ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਰੇ 10 ਸਾਥੀਆਂ ’ਤੇ ਨਵਾਂ NSA ਲਗਾਇਆ

ਏਜੰਸੀ

ਖ਼ਬਰਾਂ, ਪੰਜਾਬ

ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫ਼ਤੇ ਹੋਵੇਗੀ

Punjab & Haryana High Court

ਚੰਡੀਗੜ੍ਹ: ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਸਾਰੇ 10 ਸਾਥੀਆਂ ’ਤੇ ਨਵਾਂ ਐਨ.ਐਸ.ਏ. ਲਗਾਇਆ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਹਾਈ ਕੋਰਟ ’ਚ ਦਿਤੀ।

ਸੁਣਵਾਈ ਦੌਰਾਨ ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਰੇ 10 ਸਾਥੀਆਂ ਨੇ ਅਦਾਲਤ ਨੂੰ ਦਸਿਆ ਕਿ ਪਿਛਲੇ ਸਾਲ 18 ਮਾਰਚ ਨੂੰ ਉਨ੍ਹਾਂ ਸਾਰਿਆਂ ਵਿਰੁਧ ਐਨ.ਐਸ.ਏ. ਲਗਾਇਆ ਗਿਆ ਸੀ, ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿਤਾ ਗਿਆ ਸੀ, ਐਨ.ਐਸ.ਏ. ਦੇ ਹੁਕਮ ਸਿਰਫ ਇਕ ਸਾਲ ਲਈ ਲਾਗੂ ਕੀਤੇ ਜਾ ਸਕਦੇ ਹਨ। ਹੁਣ ਜਦੋਂ ਇਨ੍ਹਾਂ ਹੁਕਮਾਂ ਦੀ ਮਿਆਦ ਖਤਮ ਹੋ ਗਈ ਹੈ ਤਾਂ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਹਾਈ ਕੋਰਟ ਨੂੰ ਦਸਿਆ ਕਿ ਇਨ੍ਹਾਂ ਸਾਰਿਆਂ ਵਿਰੁਧ ਨਵਾਂ ਐਨ.ਐਸ.ਏ. ਲਗਾਇਆ ਗਿਆ ਹੈ। ਜਦੋਂ ਹਾਈ ਕੋਰਟ ਨੇ ਇਸ ਬਾਰੇ ਜਾਣਕਾਰੀ ਮੰਗੀ ਤਾਂ ਸਰਕਾਰ ਨੇ ਅਗਲੀ ਸੁਣਵਾਈ ’ਤੇ ਇਨ੍ਹਾਂ ਹੁਕਮਾਂ ਦਾ ਪੂਰਾ ਵੇਰਵਾ ਦੇਣ ਲਈ ਸਮਾਂ ਮੰਗਿਆ। 

ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਇਓਕ, ਸਰਬਜੀਤ ਕਲਸੀ, ਗੁਰਿੰਦਰ ਔਜਲਾ ਅਤੇ ਬਸੰਤ ਸਿੰਘ ਨੇ ਅਪਣੇ ਵਿਰੁਧ ਐਨਐਸਏ ਨੂੰ ਹਾਈ ਕੋਰਟ ’ਚ ਚੁਨੌਤੀ ਦਿਤੀ ਹੈ। 

ਪਟੀਸ਼ਨ ਦਾਇਰ ਕਰਦਿਆਂ ਸਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ’ਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਸੀ। ਇਸ ਮੁਹਿੰਮ ਤਹਿਤ ਅੰਮ੍ਰਿਤਪਾਲ ਦੇ ਸਾਥੀਆਂ ’ਤੇ ਸ਼ਿਕੰਜਾ ਕੱਸਿਆ ਗਿਆ। ਇਸ ਕੜੀ ’ਚ ਪਟੀਸ਼ਨਕਰਤਾਵਾਂ ਨੂੰ ਵੀ ਪੀੜਤ ਕੀਤਾ ਗਿਆ ਸੀ ਅਤੇ ਉਨ੍ਹਾਂ ਵਿਰੁਧ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਕਾਰਵਾਈ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿਤਾ ਗਿਆ। ਪਟੀਸ਼ਨ ਮੁਤਾਬਕ ਕਾਨੂੰਨ ਦੀ ਉਚਿਤ ਪ੍ਰਕਿਰਿਆ ਦਾ ਪਾਲਣ ਕਰਦੇ ਹੋਏ ਉਸ ਵਿਰੁਧ ਕਾਰਵਾਈ ਨਹੀਂ ਕੀਤੀ ਗਈ। ਮਾਮਲੇ ਦੀ ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫ਼ਤੇ ਹੋਵੇਗੀ।