ਮੁੱਖ ਮੰਤਰੀ ਦਫ਼ਤਰ ਸਮੇਤ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮ ਸਮੂਹਕ ਵਾਕਆਊਟ ਕਰ ਕੇ ਘਰਾਂ ਨੂੰ ਪਰਤੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ਦੇ ਗ੍ਰਹਿ ਵਿਭਾਗ ਅਤੇ ਵਿੱਤ ਕਮਿਸ਼ਨਰ ਸਕੱਤਰੇਤ ਦੀਆਂ ਬਰਾਂਚਾਂ ਦਾ ਵੀ ਕੰਮਕਾਰ ਹੋਇਆ ਠੱਪ

image

ਚੰਡੀਗੜ੍ਹ, 18 ਅਗੱਸਤ (ਗੁਰਉਪਦੇਸ਼ ਭੁੱਲਰ): ਸੂਬਾ ਸਰਕਾਰ ਲਈ ਅੱਜ ਉਸ ਵੇਲੇ ਵੱਡੀ ਸ਼ਸ਼ੋਪੰਜ ਵਾਲੀ ਸਥਿਤੀ ਪੈਦਾ ਹੋ ਗਈ, ਜਦੋਂ ਸਰਕਾਰ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਸਰਕਾਰ ਦੇ ਵਿੱਤੀ ਫੈਸਲਿਆਂ ਖਿਲਾਫ਼ ਕੰਮਕਾਜ ਠੱਪ ਕਰਕੇ ਵਾਕਆਊਟ ਕਰ ਦਿੱਤਾ ਅਤੇ ਘਰ੍ਹਾਂ ਨੂੰ ਪਰਤ ਗਏ। ਅੱਜ 11 ਵਜੇ ਦੇ ਕਰੀਬ ਮੁੱਖ ਮੰਤਰੀ ਦਫ਼ਤਰ ਦੇ ਫਾਲੋਅਪ ਸੈਕਸ਼ਨ ਸਮੇਤ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਸਮੂਹਿਕ ਵਾਕਆਊਟ ਕਰ ਦਿੱਤਾ। ਸਰਕਾਰ ਦੇ ਗ੍ਰਹਿ ਵਿਭਾਗ ਅਤੇ ਵਿੱਤ ਕਮਿਸ਼ਨਰ ਸਕੱਤਰੇਤ ਦੇ ਮੁਲਾਜ਼ਮਾਂ ਨੇ ਵੀ ਇਸ ਵਾਕਆਊਟ ਨੂੰ ਭਰਵਾ ਹੁੰਗਾਰਾ ਦਿੰਦਿਆਂ ਆਪਣੀਆਂ ਬਰਾਂਚਾਂ ਖਾਲੀ ਕਰ ਦਿਤੀਆਂ।

image

ਪੰਜਾਬ ਰਾਜ ਮਨਿਸਟੀਰੀਅਲ ਸਰਵਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਦੇ ਸਮੁੱਚੇ ਪੰਜਾਬ ਬੰਦ ਦੇ ਸੱਦੇ 'ਤੇ ਮੁਲਾਜ਼ਮਾਂ ਵੱਲੋਂ ਅੱਜ ਦੇ ਇਸ ਐਕਸ਼ਨ ਨੂੰ ਅੰਜ਼ਾਮ ਦਿੱਤਾ ਗਿਆ। ਵਾਕਆਊਟ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖਾਸਕਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪਿੱਟ ਸਿਆਪਾ ਕਰਦਿਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਦੇ ਕਨਵੀਨਰ ਅਤੇ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਸ. ਸੁਖਚੈਨ ਸਿੰਘ ਖਹਿਰਾ ਨੇ ਦਸਿਆ ਕਿ ਹਾਲ ਹੀ ਵਿਚ ਆਈ ਮੋਨਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ, ਜਿਸ ਵਿਚ ਪੰਜਾਬ ਦੇ ਮੁਲਾਜ਼ਮਾਂ ਉੱਤੇ ਵੱਡੇ ਵਿੱਤੀ ਕੱਟ ਲਾਉਣ ਦੀ ਸਿਫ਼ਾਰਿਸ਼ਾਂ ਕੀਤੀਆਂ ਗਈਆਂ ਹਨ, ਉਹ ਬੇਹੱਦ ਸ਼ਰਮਨਾਕ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿਚ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿਚ ਕਟੌਤੀ, ਨਵੀਂ ਭਰਤੀ ਸੈਂਟਰਲ ਤਨਖਾਹ ਨਿਯਮਾਂ ਅਨੁਸਾਰ ਕਰਨ ਅਤੇ ਰੀ-ਸਟ੍ਰਕਚਰਿੰਗ ਬਾਰੇ ਜੋ ਮਾਰੂ ਫੈਸਲੇ ਲਏ ਹਨ, ਉਨ੍ਹਾਂ ਫੈਸਲਿਆਂ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਖਿਲਾਫ਼ ਬਹੁਤ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਸੋਚ ਕੇ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿਚ ਕਟੌਤੀ ਕੀਤੀ ਸੀ ਕਿ ਕੱਟੀ ਗਈ ਰਾਸ਼ੀ ਨਾਲ ਸਰਕਾਰ ਨੂੰ ਵਿੱਤੀ ਲਾਭ ਹੋਵੇਗਾ, ਪ੍ਰੰਤੂ ਡੀ.ਸੀ. ਦਫ਼ਤਰਾਂ ਵਿਚ ਕੰਮਕਾਜ ਠੱਪ ਹੋਣ ਕਾਰਨ ਸਰਕਾਰ ਨੂੰ ਰੋਜ਼ਾਨਾਂ ਡੇਢ ਕਰੋੜ ਦਾ ਨੁਕਸਾਨ ਹੋਇਆ ਹੈ।