਵੀ ਸਖ਼ਤ ਮਨਾਹੀ ਹੁੰਦੀ ਹੈ।

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸੁੱਚਾ ਸਿੰਘ ਲੰਗਾਹ ਦੇ ਖਿ਼ਲਾਫ਼ ਅਖ਼ਬਾਰਾਂ ਅਤੇ ਇਲੈਕਟ੍ਰੋਨਿਕ ਮੀਡੀਆ ਵਿਚ ਚੱਲੀ ਚਰਚਾ ਅਤੇ ਦੇਸ਼ ਵਿਦੇਸ਼ ਤੋਂ ਸਿੱਖ ਸੰਗਤਾਂ ਵੱਲੋਂ ਲਿਖਤੀ ਅਤੇ ਫ਼ੋਨ ਰਾਹੀਂ ਪੁੱਜੀਆਂ ਸ਼ਿਕਾਇਤਾਂ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਲਾਹਕਾਰ ਕਮੇਟੀ ਵੱਲੋਂ ਦਿੱਤੇ ਗਏ ਸੁਝਾਅ ਉਪਰ ਕੀਤੀ ਗਈ ਦੀਰਘ ਵਿਚਾਰ ਉਪਰੰਤ ਫ਼ੈਸਲਾ ਲਿਆ ਗਿਆ ਸੀ ਕਿ ਵਿਸ਼ਵ ਭਰ ਵਿਚ ਸਿੱਖ ਉੱਚੇ ਸੁੱਚੇ ਅਤੇ ਆਦਰਸ਼ ਇਖ਼ਲਾਕ ਲਈ ਜਾਣੇ ਜਾਂਦੇ ਹਨ। ਲੰਗਾਹ ਦੀ ਇਸ ਕਾਰਵਾਈ ਨਾਲ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਉਥੇ ਸਿੱਖ ਕਿਰਦਾਰ ਨੂੰ ਵੀ ਢਾਅ ਲੱਗੀ ਹੈ।

ਸਿੰਘ ਸਹਿਬਾਨ ਨੇ ਸੁੱਚਾ ਸਿੰਘ ਲੰਗਾਹ ਨੂੰ ਸਿੱਖ ਰਹਿਤ ਮਰਿਆਦਾ ਅਨੁਸਾਰ ਬਜ਼ਰ ਕੁਰਹਿਤ ਕਰਨ ਕਰਕੇ ਦੋਸ਼ੀ ਮੰਨਦਿਆਂ ਮਾਮਲੇ ਦੀ ਗੰਭੀਰਤਾ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੋਹਰ ਅਧਿਕਾਰ ਹੇਠ ਗੁਰਮਤਿ ਜੁਗਤ ਅਨੁਸਾਰ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿਚੋਂ ਛੇਕਿਆ ਗਿਆ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਆਦੇਸ਼ ਜਾਰੀ ਕੀਤਾ ਕਿ ਉਹ ਸੁੱਚਾ ਸਿੰਘ ਲੰਗਾਹ ਨਾਲ ਕਿਸੇ ਕਿਸਮ ਦੀ ਕੋਈ ਸਾਂਝ ਨਾ ਰੱਖੇ।