ਕਾਂਗਰਸ, ਅਕਾਲੀ ਦਲ ਅਤੇ ਦੂਜੀਆਂ ਪਾਰਟੀਆਂ ਦੇ ਮੈਂਬਰਾਂ ਵੱਲੋਂ ਲੋਕ ਸਭਾ ਵਿਚ ਕੰਮ ਰੋਕੂ ਮਤਾ ਪੇਸ਼
ਇਸ ਮਤੇ ’ਤੇ ਡੀਐੱਮਕੇ (ਟੀਆਰ ਬਾਲੂ), ਬਸਪਾ, ਸੀਪੀਐੱਮ ਤੇ ਆਰਐੱਲਪੀ (ਹਨੂੰਮਾਨ ਬੈਨੀਵਾਲ) ਦੇ ਆਗੂਆਂ ਦੇ ਹਸਤਾਖਰ ਸਨ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 8 ਮਹੀਨਿਆਂ ਤੋਂ ਜਾਰੀ ਕਿਸਾਨੀ ਸੰਘਰਸ਼ ਦੀ ਗੂੰਜ ਸੰਸਦ ਤੱਕ ਸੁਣਾਈ ਦੇ ਰਹੀ ਹੈ। ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ।
ਇਸ ਦੌਰਾਨ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਸੀਪੀਐੱਮ, ਆਰਐੱਲਪੀ, ਡੀਐੱਮਕੇ ਤੇ ਬਸਪਾ ਦੇ ਮੈਂਬਰਾਂ ਵੱਲੋਂ ਮਿਲ ਕੇ ਕੰਮ ਰੋਕੂ ਮਤਾ ਪੇਸ਼ ਕੀਤਾ ਗਿਆ। ਇਹ ਮਤਾ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਵੱਲੋਂ ਪੇਸ਼ ਕੀਤਾ ਗਿਆ।
ਕਾਂਗਰਸ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਮਤਾ ਪੇਸ਼ ਕਰ ਕੇ ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰਨ ਦੀ ਮੰਗ ਕੀਤੀ। ਇਸ ਮਤੇ ’ਤੇ ਡੀਐੱਮਕੇ (ਟੀਆਰ ਬਾਲੂ), ਬਸਪਾ, ਸੀਪੀਐੱਮ ਤੇ ਆਰਐੱਲਪੀ (ਹਨੂੰਮਾਨ ਬੈਨੀਵਾਲ) ਦੇ ਆਗੂਆਂ ਦੇ ਹਸਤਾਖਰ ਸਨ।
ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸਾਰੀਆਂ ਧਿਰਾਂ ਨੂੰ ਕਿਸਾਨੀ ਮੁੱਦੇ ’ਤੇ ਇਕਜੁੱਟ ਹੋਣ ਦੀ ਅਪੀਲ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ।