Punjab News ; ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News ; ਇਨ੍ਹਾਂ ਤਰੱਕੀਆਂ ਨਾਲ ਡੀ.ਈ.ਓ. ਦਫ਼ਤਰਾਂ ਅਤੇ ਡੀ.ਆਈ.ਈ.ਟੀਜ਼. ਵਿੱਚ ਸੀਨੀਅਰ ਸਹਾਇਕਾਂ ਦੀਆਂ ਸਾਰੀਆਂ ਖਾਲ੍ਹੀ ਪੋਸਟਾਂ ਭਰ ਜਾਣਗੀਆਂ: ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Punjab News in Punjabi : ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕਰੇਗਾ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਤਰੱਕੀਆਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਡੀਈਓ) ਦੇ ਦਫ਼ਤਰਾਂ ਅਤੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਵਾਂ (ਡੀਆਈਈਟੀਜ਼) ਵਿੱਚ ਸੀਨੀਅਰ ਸਹਾਇਕਾਂ ਦੀਆਂ ਸਾਰੀਆਂ ਖਾਲੀ ਪਈਆਂ ਪੋਸਟਾਂ ਭਰ ਜਾਣਗੀਆਂ, ਜੋ ਬਿਹਤਰ ਸ਼ਾਸਨ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹੈ।

ਪਦਉੱਨਤ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਇਸ ਮੌਕੇ ਦਾ ਲਾਭ ਉਠਾਉਂਦਿਆਂ ਆਪਣੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਤਰੱਕੀਆਂ ਸਟਾਫ਼ ਨੂੰ ਹੋਰ ਵੀ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਨਗੀਆਂ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਤਰੱਕੀ ਦੇਣਾ ਅਤੇ ਖਾਲ੍ਹੀ ਪਈਆਂ ਅਸਾਮੀਆਂ ਨੂੰ ਭਰਨਾ ਸਕੂਲ ਸਿੱਖਿਆ ਵਿਭਾਗ ਦੀ ਕਾਰਜ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਨੂੰ ਵਧਾਉਣ ਸਬੰਧੀ ਸਮਰਪਿਤ ਭਾਵਨਾ ਨੂੰ ਦਰਸਾਉਂਦਾ ਹੈ।

(For more news apart from Punjab School Education Department promotes 126 clerks as Senior Assistants News in Punjabi, stay tuned to Rozana Spokesman)