ਪਾਣੀਆਂ ਦੇ ਗੰਭੀਰ ਸੰਕਟ ਵਿਚ ਫਸਿਆ ਹੋਇਆ ਹੈ ਪੰਜਾਬ : ਸੰਤ ਬਲਬੀਰ ਸਿੰਘ ਸੀਚੇਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਜੋ ਕੋਈ ਵੀ ਮਾਹੌਲ ਖ਼ਰਾਬ ਕਰ ਰਿਹਾ ਹੈ ਉਹ ਦੇਸ਼ ਦਾ ਦੁਸ਼ਮਣ ਹੈ

MP Balbir Singh Seechewal

ਨਵੀਂ ਦਿੱਲੀ : ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ 71 ਵੇਂ ਜਨਮ ਦਿਨ ਦੀ ਮੁਬਾਰਕਬਾਦ ਦਿਤੀ। 

ਇਸ ਮੌਕੇ ਸੰਤ ਸੀਚੇਵਾਲ ਨੇ ਉਪ-ਰਾਸਟਰਪਤੀ ਜਗਦੀਪ ਧਨਖੜ ਨੂੰ ਸੁਲਤਾਨਪੁਰ ਲੋਧੀ ਆਉਣ ਦੀ ਬੇਨਤੀ ਕੀਤੀ ਅਤੇ ਸੰਗਤ ਦੇ ਸਹਿਯੋਗ ਨਾਲ ਸਾਫ ਕੀਤੀ, ਬਾਬੇ ਨਾਨਕ ਦੀ ਵੇਈਂ ਦੀ ਖੂਬਸੂਰਤ ਤਸਵੀਰ ਭੇਟ ਕੀਤੀ। ਇਸ ਸੰਖੇਪ ਮੁਲਾਕਾਤ ਦੌਰਾਨ ਦੇਸ਼ ਤੇ ਦੁਨੀਆਂ ਦੇ ਵਿਗੜ ਰਹੇ ਵਾਤਾਵਰਨ ਬਾਰੇ ਵੀ ਗੱਲਬਾਤ ਕੀਤੀ। 

ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦਸਿਆ ਕਿ ਉਪ ਰਾਸ਼ਟਰਪਤੀ ਨੇ ਉਨ੍ਹਾਂ ਵਲੋਂ ਦਿਤੇ ਸੱਦੇ ਬਾਰੇ ਹਾਂਪੱਖੀ ਹੁੰਗਾਰਾ ਭਰਿਆ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਇਸ ਸਮੇਂ ਪੰਜਾਬ ਪਾਣੀਆਂ ਦੇ ਗੰਭੀਰ ਸੰਕਟ ਵਿਚ ਫਸਿਆ ਹੋਇਆ ਹੈ। ਸਾਡੀਆਂ ਨਦੀਆਂ ਅਤੇ ਦਰਿਆ ਬੁਰੀ ਤਰ੍ਹਾਂ ਨਾਲ ਦੂਸ਼ਿਤ ਹੋ ਚੁੱਕੇ ਹਨ। ਧਰਤੀ ਹੇਠਲਾ ਪਾਣੀ ਗੰਧਲਾ ਵੀ ਹੋ ਰਿਹਾ ਹੈ ਤੇ ਤੇਜ਼ੀ ਨਾਲ ਮੁੱਕ ਵੀ ਰਿਹਾ ਹੈ।

ਇਹ ਵੀ ਪੜ੍ਹੋ: ਛੋਟੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵੱਡੇ ਭਰਾ ਦਾ ਕਤਲ 

ਜਲੰਧਰ ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ 'ਤੇ ਉਨ੍ਹਾਂ ਕਿਹਾ ਕਿ ਇਸ ਸੀਟ 'ਤੇ ਲੰਬੇ ਸਮੇਂ ਤੋਂ ਕਾਂਗਰਸ ਦਾ ਕਬਜ਼ਾ ਸੀ, ਪਰ ਲੋਕ ਸਭਾ 'ਚ ਆਮ ਆਦਮੀ ਪਾਰਟੀ ਨੂੰ ਜਿਤਾਉਣ ਵਾਲੇ ਲੋਕਾਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ 'ਤੇ ਮੋਹਰ ਲਗਾ ਦਿਤੀ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕ ਸਭਾ ਸੀਟ 'ਤੇ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਤੋਂ ਲੋਕਾਂ ਨੂੰ ਇਹ ਸੰਦੇਸ਼ ਗਿਆ ਹੈ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੰਤੁਸ਼ਟ ਹਨ ਅਤੇ ਲੋਕਾਂ ਨੂੰ ਇਸ ਤੋਂ ਉਮੀਦਾਂ ਹਨ। ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਹਨ। ਉਨ੍ਹਾਂ ਕਿਹਾ ਕਿ 'ਆਪ' ਵਲੋਂ ਕੀਤੇ ਕੰਮਾਂ ਕਾਰਨ ਲੋਕਾਂ ਦਾ ਵਿਸ਼ਵਾਸ ਵਧਿਆ ਹੈ।

ਲੁਧਿਆਣਾ 'ਚ ਗੈਸ ਲੀਕ ਹੋਣ ਕਾਰਨ ਹੋਈਆਂ ਮੌਤਾਂ 'ਤੇ ਕਿਹਾ ਕਿ ਚਿੰਤਾ ਦੀ ਗੱਲ ਹੈ। ਅਜਿਹੀਆਂ ਘਟਨਾਵਾਂ  ਨਾ ਵਾਪਰਨ, ਇਸ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਢੁਕਵੇਂ ਹੱਲ ਕੱਢਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਾਣ ਜੋ ਵੀ ਅਜਿਹੀ ਗ਼ਲਤੀ ਕਰਦਾ ਹੈ ਤਾਂ ਉਸ 'ਤੇ ਕਾਰਵਾਈ ਹੋਣੀ ਚਾਹੀਦੀ ਹੈ। ਸੰਸਦ ਮੈਂਬਰ ਨੇ ਕਿਹਾ ਕਿ ਜੋ ਕੋਈ ਵੀ ਮਾਹੌਲ ਖ਼ਰਾਬ ਕਰ ਰਿਹਾ ਹੈ ਉਹ ਦੇਸ਼ ਦਾ ਦੁਸ਼ਮਣ ਹੈ।