ਕੁਲਦੀਪ ਧਾਲੀਵਾਲ ਨੇ ਪਾਰਟੀ ਪੱਧਰ ਤੋਂ ਉਪਰ ਉੱਠ ਕੇ ਕਾਂਗਰਸੀ ਸਰਪੰਚ ਨੂੰ ਪਿੰਡ 'ਚ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਕੀਤਾ ਸਨਮਾਨਿਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਸਮਾਜ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਕਿਸੇ ਵੀ ਪਾਰਟੀ ਦੇ ਹੋਣ, ਕੀਤੇ ਜਾਣਗੇ ਸਨਮਾਨਿਤ

Kuldeep Dhaliwal rose above the party level and honored the Congress sarpanch for starting a campaign against drugs in the village.

- ਧਾਲੀਵਾਲ ਵੱਲੋਂ ਲੋਕਾਂ ਨੂੰ ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦਾ ਸੱਦਾ

ਮੰਡਿਆਣੀ (ਲੁਧਿਆਣਾ)  - ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੰਡਿਆਣੀ ਤੋਂ ਕਾਂਗਰਸ ਪਾਰਟੀ ਦੀ ਸਰਪੰਚ ਗੁਰਪ੍ਰੀਤ ਕੌਰ ਨੂੰ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕੌਰ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੰਮ ਕਰਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਗਈ ਹੈ।

ਧਾਲੀਵਾਲ ਨੇ ਸਮਾਜਿਕ ਬੁਰਾਈਆਂ ਵਿਰੁੱਧ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵੇਂ ਕੋਈ ਵਿਅਕਤੀ ਕਿਸੇ ਹੋਰ ਸਿਆਸੀ ਪਾਰਟੀ ਦਾ ਹੋਵੇ, ਜਿਵੇਂ ਕਿ ਗੁਰਪ੍ਰੀਤ ਕੌਰ, ਜੋ ਕਾਂਗਰਸ ਪਾਰਟੀ ਨਾਲ ਸਬੰਧਤ ਹੈ, ਜੇਕਰ ਉਹ ਸਮਾਜ ਦੀ ਬਿਹਤਰੀ ਲਈ ਸੱਚੇ ਦਿਲੋਂ ਕੰਮ ਕਰ ਰਹੇ ਹਨ ਤਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ। 

ਉਨ੍ਹਾਂ ਪੰਚਾਇਤਾਂ ਨੂੰ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤੱਤਪਰ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਸਮਾਜਿਕ ਬੁਰਾਈ ਵਿਰੁੱਧ ਪਹਿਲਾਂ ਹੀ ਜੰਗ ਜਾਰੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਲੋਕਾਂ ਨਾਲ ਕੀਤੇ ਕਈ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ, ਜਿਨ੍ਹਾਂ ਵਿੱਚ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਇੰਦਰਾ ਗਾਂਧੀ ਇੰਟਰਨੈਸ਼ਨਲ (ਆਈ.ਜੀ.ਆਈ.) ਏਅਰਪੋਰਟ

 ਨਵੀਂ ਦਿੱਲੀ ਤੱਕ ਸਰਕਾਰੀ ਵੋਲਵੋ ਬੱਸ ਸੇਵਾ, ਸਰਕਾਰ ਬਣਨ ਦੇ ਪੰਜ ਮਹੀਨਿਆਂ ਅੰਦਰ ਗੈਂਗਸਟਰਵਾਦ ਵਿਰੁੱਧ ਜੰਗ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਦੋਵਾਂ ਵਿਭਾਗਾਂ ਦੇ ਬਜਟ ਵਿੱਚ ਵੀ ਵਾਧਾ ਕੀਤਾ ਹੈ। ਕੈਬਨਿਟ ਮੰਤਰੀ ਵੱਲੋ ਜਨਮ ਅਸ਼ਟਮੀ ਦੇ ਮੌਕੇ 'ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਲੋਕਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਨੇਕੀ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ।