ਰਵਨੀਤ ਬਿੱਟੂ ਨੇ ਸੁਖਬੀਰ ਬਾਦਲ ਦੀ ਮੰਗ ਖ਼ਿਲਾਫ਼ PM ਮੋਦੀ ਨੂੰ ਲਿਖਿਆ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੱਤਰ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ।

Ravneet Bittu



ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੱਤਰ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਮਗਰੋਂ ਬੇਅੰਤ ਸਿੰਘ ਦੇ ਪੋਤਰੇ ਅਤੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸੁਖ਼ਬੀਰ ਬਾਦਲ ਖ਼ਿਲਾਫ਼ ਪੀਐਮ ਮੋਦੀ ਨੂੰ ਪੱਤਰ ਲਿਖਿਆ ਹੈ। ਜਿਸ ਵਿਚ ਉਹਨਾਂ ਕਿਹਾ ਕਿ ਰਾਜੋਆਣਾ ਨੂੰ ਰਿਹਾਅ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਸੁਖਬੀਰ ਬਾਦਲ ਦੇ ਮਨਸੂਬਿਆਂ ਦੀ ਜਾਂਚ ਹੋਣੀ ਚਾਹੀਦੀ ਹੈ।

Ravneet Bittu

ਰਵਨੀਤ ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਵਾਰ-ਵਾਰ ਦੇਸ਼ ਦੇ ਸਭ ਤੋਂ ਵੱਡੇ ਅਤਿਵਾਦੀ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਜੋ ਕਿ ਦੇਸ਼ ਵਿਰੋਧੀ ਤਾਕਤਾਂ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਦੇਸ਼ ਵਿਰੋਧੀ ਏਜੰਸੀਆਂ ਦੇ ਇਸ਼ਾਰੇ 'ਤੇ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਹਰ 6 ਮਹੀਨੇ ਬਾਅਦ ਸੰਸਦ ਅਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਅਤਿਵਾਦੀ ਦੀ ਰਿਹਾਈ ਦੀ ਮੰਗ ਕਰਦੇ ਹਨ। ਉਸ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ 17 ਹੋਰ ਲੋਕਾਂ ਨੂੰ ਬੰਬ ਧਮਾਕੇ ਵਿਚ ਸ਼ਹੀਦ ਕੀਤਾ ਸੀ। ਉਹਨਾਂ ਕਿਹਾ ਕਿ ਸੁਖਬੀਰ ਬਾਦਲ ਦੱਸਣ ਕਿ ਇਸ ਪਿੱਛੇ ਉਹਨਾਂ ਦੀ ਕੀ ਮਜਬੂਰੀ ਹੈ।


Photo

ਉਹਨਾਂ ਨੇ ਪੀਐਮ ਮੋਦੀ ਨੂੰ ਲਿਖਿਆ, “ਮੈਨੂੰ ਡਰ ਹੈ ਕਿ ਇਹਨਾਂ ਲੀਡਰਾਂ ਦਾ ਅਸਲ ਇਰਾਦਾ ਕਿਸੇ ਤਰ੍ਹਾਂ ਅਸ਼ਾਂਤੀ ਪੈਦਾ ਕਰਕੇ ਮੈਨੂੰ, ਮੇਰੇ ਪਰਿਵਾਰ ਦੇ ਮੈਂਬਰਾਂ ਨੂੰ, ਆਪਣੇ ਹੋਰ ਸਿਆਸੀ ਵਿਰੋਧੀਆਂ ਨੂੰ ਅਤੇ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੂੰ ਨੁਕਸਾਨ ਪਹੁੰਚਾਉਣਾ ਹੈ। ਮੈਨੂੰ ਇਹ ਵੀ ਖਦਸ਼ਾ ਹੈ ਕਿ ਜੇਕਰ ਉਹ ਰਾਜੋਆਣਾ ਦੀ ਰਿਹਾਈ ਨੂੰ ਯਕੀਨੀ ਬਣਾਉਣ ਵਿਚ ਸਫਲ ਹੋ ਜਾਂਦੇ ਹਨ, ਤਾਂ ਇਸ ਨਾਲ ਪੰਜਾਬ ਦੀ ਅੰਦਰੂਨੀ ਸੁਰੱਖਿਆ ਸਥਿਤੀ ਨੂੰ ਗੰਭੀਰਤਾ ਨਾਲ ਖ਼ਤਰਾ ਪੈਦਾ ਹੋ ਸਕਦਾ ਹੈ। ਮੈਂ ਬਹੁਤ ਧੰਨਵਾਦੀ ਹੋਵਾਂਗਾ ਜੇਕਰ ਤੁਸੀਂ ਇਸ ਮਸਲੇ ਵਿਚ ਨਿੱਜੀ ਤੌਰ 'ਤੇ ਦਖਲ ਦਿਓਗੇ”।


Photo

ਦਰਅਸਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ। ਇਹ ਉਹ ਸਿੱਖ ਕੈਦੀ ਸਨ ਜਿਨ੍ਹਾਂ ਨੇ 20 ਸਾਲ ਤੋਂ ਵੱਧ ਸਮਾਂ ਜੇਲ੍ਹ ਕੱਟੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿਚ ਦਖਲ ਦੇ ਕੇ ਰਾਜੋਆਣਾ ਦੀ ਰਿਹਾਈ ਦੀ ਪ੍ਰਕਿਰਿਆ ਤੇਜ਼ ਕਰਨੀ ਚਾਹੀਦੀ ਹੈ।