ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਲੀਡਰਸ਼ਿਪ 21 ਜੂਨ ਨੂੰ ਦਰਬਾਰ ਸਾਹਿਬ ਵਿਖੇ ਹੋਵੇਗੀ ਨਤਮਸਤਕ

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਲੀਡਰਸ਼ਿਪ 21 ਜੂਨ ਨੂੰ ਦਰਬਾਰ ਸਾਹਿਬ ਵਿਖੇ ਹੋਵੇਗੀ ਨਤਮਸਤਕ

image

ਚੰਡੀਗੜ੍ਹ, 18 ਜੂਨ (ਸੁਰਜੀਤ ਸਿੰਘ ਸੱਤੀ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਮੀਟਿੰਗ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਧਾਰਿਆ ਗਿਆ। ਇਸ ਉਪਰੰਤ ਸਮੂਹ ਆਗੂਆਂ ਨੇ ਕਿਸਾਨ ਅੰਦੋਲਨ ਦੀ ਕਾਮਯਾਬੀ ਲਈ ਅਰਦਾਸ ਕੀਤੀ ਅਤੇ ਕੇਂਦਰ ਸਰਕਾਰ ਨੂੰ ਸ਼ਹੀਦ ਕਿਸਾਨਾਂ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ। 
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ 21 ਜੂਨ ਨੂੰ ਪਾਰਟੀ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਦੁਪਹਿਰ ਇਕ ਵਜੇ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਅਰਦਾਸ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਮੂਹ ਆਗੂਆਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਡਟ ਕੇ ਕਾਰਜਸ਼ੀਲ ਹੋਣ ਲਈ ਪ੍ਰੇਰਆ ਅਤੇ ਬੂਥ ਪੱਧਰ ਤਕ ਵਰਕਰਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਢੀਂਡਸਾ ਨੇ ਕਿਹਾ ਪੰਜਾਬ ਦੇ ਲੋਕਾਂ ਲਈ ਇਕ ਮਜ਼ਬੂਤ ਚੌਥਾ ਬਦਲ ਤਿਆਰ ਕਰ ਕੇ ਦਿਤਾ ਜਾਵੇਗਾ ਤਾਂ ਜੋ ਭਾਜਪਾ, ਕਾਂਗਰਸ ਅਤੇ ਬਾਦਲ ਦਲ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਬਿਹਤਰੀ ਲਈ ਮਜ਼ਬੂਤ ਚੌਥੇ ਫ਼ਰੰਟ ਦੀ ਲੋੜ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਨੇ ਕਿਹਾ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਨਾ ਤਾਂ ਵਿਕਾਸ ਹੀ ਕੀਤਾ ਅਤੇ ਨਾ ਹੀ ਚੋਣਾਂ ਵੇਲੇ ਕੀਤੇ ਹੋਏ ਵਾਅਦੇ ਪੂਰੇ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਮਾਫ਼ੀਆ ਰਾਜ ਦਾ ਬੋਲਬਾਲਾ ਹੈ।