ਖੇਡ ਮੰਤਰੀ ਰਾਣਾ ਸੋਢੀ ਨੇ ਨਵ-ਨਿਯੁਕਤ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈਜ਼. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵੇਂ ਭਰਤੀ ਹੋਏ 6
ਚੰਡੀਗੜ੍ਹ, 18 ਜੂਨ : ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈਜ਼. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵੇਂ ਭਰਤੀ ਹੋਏ 6 ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਅੱਜ ਇਥੇ ਨਿਯੁਕਤੀ ਪੱਤਰ ਸੌਂਪੇ। ਅਪਣੀ ਰਿਹਾਇਸ਼ ਵਿਖੇ ਕਰਵਾਏ ਗਏ ਸੰਖੇਪ ਪ੍ਰੋਗਰਾਮ ਦੌਰਾਨ ਰਾਣਾ ਸੋਢੀ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ. ਰਾਹੀਂ ਚੁਣ ਕੇ ਆਏ ਇਨ੍ਹਾਂ ਨਵ ਨਿਯੁਕਤ ਉਮੀਦਵਾਰਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਅਪਣੀ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਉਹ ਸਮਰਪਣ ਭਾਵਨਾ ਨਾਲ ਕੰਮ ਕਰ ਕੇ ਜਿੱਥੇ ਖ਼ੁਦ ਤਰੱਕੀ ਦੀਆਂ ਬੁਲੰਦੀਆਂ ਛੂਹ ਸਕਦੇ ਹਨ, ਉਥੇ ਨੌਜਵਾਨਾਂ ਨੂੰ ਸਹੀ ਸੇਧ ਦੇ ਕੇ ਖੇਡਾਂ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰ ਸਕਦੇ ਹਨ। ਰਾਣਾ ਸੋਢੀ ਨੇ ਕਿਹਾ ਕਿ ਖੇਡਾਂ ਜ਼ਰੀਏ ਉਹ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਅ ਕੇ ਸਮਾਜ ਪ੍ਰਤੀ ਅਪਣੀ ਜ਼ਿੰਮੇਵਾਰੀ ਵੀ ਸਹੀ ਢੰਗ ਨਾਲ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਅਫ਼ਸਰਾਂ ਦੀ ਮੁਹਾਰਤ ਦਾ ਲਾਹਾ ਲੈ ਕੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਨਵ ਨਿਯੁਕਤ ਖੇਡ ਅਫ਼ਸਰਾਂ ਨੂੰ ਵਿਭਾਗ ਵਿਚ ਸ਼ਾਮਲ ਹੋਣ ਉਤੇ ਮੁਬਾਰਕਬਾਦ ਦਿਤੀ ਅਤੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿਤੀਆਂ।
ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ 'ਚ ਰੁਪੇਸ਼ ਕੁਮਾਰ, ਪਰਵਿੰਦਰ ਸਿੰਘ, ਰਣਬੀਰ ਸਿੰਘ ਭੰਗੂ, ਸੁਖਚੈਨ ਸਿੰਘ, ਸ਼ਾਸਵਤ ਰਾਜਦਾਨ ਅਤੇ ਗੁਰਦੀਪ ਕੌਰ ਸ਼ਾਮਲ ਹਨ। ਇਸ ਮੌਕੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਕੱਤਰ ਹੁਸਨ ਲਾਲ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਅਤੇ ਡਿਪਟੀ ਡਾਇਰੈਕਟਰ ਕਰਤਾਰ ਸਿੰਘ ਹਾਜ਼ਰ ਸਨ।