ਰਈਆ 'ਚ ਦੋ ਨੌਜਵਾਨਾਂ ਦੀ ਮੌਤ ਲਈ ਪ੍ਰਸ਼ਾਸਨ ਜ਼ਿੰਮੇਵਾਰ : ਹਰਪਾਲ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਮਿ੍ਜਤਕ ਨੌਜਵਾਨਾਂ ਦੇ ਪਰਿਵਾਰਾਂ ਦੀ ਵਿੱਤੀ ਸਹਾਇਤਾ ਕਰੇ ਸਰਕਾਰ

Harpal Singh Cheema

ਚੰਡੀਗੜ੍ਹ : ਅੰਮ੍ਰਿਤਸਰ ਦੇ ਰਈਆ ਵਿਖੇ ਸੀਵਰੇਜ ਦੀ ਸਫ਼ਾਈ ਕਰਨ ਦੌਰਾਨ ਦੋ ਨੌਜਵਾਨਾਂ ਦੀ ਹੋਈ ਮੌਤ ਲਈ ਪ੍ਰਸ਼ਾਸਨ ਅਤੇ ਠੇਕੇਦਾਰ ਜ਼ਿੰਮੇਵਾਰ ਹੈ। ਇਨ੍ਹਾਂ ਵਿਰੁੱਧ ਸਖ਼ਤ ਕਾਨੂੰਨ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਹ ਮੰਗ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੀਤੀ। 

ਚੀਮਾ ਨੇ ਮੰਗ ਕੀਤੀ ਕਿ ਸਰਕਾਰ ਛੇਤੀ ਤੋਂ ਛੇਤੀ ਇਸ ਘਟਨਾ ਦੌਰਾਨ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੀ ਵਿੱਤੀ ਸਹਾਇਤਾ ਕਰੇ ਅਤੇ ਪਰਿਵਾਰ ਦੇ ਕਿਸੇ ਵਿਅਕਤੀ ਲਈ ਸਰਕਾਰੀ ਨੌਕਰੀ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਇਹ ਘਟਨਾ ਅਤਿ ਮੰਦਭਾਗੀ ਹੈ ਅਤੇ ਸਰਕਾਰ ਨੂੰ ਇਸ 'ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸੀਵਰੇਜ ਦੀ ਸਫ਼ਾਈ ਲਈ ਇਨਸਾਨਾਂ ਦੀ ਥਾਂ ਮਸ਼ੀਨਾਂ ਦੀ ਵਰਤੋਂ ਯਕੀਨੀ ਬਣਾਉਣ ਦੇ ਫ਼ੈਸਲੇ ਤੋਂ ਬਾਅਦ ਵੀ ਨੌਜਵਾਨਾਂ ਨੂੰ ਜ਼ਬਰਦਸਤੀ ਸੀਵਰੇਜ ਵਿਚ ਵਾੜਨ ਵਾਲੇ ਰਈਆ ਦੇ ਪ੍ਰਧਾਨ, ਕਾਰਜ ਸਾਧਕ ਅਫ਼ਸਰ ਅਤੇ ਪ੍ਰਾਈਵੇਟ ਠੇਕੇਦਾਰ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਚੀਮਾ ਨੇ ਕਿਹਾ ਕਿ ਮੈਲਾ ਚੁੱਕਣ ਵਿਰੁੱਧ ਅਤੇ ਉਨ੍ਹਾਂ ਦੇ ਪੁਨਰਵਾਸ ਬਿੱਲ 2012 ਦੇ ਅਧੀਨ ਸੀਵਰੇਜ ਵਿਚ ਇਨਸਾਨ ਦੇ ਵੜਨ ਦੌਰਾਨ ਉਨ੍ਹਾਂ ਲਈ ਖ਼ਾਸ ਕਿਸਮ ਦੇ ਸੰਦ ਅਤੇ ਕੱਪੜੇ ਮੁਹੱਈਆ ਕਰਵਾਉਣੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਨੂੰ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਿਸ਼ ਵੀ ਬਿੱਲ ਵਿਚ ਕੀਤੀ ਗਈ ਹੈ।