ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਨੂੰ ਦਿਤੀ ਹਰੀ ਝੰਡੀ
ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਨੂੰ ਦਿਤੀ ਹਰੀ ਝੰਡੀ
ਪਹਿਲੀ ਜੁਲਾਈ 2021 ਤੋਂ ਲਾਗੂ ਹੋਣਗੀਆਂ ਸਿਫ਼ਾਰਸ਼ਾਂ, ਮੁਲਾਜ਼ਮਾਂ ਦੀ ਘੱਟੋ-ਘੱਟ ਤਨਖ਼ਾਹ 6950 ਰੁਪਏ ਤੋਂ ਵਧਾ ਕੇ 18000 ਰੁਪਏ ਪ੍ਰਤੀ ਮਹੀਨਾ ਤਕ ਹੋ ਜਾਵੇਗੀ
ਚੰਡੀਗੜ੍ਹ, 18 ਜੂਨ (ਭੁੱਲਰ): ਪੰਜਾਬ ਕੈਬਨਿਟ ਦੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਬੈਠਕ ਵਿਚ ਕਈ ਅਹਿਮ ਫ਼ੈਸਲੇ ਕੀਤੇ ਗਏ ਹਨ | ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦਿਆਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਨੂੰ ਹਰੀ ਝੰਡੀ ਦੇ ਦਿਤੀ ਗਈ ਹੈ | ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦੇ ਪ੍ਰਸਤਾਵ ਤੋਂ ਇਲਾਵਾ ਪੋਸਟ ਮੈਟਿ੍ਕ ਸਕਾਲਰਸ਼ਿਪ ਯੋਜਨਾ ਲਈ ਸੂਬਾ ਸਰਕਾਰ ਨੇ ਅਪਣੇ ਹਿੱਸੇ ਦੀ 40 ਫ਼ੀ ਸਦੀ ਰਾਸ਼ੀ ਜਾਰੀ ਕਰਨ ਦਾ ਫ਼ੈਸਲਾ ਵੀ ਕਰ ਦਿਤਾ ਹੈ | ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਪ੍ਰਵਾਨ ਕਰਨ ਸਬੰਧੀ ਕੀਤੇ ਗਏ ਫ਼ੈਸਲਿਆਂ ਅਨੁਸਾਰ ਇਨ੍ਹਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕਰਨ ਅਤੇ ਪਹਿਲੀ ਜਨਵਰੀ 2016 ਤੋਂ ਅਮਲ ਵਿਚ ਲਿਆਉਣ ਦਾ ਵੀ ਫ਼ੈਸਲਾ ਕੀਤਾ |
ਇਸ ਨਾਲ ਸੂਬੇ ਦੇ 5.4 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ ਮੁਕਤ ਕਰਮਚਾਰੀਆਂ (ਪੈਨਸ਼ਨਰਾਂ) ਨੂੰ ਵੱਡਾ ਲਾਭ ਪੁੱਜੇਗਾ | ਇਸ ਫ਼ੈਸਲੇ ਦੇ ਨਤੀਜੇ ਵਜੋਂ ਸਰਕਾਰੀ ਕਰਮਚਾਰੀਆਂ ਦੀ ਘੱਟੋ-ਘੱਟ ਤਨਖ਼ਾਹ 6950 ਰੁਪਏ ਪ੍ਰਤੀ ਮਹੀਨਾ ਤੋਂ ਵਧ ਕੇ 18000 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ | ਤਨਖ਼ਾਹਾਂ ਤੇ ਪੈਨਸ਼ਨਾਂ ਪਿਛਲੇ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਮੁਕਾਬਲੇ ਇਸ ਵਾਰ 2.59 ਗੁਣਾਂ ਵਧ ਜਾਣਗੀਆਂ ਅਤੇ ਸਾਲਾਨਾ ਇੰਕਰੀਮੈਂਟ 3 ਫ਼ੀ ਸਦੀ
ਮਿਲੇਗਾ ਜਿਸ ਨਾਲ ਸਾਰੇ ਮੌਜੂਦਾ ਮੁਲਾਜ਼ਮਾਂ ਦੇ ਤਨਖ਼ਾਹ ਸਕੇਲ ਗੁਆਂਢੀ ਸੂਬੇ ਹਰਿਆਣਾ ਤੋਂ ਵੱਧ ਹੋ ਜਾਣਗੇ |
ਕੈਬਨਿਟ ਮੀਟਿੰਗ, ਜਿਸ ਵਿਚ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਮਨਜ਼ੂਰੀ ਦਿਤੀ ਗਈ, ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦਸਿਆ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੇ ਲਾਗੂ ਹੋਣ ਨਾਲ ਸੋਧੇ ਹੋਏ ਢਾਂਚੇ ਮੁਤਾਬਕ ਘੱਟੋ-ਘੱਟ ਪੈਨਸ਼ਨ 3500 ਰੁਪਏ ਪ੍ਰਤੀ ਮਹੀਨਾ ਤੋਂ ਵਧ ਕੇ 9000 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ ਅਤੇ ਘੱਟੋ-ਘੱਟ ਫ਼ੈਮਲੀ ਪੈਨਸ਼ਨ ਵਧ ਕੇ 9000 ਰੁਪਏ ਪ੍ਰਤੀ ਮਹੀਨਾ ਹੋ ਜਾਵੇਗੀ | ਸਰਕਾਰੀ ਬੁਲਾਰੇ ਨੇ ਕਿਹਾ ਕਿ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਲਾਗੂ ਹੋਣ ਨਾਲ ਸੂਬੇ ਦੇ ਖ਼ਜ਼ਾਨੇ ਉਤੇ ਸਾਲਾਨਾ 8637 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ |