ਸ਼ਹੀਦ ਗੁਰਬਿੰਦਰ ਸਿੰਘ ਦਾ ਪੂਰੇ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਹੀਦਾਂ ਦੇ ਨਾਂ 'ਤੇ ਪਿੰਡ ਦੇ ਸਕੂਲ ਦਾ ਨਾਮ ਰਖਿਆ ਜਾਵੇ : ਵਿਜੈ ਇੰਦਰ ਸਿੰਗਲਾ

1

ਸੰਗਰੂਰ, 19 ਜੂਨ (ਬਲਵਿੰਦਰ ਸਿੰਘ ਭੁੱਲਰ) :ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ 'ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਮੁੱਠਭੇੜ 'ਚ ਹੋਰ ਭਾਰਤੀ ਫ਼ੌਜੀਆਂ ਸਮੇਤ ਸ਼ਹਾਦਤ ਦਾ ਜਾਮ ਪੀਣ ਵਾਲੇ ਜਾਂਬਾਜ਼ ਸਿਪਾਹੀ ਗੁਰਬਿੰਦਰ ਸਿੰਘ ਦੀ ਮ੍ਰਿਤਕ ਦੇਹ ਜਿਵੇਂ ਹੀ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਤੋਲਾਵਾਲ ਵਿਖੇ ਪੁੱਜੀ ਤਾਂ ਸਾਰਾ ਮਾਹੌਲ ਗ਼ਮਗੀਨ ਹੋ ਗਿਆ। ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਮ ਸਸਕਾਰ ਪੂਰੀਆਂ ਧਾਰਮਕ ਰਹੁ ਰੀਤਾਂ ਮੁਤਾਬਕ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਦੇਸ਼ ਭਗਤੀ ਦੇ ਰੰਗ ਵਿਚ ਰੰਗੇ ਪਿੰਡ ਤੋਲਾਵਾਲ ਦੇ ਸ਼ਮਸ਼ਾਨਘਾਟ ਵਿਖੇ ਮਾਹੌਲ ਉਸ ਵੇਲੇ ਭਾਵੁਕਤਾ ਨਾਲ ਭਰ ਗਿਆ ਜਦੋਂ ਭਾਰਤੀ ਫ਼ੌਜ ਦੇ ਇਸ ਸ਼ਹੀਦ ਦੀ ਚਿਖਾ ਨੂੰ ਉਨ੍ਹਾਂ ਦੇ ਪਿਤਾ ਸ. ਲਾਭ ਸਿੰਘ ਵਲੋਂ ਅਗਨੀ ਦਿਖਾਈ ਗਈ।

ਹਰ ਅੱਖ ਨਮ ਸੀ ਅਤੇ ਦੇਸ਼ ਦੇ ਇਸ ਯੋਧੇ ਨੂੰ ਅੰਤਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਪੁੱਜੇ ਹੋਏ ਸਨ। ਸ਼ਹੀਦ ਗੁਰਬਿੰਦਰ ਸਿੰਘ ਦੇ ਅੰਤਮ ਸਸਕਾਰ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰ ਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰ ਕੇ ਸ਼ਹੀਦ ਨੂੰ ਸਲਾਮੀ ਦਿਤੀ। ਇਸ ਤੋਂ ਪਹਿਲਾਂ ਸ਼ਹੀਦ ਦੀ ਮ੍ਰਿਤਕ ਦੇਹ 'ਤੇ ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ ਸਿੰਘ ਬਦਨੌਰ ਦੀ ਤਰਫੋ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਐਮ.ਪੀ ਸ਼੍ਰੀ ਅਵਿਨਾਸ਼ ਰਾਏ ਖੰਨਾ, ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਤੇ ਸ਼੍ਰੀ ਹਰਮਨ ਦੇਵ ਬਾਜਵਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਰਜਿੰਦਰ ਸਿੰਘ ਰਾਜਾ, ਐਸ.ਐਸ.ਪੀ ਡਾ. ਸੰਦੀਪ ਗਰਗ ਸਮੇਤ ਹੋਰਾਂ ਨੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਇਸ ਤੋਂ ਇਲਾਵਾ ਭਾਰਤੀ ਸੈਨਾ ਤੇ ਪ੍ਰਸਾਸ਼ਨ ਦੇ ਵੱਖ ਵੱਖ ਅਧਿਕਾਰੀਆਂ ਨੇ ਵੀ ਰੀਥ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਸ਼ਹੀਦ ਦੇ ਪਰਵਾਰ ਦੇ ਨਾਲ ਖੜੀ ਹੈ।