ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਣਾ ਕੇ.ਪੀ. ਸਿੰਘ ਵਲੋਂ 13 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ

File

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸਾਲ 2020-21 ਲਈ ਸਦਨ ਦੀਆਂ 13 ਵੱਖ-ਵੱਖ ਕਮੇਟੀਆਂ ਲਈ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ।

ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ। ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦਸਿਆ ਕਿ ਲੋਕ ਲੇਖਾ ਕਮੇਟੀ ਦਾ ਚੇਅਰਮੈਨ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਣਾਇਆ ਗਿਆ ਹੈ

ਜਦਕਿ ਸਰਕਾਰੀ ਕਾਰੋਬਾਰ ਕਮੇਟੀ ਦੇ ਚੇਅਰਮੈਨ ਕੁਲਜੀਤ ਸਿੰਘ ਨਾਗਰਾ ਹੋਣਗੇ। ਇਸੇ ਤਰ੍ਹਾਂ ਹਰਦਿਆਲ ਸਿੰਘ ਕੰਬੋਜ਼ ਨੂੰ ਅਨੁਮਾਨ ਕਮੇਟੀ ਅਤੇ ਨੱਥੂ ਰਾਮ ਨੂੰ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ (ਅਹੁਦੇ ਦੇ ਆਧਾਰ 'ਤੇ) ਹਾਊਸ ਕਮੇਟੀ ਦੇ ਚੇਅਰਮੈਨ ਹੋਣਗੇ ਜਦਕਿ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।

 ਇੰਦਰਬੀਰ ਸਿੰਘ ਬੁਲਾਰੀਆ ਨੂੰ ਸਰਕਾਰੀ ਭਰੋਸਿਆਂ ਸਬੰਧੀ ਕਮੇਟੀ,  ਤਰਸੇਮ ਸਿੰਘ ਡੀ.ਸੀ. ਨੂੰ ਅਧੀਨ ਵਿਧਾਨ ਕਮੇਟੀ, ਗੁਰਕੀਰਤ ਸਿੰਘ ਕੋਟਲੀ ਨੂੰ ਪਟੀਸ਼ਨ ਕਮੇਟੀ, ਗੁਰਪ੍ਰਤਾਪ ਸਿੰਘ ਵਡਾਲਾ ਨੂੰ ਮੇਜ਼ 'ਤੇ ਰੱਖੇ ਗਏ

ਰੱਖੇ ਜਾਣ ਵਾਲੇ ਕਾਗਜ਼-ਪੱਤਰਾਂ ਸਬੰਧੀ ਕਮੇਟੀ, ਸੁਰਿੰਦਰ ਕੁਮਾਰ ਡਾਵਰ ਨੂੰ ਲਾਇਬ੍ਰੇਰੀ ਕਮੇਟੀ, ਪਰਮਿੰਦਰ ਸਿੰਘ ਪਿੰਕੀ ਨੂੰ ਕੁਐਸਚਨਜ਼ ਅਤੇ ਰੈਫਰੈਂਸਿਜ਼ ਕਮੇਟੀ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।