ਕੈਪਟਨ ਨੇ ਕੀਤਾ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੇਘਰ ਹੋਏ ਲੋਕਾਂ ਦੇ ਦੁਖੜੇ ਸੁਣੇ ਅਤੇ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ

Captain Amarinder Singh visits flood affected areas

ਰੋਪੜ : ਪੰਜਾਬ 'ਚ ਬੀਤੇ ਦੋ ਦਿਨ ਤੋਂ ਪੈ ਰਹੀ ਭਾਰੀ ਬਾਰਿਸ਼ ਅਤੇ ਭਾਖੜਾ ਤੋਂ ਲਗਾਤਾਰ ਛੱਡੇ ਜਾ ਰਹੇ ਵਾਧੂ ਪਾਣੀ ਕਾਰਨ 200 ਤੋਂ ਵੱਧ ਪਿੰਡ ਪਾਣੀ ਦੀ ਲਪੇਟ 'ਚ ਆ ਗਏ ਹਨ। ਪੰਜਾਬ 'ਚ ਪਾਣੀ-ਪਾਣੀ ਹੋਣ ਕਰ ਕੇ ਹੜ੍ਹ ਦੇ ਹਾਲਾਤ ਪੈਦਾ ਹੋ ਚੁੱਕੇ ਹਨ ਅਤੇ ਕਈ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਰੂਪਨਗਰ ਹੈੱਡਵਰਕਸ ਤੋਂ 2.40 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਜ਼ੋਰਦਾਰ ਬਾਰਿਸ਼ ਦੇ ਕਾਰਨ ਐਤਵਾਰ ਨੂੰ 6 ਲੋਕਾਂ ਦੀ ਮੌਤ ਹੋ ਗਈ। ਹੜ੍ਹ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਰੋਪੜ ਪਹੁੰਚੇ ਅਤੇ ਅਧਿਕਾਰੀਆਂ ਤੋਂ ਦਰਿਆ 'ਚ ਪਾਣੀ ਦੇ ਵੱਧ ਰਹੇ ਪੱਧਰ ਬਾਰੇ ਜਾਣਕਾਰੀ ਹਾਸਲ ਕੀਤੀ। 

ਇਸ ਮੌਕੇ ਰੋਪੜ ਦੇ ਡੀ.ਸੀ. ਡਾ. ਸੁਮੀਤ ਜਾਰੰਗਲ ਵਲੋਂ ਮੁੱਖ ਮੰਤਰੀ ਨੂੰ ਦਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪੀੜਤਾਂ ਲਈ ਖਾਣ-ਪੀਣ, ਕਪੜੇ, ਦਵਾਈਆਂ ਆਦਿ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਇਸ ਉਪਰੰਤ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ ਦਰਿਆ ਕਿਨਾਰੇ ਰਹਿੰਦੇ ਗ਼ਰੀਬ ਲੋਕਾਂ ਤੋਂ ਹੜ੍ਹ ਨਾਲ ਹੋਏ ਨੁਕਸਾਨ ਬਾਰੇ ਜਾਣਕਾਰੀ ਲਈ ਅਤੇ ਗ਼ਰੀਬ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਦੁਖੜੇ ਵੀ ਸੁਣੇ। ਕੈਪਟਨ ਨੇ ਕਿਹਾ ਕਿ ਜ਼ਿੰਦਗੀ ਨੂੰ ਲੀਹਾਂ 'ਤੇ ਲਿਆਉਣ ਲਈ ਸਰਕਾਰ ਵੱਲੋਂ ਉਚਿੱਤ ਕਦਮ ਚੁੱਕੇ ਜਾਣਗੇ ਅਤੇ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾਵੇਗਾ। 

ਕੈਪਟਨ ਵਲੋਂ ਹੜ ਪੀੜ੍ਹਤਾਂ ਨੂੰ ਰਹਿਣ-ਸਹਿਣ, ਕਪੜੇ ਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਦੁੱਖ-ਸੁੱਖ ਵਿਚ ਪੀੜਤਾਂ ਨਾਲ ਹੈ ਅਤੇ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਈਆਈਟੀ ਰੋਪੜ ਪੁੱਜ ਕੇ ਹੜ੍ਹ ਦਾ ਜਾਇਜ਼ਾ ਲਿਆ ਗਿਆ ਅਤੇ ਉੱਥੋਂ ਉਨ੍ਹਾਂ ਵਿਦਿਆਰਥੀਆਂ, ਡਾਇਰੈਕਟਰ ਪ੍ਰੋ. ਐਸ.ਕੇ. ਦਾਸ ਨਾਲ ਗੱਲਬਾਤ ਕੀਤੀ।

ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ 71 ਪਿੰਡਾਂ ਵਿਚੋਂ 696 ਲੋਕਾਂ ਨੂੰ ਬਚਾਇਆ ਜਾ ਚੁੱਕਿਆ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਤੇ ਪੰਜਾਬ ਸਰਕਾਰ ਵਲੋਂ 13 ਕਿਸ਼ਤੀਆਂ, 2 ਗੋਤਾਖੋਰ ਤੇ 29 ਜੇਸੀਬੀ ਮਸ਼ੀਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਲੋਕਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕਣ।

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਵਿਸਕੀ, ਸੂਬਾ ਸਕੱਤਰ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਤੇ ਪੋਮੀ ਸੋਨੀ ਆਦਿ ਹਾਜ਼ਰ ਸਨ।