ਪਸ਼ੂ ਪਾਲਣ ਮੰਤਰੀ ਕੁਲਦੀਪ ਧਾਲੀਵਾਲ ਨੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਗੁਜਰਾਤ ਵਿਖੇ ਪਸ਼ੂ ਪਾਲਣ ਦੇ ਖੇਤਰ ਵਿਚ ਕ੍ਰਾਂਤੀ ਲਿਆਉਣ ਲਈ ਸਮਰ ਮੀਟ ਵਿਚ ਲਿਆ ਭਾਗ

Kuldeep Dhaliwal seeks Rs 500 crore from Center for care of destitute animals

ਚੰਡੀਗੜ੍ਹ/ਕੇਵੜੀਆ (ਗੁਜਰਾਤ) : ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਦੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ ਨਿਰਭਰ ਭਾਰਤ ਦੇ ਤਹਿਤ ਕੇਂਦਰ ਸਰਕਾਰ ਵਲੋਂ ਸਮਰ ਮੀਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪਰਸੋਤਮ ਰੁਪਾਲਾ ਵਿਸੇਸ਼ ਤੌਰ ‘ਤੇ ਸ਼ਾਮਲ ਹੋਏ।

ਇਸ ਸਮਾਗਮ ਦੌਰਾਨ ਵਿਸੇਸ਼ ਤੌਰ ‘ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਮੰਗ ਕੀਤੀ। ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਬੇਸਹਾਰਾ 1.40 ਲੱਖ ਪਸ਼ੂ ਘੁੰਮ ਰਹੇ ਹਨ। ਉਹਨਾਂ ਦੀ ਸਾਂਭ ਸੰਭਾਲ ਲਈ ਸ਼ੈਡਾਂ, ਹਰੇ ਚਾਰੇ ਅਤੇ ਸਾਈਲੋਜ਼ ਦੇ ਪ੍ਰਬੰਧ ਲਈ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੇਂਦਰ ਸਰਕਾਰ ਨੂੰ ਦੇਣ ਦੀ ਅਪੀਲ ਕੀਤੀ।

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਸੂਬੇ ਦੇ 5 ਲੱਖ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਹਰੇਕ ਸਾਲ 100 ਕਰੋੜ ਰੁਪਏ ਦੀ ਰਾਸ਼ੀ ਦੀ ਮੰਗ ਵੀ ਕੀਤੀ ਤਾਂ ਜੋ ਕਿਸੇ ਵੀ ਪਸ਼ੂ ਦੀ ਕੁਦਰਤੀ ਮੌਤ ਦੀ ਭਰਪਾਈ ਕਰਨ ਲਈ ਪਸ਼ੂ ਪਾਲਕਾਂ ਨੂੰ ਮੁਆਵਜ਼ੇ ਵਜੋਂ ਦਿੱਤੀ ਜਾ ਸਕੇ। ਇਸ ਸਮਰ ਮੀਟ ਵਿੱਚ ਪਸ਼ੂ ਪਾਲਕਾਂ ਨੂੰ ਮਿਆਰੀ ਸਹੂਲਤਾਂ ਦਰੋ ਦਰੀ ਮੁਹੱਈਆ ਕਰਵਾਉਣ ਬਾਰੇ ਵੀ ਵੱਖ-ਵੱਖ ਮਾਹਰਾਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਪਸ਼ੂ ਪਾਲਕਾਂ ਨੂੰ ਮੰਡੀਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਰੋਡ ਮੈਪ ਤਿਆਰ ਕਰਨ ਸਬੰਧੀ ਅਤੇ ਪਸ਼ੂ ਪਾਲਕਾਂ ਨੂੰ ਇਸ ਬਾਰੇ ਸਿਖਲਾਈ ਦੇਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।  ਪੰਜਾਬ ਦੇ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਡਾ. ਸਭਾਸ਼ ਚੰਦਰ ਗੋਇਲ ਨੇ ਵੀ ਇਸ ਸਮਰ ਮੀਟ ਵਿਚ ਭਾਗ ਲਿਆ ਗਿਆ।