ਚੋਣ ਜ਼ਾਬਤੇ ਦੀ ਉਲੰਘਣਾ ਲਈ ਵਿਜੈ ਇੰਦਰ ਸਿੰਗਲਾ ਵਿਰੁੱਧ ਕਾਰਵਾਈ ਦੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਵਫ਼ਦ ਨੇ ਸੀਈਓ ਨਾਲ ਕੀਤੀ ਮੁਲਾਕਾਤ

AAP delegation meets chief electoral officer of Punjab

ਚੰਡੀਗੜ੍ਹ : ਸੱਤਾਧਾਰੀ ਕਾਂਗਰਸ ਪਾਰਟੀ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਉਨ੍ਹਾਂ ਦੇ ਮੰਤਰੀ ਵੋਟਰਾਂ ਨੂੰ ਭਰਮਾਉਣ ਲਈ ਲੋਕਾਂ ਨਾਲ ਨਵੇਂ ਵਾਅਦੇ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੀਤਾ। ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਪ ਦੇ ਵਫ਼ਦ ਨੇ ਪੰਜਾਬ ਦੇ ਚੀਫ਼ ਇਲੈਕਟੋਰਲ ਅਫ਼ਸਰ ਐਸ ਕਰੁਣਾ ਰਾਜੂ ਨਾਲ ਮੁਲਾਕਾਤ ਕੀਤੀ ਅਤੇ ਅਧਿਕਾਰਾਂ ਦੀ ਦੁਰਵਰਤੋਂ ਕਰ ਕੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

ਇੱਕ ਲਿਖਤੀ ਪੱਤਰ ਰਾਹੀਂ ਵਫ਼ਦ ਨੇ ਦੱਸਿਆ ਕਿ ਵਿਜੈ ਇੰਦਰ ਸਿੰਗਲਾ, ਜੋ ਕਿ ਸੰਗਰੂਰ ਵਿਧਾਨ ਸਭਾ ਤੋਂ ਵਿਧਾਇਕ ਅਤੇ ਮੌਜੂਦਾ ਸਰਕਾਰ 'ਚ ਮੰਤਰੀ ਹਨ, ਨਾਲ ਹੀ ਸੰਗਰੂਰ ਲੋਕ ਸਭਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਵੀ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਚੋਣਾਂ ਦੇ ਮੱਦੇਨਜ਼ਰ 10 ਮਾਰਚ ਤੋਂ ਲੱਗੇ ਚੋਣ ਜ਼ਾਬਤੇ ਦੇ ਦੌਰਾਨ ਸਰਕਾਰ ਨਾਲ ਸਬੰਧਤ ਕੋਈ ਵੀ ਨਵਾਂ ਐਲਾਨ ਨਹੀਂ ਕੀਤਾ ਜਾ ਸਕਦਾ ਪਰ ਸਿੰਗਲਾ ਨੇ ਸੰਗਰੂਰ ਖੇਤਰ ਵਿੱਚ ਆਪਣੇ ਦੌਰੇ ਦੌਰਾਨ ਨਵੇਂ ਵਾਅਦੇ ਕੀਤੇ ਹਨ।

ਚੀਮਾ ਨੇ ਕਿਹਾ ਕਿ ਸੂਬੇ ਦੀ ਸੱਤਾਧਾਰੀ ਕਾਂਗਰਸ ਸਰਕਾਰ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਉਨ੍ਹਾਂ ਦੇ ਮੰਤਰੀ ਵੋਟਰਾਂ ਨੂੰ ਭਰਮਾਉਣ ਦੇ ਮੰਤਰ ਨਾਲ ਲੋਕਾਂ ਨੂੰ ਨਵੇਂ ਵਾਅਦੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਦੌਰੇ ਦੇ ਦੌਰਾਨ ਵੱਖ-ਵੱਖ ਸਕੀਮਾਂ ਲਈ ਰਾਸ਼ੀਆਂ ਜਾਰੀ ਕੀਤੀਆਂ ਹਨ, ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਨੇ ਪਿਛਲੇ ਦੋ ਸਾਲਾਂ ਦੇ ਦੌਰਾਨ ਸੂਬੇ ਲਈ ਕੁੱਝ ਨਹੀਂ ਕੀਤਾ ਚੋਣਾਂ ਦੇ ਦੌਰਾਨ ਇਕਦਮ ਜਾਗ ਉੱਠੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਵੋਟਰਾਂ ਨੂੰ ਭਰਮਾਉਣ ਦੇ ਮੰਤਵ ਨਾਲ ਕੀਤਾ ਜਾ ਰਿਹਾ ਹੈ।

ਵਫ਼ਦ ਨੇ ਮੰਗ ਕੀਤੀ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮੰਤਰੀ ਸਿੰਗਲਾ ਖ਼ਿਲਾਫ਼ ਕਾਰਵਾਈ ਕਰਕੇ ਚੋਣ ਕਮਿਸ਼ਨ ਸੂਬੇ ਵਿਚ ਇੱਕ ਉਦਾਹਰਨ ਪੇਸ਼ ਕਰੇ, ਤਾਂ ਜੋ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਹੀ ਢੰਗ ਨਾਲ ਨੇਪਰੇ ਚਾੜੀਆਂ ਜਾ ਸਕਣ।