ਸ਼੍ਰੋਮਣੀ ਅਕਾਲੀ ਦਾ ਵਫ਼ਦ ਸਿੱਖ ਮੁੱਦਿਆਂ 'ਤੇ ਗ੍ਰਹਿ ਮੰਤਰੀ ਨੂੰ ਮਿਲੇਗਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲੇਗਾ ਅਤੇ ਭਾਰਤ ਸਰਕਾਰ....

Sukhbir Singh Badal

ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲੇਗਾ ਅਤੇ ਭਾਰਤ ਸਰਕਾਰ ਨੂੰ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਬਾਕੀ ਗੁਰਦੁਆਰਿਆਂ ਉੱਤੇ ਕੀਤੇ ਫੌਜੀ ਹਮਲੇ ਨਾਲ ਸੰਬੰਧਿਤ ਗੁਪਤ ਦਸਤਾਵੇਜ਼ਾਂ ਨੂੰ ਜਾਰੀ ਕਰਨ ਲਈ ਆਖੇਗਾ। ਇਸ ਦੇ ਨਾਲ ਹੀ ਬਰਤਾਨੀਆ ਦੀ ਇਸ ਹਮਲੇ ਵਿਚ ਭੂਮਿਕਾ ਨਾਲ ਜੁੜੇ ਦਸਤਾਵੇਜ਼ਾਂ ਨੂੰ ਵੀ ਬਰਤਾਨੀਆ ਸਰਕਾਰ ਤੋਂ ਹਾਸਿਲ ਕਰਨ ਲਈ ਆਖੇਗਾ। 

ਇਹ ਵਫ਼ਦ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਦੀ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਰੁਲ ਰਹੇ ਸਿੱਖ ਕੈਦੀਆਂ ਦੀ ਭਾਰਤ ਸਰਕਾਰ ਤੋਂ ਰਿਹਾਈ ਦੀ ਮੰਗ ਕਰੇਗਾ। ਇਸ ਤੋਂ ਇਲਾਵਾ ਜੋਧਪੁਰ ਨਜ਼ਰਬੰਦਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਨੂੰ ਵੀ ਤੁਰੰਤ ਜਾਰੀ ਕਰਨ ਲਈ ਆਖੇਗਾ। ਇਸ ਬਾਰੇ ਫ਼ੈਸਲਾ ਕਲ ਸ਼ਾਮੀਂ ਇਥੇ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।

ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਪਾਰਟੀ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਵੀ ਹਾਜ਼ਰ ਸਨ। Àਨ੍ਹਾਂਂ ਤੋਂ ਇਲਾਵਾ ਇਸ ਮੀਟਿੰਗ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸਰਦਾਰ ਸੁਖਦੇਵ ਸਿੰਘ ਢੀਂਡਸਾ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਬਿਕਰਮ ਸਿੰਘ ਮਜੀਠੀਆ, ਡਾਕਟਰ ਦਲਜੀਤ ਸਿੰਘ ਚੀਮਾ, ਪ੍ਰੋਫੈਸਰ ਪ੍ਰੇਮ ਸਿੰਾਂ ਚੰਦੂਮਾਜਰਾ, ਸਰਦਾਰ ਸਿਕੰਦਰ ਸਿੰਘ ਮਲੂਕਾ ਅਤੇ ਸਰਦਾਰ ਸ਼ਰਨਜੀਤ ਸਿੰਘ ਢਿੱਲੋਂ ਵੀ ਸ਼ਾਮਿਲ ਸਨ।

ਕੋਰ ਕਮੇਟੀ ਦੀ ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਹਰਚਰਨ ਬੈਂਸ ਨੇ ਦੱਸਿਆ ਕਿ ਇਹ ਵਫ਼ਦ ਭਾਰਤ ਸਰਕਾਰ ਕੋਲ ਫਸਲਾਂ ਦੀਆਂ ਕੀਮਤਾਂ ਬਾਰੇ ਸਵਾਮੀਨਾਥਨ ਰਿਪੋਰਟ  ਨੂੰ ਲਾਗੂ ਕਰਨ ਦੀ ਅਪੀਲ ਕਰੇਗਾ ਤਾਂ ਕਿ ਕਿਸਾਨਾਂ ਨੂੰ ਫਸਲਾਂ ਦੀ ਲਾਗਤ ਉੱਤੇ ਘੱਟੋਂ ਘੱਟ 50 ਫੀਸਦੀ ਮੁਨਾਫਾ ਮਿਲ ਸਕੇ। ਇੱਕ ਹੋਰ ਫੈਸਲੇ ਰਾਹੀਂ ਕੋਰ ਕਮੇਟੀ ਨੇ ਭਾਰਤ ਸਰਕਾਰ ਉੱਤੇ ਪਟਰੌਲ ਅਤੇ ਡੀਜ਼ਲ ਨੂੰ ਜੀਐਸਟੀ ਥੱਲੇ ਲਿਆਉਣ ਵਾਸਤੇ ਜ਼ੋਰ ਪਾਉਣ ਦਾ ਫੈਸਲਾ ਕੀਤਾ ਹੈ ਤਾਂ ਕਿ ਇਹਨਾਂ ਵਸਤਾਂ ਦੀ ਅਸਮਾਨੀ ਚੜ੍ਹੀਆਂ ਕੀਮਤਾਂ ਕਰਕੇ ਆਮ ਆਦਮੀ ਉੱਤੇ ਪਏ ਬੋਝ ਨੂੰ ਘਟਾਇਆ ਜਾਵੇ।  

ਇਸ ਲਈ ਵਫ਼ਦ ਵੱਲੋਂ ਇਸ ਮੁੱਦੇ ਉੱਤੇ ਤੁਰੰਤ ਫੈਸਲਾ ਲੈਣ ਦੀ ਮੰਗ ਕੀਤੀ ਜਾਵੇਗੀ ਤਾਂ ਕਿ ਆਮ ਆਦਮੀ ਨੂੰ ਰਾਹਤ ਮਿਲੇ।ਬੈਂਸ ਨੇ ਕਿਹਾ ਕਿ ਵਫ਼ਦ ਵੱਲੋਂ ਇਤਿਹਾਸਕ ਗੁਰਦੁਆਰਾ ਡਾਂਗ ਮਾਰ ਸਾਹਿਬ ਦਾ ਮੁੱਦਾ ਸੁਲਝਾਉਣ ਵਾਸਤੇ ਵੀ ਕੇਂਦਰੀ ਗ੍ਰਹਿ ਮੰਤਰੀ ਤੋਂ ਦਖ਼ਲ ਦੇਣ ਦੀ ਮੰਗ ਕੀਤੀ ਜਾਵੇਗੀ। ਇਸੇ ਤਰ੍ਹਾਂ ਵਫ਼ਦ ਸ਼ਿਲਾਂਗ ਵਿਚ ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਕੇਂਦਰੀ ਗ੍ਰਹਿ ਮੰਤਰੀ ਦੀ ਦਖ਼ਲ ਦੇਣ ਦੀ ਅਪੀਲ ਕਰੇਗਾ।