'ਆਪ' ਦੀ ਸ਼ੱਕੀ ਸੋਚ ਕਾਰਨ ਕਾਂਗਰਸ ਨੂੰ SYL 'ਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਹੋਣ ਦੀ ਚਿੰਤਾ -ਰਾਜਾ ਵੜਿੰਗ 

ਏਜੰਸੀ

ਖ਼ਬਰਾਂ, ਪੰਜਾਬ

ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਦੁਸ਼ਮਣ ਸਾਡੇ ਬੂਹੇ 'ਤੇ ਖੜ੍ਹੇ ਹਨ, ਤੁਹਾਡੀਆਂ ਕੀ ਤਿਆਰੀਆਂ ਹਨ।  

Raja Warring, Arvind Kejriwal

 

ਚੰਡੀਗੜ੍ਹ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਖਦਸ਼ਾ ਪ੍ਰਗਟਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਦੋਗਲੀ ਸੋਚ ਕਾਰਨ ਪਾਣੀਆਂ ਨੂੰ ਲੈ ਕੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਹੋ ਸਕਦਾ ਹੈ, ਜੋ ਚੋਣਾਂ ਜਿੱਤਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਇਥੇ ਜਾਰੀ ਬਿਆਨ 'ਚ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਦੁਸ਼ਮਣ ਸਾਡੇ ਬੂਹੇ 'ਤੇ ਖੜ੍ਹੇ ਹਨ, ਤੁਹਾਡੀਆਂ ਕੀ ਤਿਆਰੀਆਂ ਹਨ।  

ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਸਾਰੀਆਂ ਧਿਰਾਂ ਨੂੰ ਭਰੋਸੇ ਵਿਚ ਲੈ ਕੇ ਐਸਵਾਈਐਲ ਦੇ ਮੁੱਦੇ 'ਤੇ ਸੁਪਰੀਮ ਕੋਰਟ ਵਿਚ ਅਦਾਲਤ ਦੇ ਹੁਕਮਾਂ ਦੀ ਨਾ ਫੁਰਮਾਨੀ ਦੀ ਪਟੀਸ਼ਨ ਦਾਇਰ ਕਰਨ ਦੀ ਹਰਿਆਣਾ ਦੀ ਯੋਜਨਾ ਦੇ ਮੱਦੇਨਜ਼ਰ ਕਾਨੂੰਨੀ ਅਤੇ ਪ੍ਰਸ਼ਾਸਨਿਕ ਰਣਨੀਤੀ ਤਿਆਰ ਕਰੇ।  ਜਿਸ 'ਤੇ ਉਨ੍ਹਾਂ ਮੁੱਖ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਕਾਰਵਾਈ ਕਰਨ ਦਾ ਸਮਾਂ ਹੈ, ਅਜਿਹਾ ਨਾ ਹੋਵੇ ਕਿ ਅਸੀਂ ਬਹੁਤ ਦੇਰੀ ਕਰ ਦੇਈਏ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਵਿਚ ਦੋ ਵੱਖ-ਵੱਖ ਅਤੇ ਚਿੰਤਾਜਨਕ ਮਾਮਲੇ ਸਾਹਮਣੇ ਆਏ ਹਨ।  ਇੱਕ ਪਾਸੇ ਜਿੱਥੇ ਹਰਿਆਣਾ ਸਰਕਾਰ ਐਸਵਾਈਐਲ ਦੀ ਉਸਾਰੀ ਦੇ ਮੁੱਦੇ ਉੱਤੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੀ ਯੋਜਨਾ ਬਣਾ ਰਹੀ ਹੈ, ਉਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ 2025 ਤੱਕ ਐਸਵਾਈਐਲ ਦਾ ਪਾਣੀ ਹਰ ਖੇਤ ਤੱਕ ਪਹੁੰਚੇਗਾ।

ਇਸ ਸਬੰਧੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਹਰਿਆਣਾ ਇੰਚਾਰਜ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਦੇ ਉਸ ਬਿਆਨ ਦਾ ਹਵਾਲਾ ਦਿੱਤਾ ਹੈ, ਜਿਸ ਵਿਚ ਉਨ੍ਹਾਂ ਕਿਹਾ ਹੈ ਕਿ 2025 ਤੱਕ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਜੋ ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿਚ 'ਆਪ' ਸਰਕਾਰ ਦੇ ਸਹਿਯੋਗ ਨਾਲ ਐਸ.ਵਾਈ.ਐਲ ਨੂੰ ਬਣਾਇਆ ਜਾਵੇ ਅਤੇ ਇਸ ਦਾ ਪਾਣੀ ਹਰ ਖੇਤ ਤੱਕ ਪਹੁੰਚਾਇਆ ਜਾਵੇ।
ਜਿਸ 'ਤੇ ਵੜਿੰਗ ਨੇ ਕਿਹਾ ਕਿ ਸਾਡੇ ਕੋਲ ਚਿੰਤਾ ਦੇ ਗੰਭੀਰ ਕਾਰਨ ਹਨ ਕਿ ਹਰਿਆਣਾ ਸੁਪਰੀਮ ਕੋਰਟ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ 2025 ਤੱਕ

ਐਸਵਾਈਐਲ ਬਣਾਉਣ ਦਾ ਵਾਅਦਾ ਕਰ ਰਹੀ ਹੈ।  ਅਜਿਹੇ 'ਚ ਖਦਸ਼ਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਹਾਲਾਤਾਂ ਨਾਲ ਸਮਝੌਤਾ ਕਰ ਸਕਦੀ ਹੈ ਅਤੇ ਸੁਪਰੀਮ ਕੋਰਟ 'ਚ ਇਹ ਕੇਸ ਮਜ਼ਬੂਤੀ ਨਾਲ ਨਹੀਂ ਲੜ ਸਕਦੀ। ਜਿਸ 'ਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਸੁਸ਼ੀਲ ਗੁਪਤਾ ਦੇ ਬਿਆਨ 'ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।