ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਇਲਾਕੇ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਤਿੰਨ ਨੌਜਵਾਨਾਂ ਦੀ ਥਾਰ ਕਾਰ ਨੂੰ ਅਚਾਨਕ ਅੱਗ ਲੱਗ ਗਈ। ਨੌਜਵਾਨਾਂ ਨੇ ਸਮੇਂ ਸਿਰ ਛਾਲ ਮਾਰ ਕੇ ਆਪਣੀ ਜਾਨ ਬਚਾਈ। ਅੱਗ ਇੰਨੀ ਭਿਆਨਕ ਸੀ ਕਿ ਕਾਰ ਵਿਚ ਧਮਾਕਾ ਹੋ ਗਿਆ। ਫਾਇਰ ਵਿਭਾਗ ਨੇ ਅੱਗ ’ਤੇ ਕਾਬੂ ਪਾ ਲਿਆ। ਇਸ ਦੌਰਾਨ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਐਤਵਾਰ ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਇਲਾਕੇ ਵਿਚ ਇਕ ਚੱਲਦੀ ਥਾਰ ਗੱਡੀ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦਹਿਸ਼ਤ ਫੈਲ ਗਈ। ਕਾਰ ਵਿਚ ਸਵਾਰ ਤਿੰਨ ਨੌਜਵਾਨਾਂ ਨੇ ਫੁਰਤੀ ਦਿਖਾਈ ਅਤੇ ਤੁਰਤ ਕਾਰ ’ਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਕੁਝ ਹੀ ਮਿੰਟਾਂ ਵਿਚ ਪੂਰੀ ਕਾਰ ਸੜ ਕੇ ਸੁਆਹ ਹੋ ਗਈ। ਇਸ ਦੌਰਾਨ ਗੱਡੀ ਵਿਚ ਧਮਾਕਾ ਵੀ ਹੋਇਆ, ਜਿਸ ਕਾਰਨ ਆਸ-ਪਾਸ ਦੇ ਲੋਕ ਘਬਰਾ ਗਏ।
ਘਟਨਾ ਵਿਚ ਸ਼ਾਮਲ ਨੌਜਵਾਨਾਂ ਨੇ ਦਸਿਆ ਕਿ ਉਹ ਜੰਮੂ ਦੇ ਰਹਿਣ ਵਾਲੇ ਹਨ ਅਤੇ ਸ੍ਰੀ ਹਰਿਮੰਦਰ ਸਾਹਿਬ (ਸਵਰਣ ਮੰਦਿਰ) ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਆ ਰਹੇ ਸਨ। ਉਨ੍ਹਾਂ ਦਸਿਆ ਕਿ ਰਸਤੇ ਵਿਚ ਅਚਾਨਕ ਕਾਰ ਵਿਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਅਤੇ ਕੁਝ ਹੀ ਦੇਰ ਵਿਚ ਥਾਰ ਨੂੰ ਅੱਗ ਲੱਗ ਗਈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡਾ ਪਰਿਵਾਰ ਇਕੱਠਾ ਹੁੰਦਾ ਤਾਂ ਇਕ ਵੱਡਾ ਹਾਦਸਾ ਵਾਪਰ ਸਕਦਾ ਸੀ।