ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਬੁੱਢਾ ਦਲ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ

ਏਜੰਸੀ

ਖ਼ਬਰਾਂ, ਪੰਜਾਬ

ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਬੁੱਢਾ ਦਲ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਜਾਇਆ ਜਾਵੇਗਾ ਨਗਰ ਕੀਰਤਨ

image

ਅੰਮ੍ਰਿਤਸਰ, 18 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ): ਸਰਬੰਸਦਾਨੀ, ਹਿੰਦ ਦੀ ਚਾਦਰ, ਸਰਬ ਕਲਾ ਸੰਪੂਰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖ਼ਸ਼ਿਸ਼ ਨਿਸ਼ਾਨਾਂ, ਨਗਾਰਿਆਂ ਦੀ ਤਾਬਿਆਂ ਹੇਠ 29 ਅਪ੍ਰੈਲ ਨੂੰ ਖ਼ਾਲਸਾਈ ਜਾਹੋ ਜਲਾਲ ਪ੍ਰਗਟ ਕਰਦਾ ਨਿਹੰਗ ਸਿੰਘਾਂ, ਸੰਤਾਂ ਮਹਾਪੁਰਸ਼ਾਂ ਦਾ ਇਕ ਵਿਸ਼ਾਲ ਯਾਦਗਾਰੀ ਨਗਰ ਕੀਰਤਨ ਛਾਉਣੀ ਮਿਸ਼ਲ ਸ਼ਹੀਦ ਬਾਬਾ ਦੀਪ ਸਿੰਘ ਨਿਹੰਗ ਸਿੰਘਾਂ ਤਰਨਾ ਦਲ ਬਾਬਾ ਬਕਾਲਾ ਦੇ ਹੈੱਡ ਕੁਆਰਟਰ ਤੋਂ ਆਰੰਭ ਹੋ ਕੇ ਗੁਰਦੁਆਰਾ ਭੋਰਾ ਸਾਹਿਬ ਗੁਰੂ ਤੇਗ ਬਹਾਦਰ ਸਾਹਿਬ ਪਾ: 9ਵੀ: ਬਾਬਾ ਬਕਾਲਾ ਵਿਖੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਗੁਰੂ ਕੇ ਮਹਿਲ ਲਈ ਰਵਾਨਾ ਹੋਵੇਗਾ।
ਅੱਜ ਇਥੋਂ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਜਥੇਬੰਦੀਆਂ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ, ਜਥੇਦਾਰ ਬਾਬਾ ਗੱਜਣ ਸਿੰਘ ਮੁਖੀ ਮਿਸਲ ਸ਼ਹੀਦ ਬਾਬਾ ਦੀਪ ਸਿੰਘ ਨਿਹੰਗ ਸਿੰਘਾਂ ਤਰਨਾ ਦਲ ਬਾਬਾ ਬਕਾਲਾ, ਜਥੇ ਬਾਬਾ ਅਵਤਾਰ ਸਿੰਘ ਮੁਖੀ ਦਲ ਪੰਥ ਬਾਬਾ ਬਿਧੀ ਚੰਦ ਤਰਨਾ ਦਲ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ ਵਾਲਿਆਂ ਨੇ ਸਾਂਝੇ ਤੌਰ ’ਤੇ ਗੁਰਮਤਾ ਕੀਤਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਖ਼ਾਲਸਾਈ ਜਾਹੋ ਜਲਾਲ ਪ੍ਰਗਟ ਕਰਦਾ ਵਿਸ਼ੇਸ਼ ਨਗਰ ਕੀਰਤਨ ਬਾਬਾ ਬਕਾਲਾ ਤੋਂ ਗੁਰੂ ਕੇ ਮਹਿਲ ਲਈ 29 ਅਪ੍ਰੈਲ ਨੂੰ ਸਵੇਰੇ 7 ਵਜੇ ਅਰੰਭ ਹੋਵੇਗਾ ਜਿਸ ਵਿਚ ਤਖ਼ਤਾਂ ਦੇ ਜਥੇਦਾਰ ਅਤੇ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ। ਉਨ੍ਹਾਂ ਦਸਿਆ ਕਿ ਨਿਹੰਗ ਸਿੰਘ ਘੋੜਿਆਂ, ਊਠਾਂ, ਹਾਥੀਆਂ ਅਤੇ ਵੱਖ-ਵੱਖ ਵਾਹਨਾਂ ਨਾਲ ਇਸ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਬੁੱਢਾ ਦਲ ਅਤੇ ਤਰਨਾ ਦਲ ਨੂੰ ਪਿਆਰ ਕਰਨ ਵਾਲੇ ਵੱਡੀ ਪੱਧਰ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਸੰਤ ਮਹਾਪੁਰਖ, ਦਲ ਪੰਥਾਂ ਦੇ ਮੁਖੀ ਤੇ ਨਿਹੰਗ ਸਿੰਘ ਫੌਜਾਂ ਵੀ ਸ਼ਾਮਲ ਹੋਣਗੀਆਂ।
ਇਹ ਨਗਰ ਕੀਰਤਨ ਬਾਬਾ ਬਕਾਲੇ ਤੋਂ ਰਈਆ, ਖਲਚੀਆਂ, ਟਾਂਗਰਾ, ਗੁ: ਪਾ: ਛੇਵੀ ਮੱਲੀਆਂ ਛਾਉਣੀ ਤਰਨਾ ਦਲ ਜੀ.ਟੀ. ਰੋਡ ਵਿਸ਼ੇਸ਼ ਤੌਰ ਤੇ ਲੰਗਰਾਂ ਤੇ ਛਬੀਲਾਂ ਦਾ ਪ੍ਰਬੰਧ ਹੋਵੇਗਾ। ਇਸੇ ਦਿਨ ਹੀ ਬੁੱਢਾ ਦਲ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਵਿਰਸਾ ਸੰਭਾਲ ਗਤਕਾ ਮੁਕਾਬਲੇ ਕਰਵਾਏ ਜਾਣਗੇ।