ਸ਼੍ਰੋਮਣੀ ਅਕਾਲੀ ਦਲ ਨੂੰ ਹਾਲੇ ਵੀ ਸੱਤਾ ਦਾ ਲਾਲਚ: ਸੁਨੀਲ ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਰਸਮਿਰਤ ਕੌਰ ਬਾਦਲ ਦਾ ਬਿਆਨ ਪ੍ਰਧਾਨ ਮੰਤਰੀ ਮੋਦੀ ਨੂੰ ਖੁਸ਼ ਕਰਨ ਦੀ ਕੋਸ਼ਿਸ

Sunil Jakhar

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦੇਣ ਦੇ ਕੀਤੇ ਸਿਆਸੀ ਡਰਾਮੇ ਤੋਂ ਬਾਅਦ ਇਕ ਵਾਰ ਫਿਰ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਨੂੰ ਖੁਸ਼ ਕਰਨ ਲਈ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਉਹ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਇਕ ਟੀਵੀ ਚੈਨਲ ਨੂੰ ਦਿੱਤੇ ਉਸ ਬਿਆਨ ਤੇ ਟਿੱਪਣੀ ਕਰ ਰਹੇ ਸਨ ਜਿਸ ਵਿਚ ਬਾਦਲ ਨੇ ਕਿਹਾ ਹੈ ਕਿ ਉਹ ਖੁਦ ਇਹਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਨਹੀਂ ਆਖਦੇ ਬਲਕਿ ਕਿਸਾਨ ਇਹਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਆਖ ਰਹੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਇਹ ਸਾਰੇ ਤੱਥ ਆਪਣੇ  ਆਪ ਵਿਚ ਪ੍ਰਮਾਣ ਹਨ ਕਿ ਅਕਾਲੀ ਦਲ ਦੇ ਆਗੂਆਂ ਨੂੰ ਹਾਲੇ ਵੀ ਸੱਤਾ ਦਾ ਹੇਜ ਮਾਰ ਰਿਹਾ ਹੈ।

ਉਹਨਾਂ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਹਾਲੇ ਵੀ ਮੋਦੀ ਸਰਕਾਰ ਨੂੰ ਦਿੱਤਾ ਹੋਇਆ ਸਮਰਥਨ ਉਹਨਾਂ ਦੇ ਸੱਤਾ ਦੇ  ਲਾਲਚ ਨੂੰ ਜੱਗ ਜ਼ਾਹਿਰ ਕਰ ਰਿਹਾ ਹੈ।
 ਜਾਖੜ ਨੇ ਕਿਹਾ ਕਿ ਅਕਾਲੀ ਆਗੂਆਂ ਨੂੰ ਕਾਲੇ ਕਾਨੂੰਨਾਂ ਦਾ ਸਮਰਥਨ ਕਰਕੇ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ ਸੀ ਅਤੇ ਹੁਣ ਅਸਤੀਫਾ ਦੇਣ ਤੋਂ ਬਾਅਦ ਉਹਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁੱਸੇ ਦਾ ਸਿਕਾਰ ਹੋਣਾ ਪੈ ਰਿਹਾ ਹੈ।

ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਗੁੱਸੇ ਨੂੰ ਠੰਡਾ ਕਰਨ ਲਈ ਹੀ ਬਾਦਲ ਇਸ ਤਰਾਂ ਦੇ ਬਿਆਨ ਦੇ ਰਹੇ ਹਨ ਤਾਂ ਜੋ ਅਕਾਲੀ ਦਲ ਦੀ ਸੱਤਾਂ ਵਿਚ ਭਾਈਵਾਲੀ ਬਣੀ ਰਹੇ। ਜਾਖੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹੁਣ ਇਹਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਆਖ ਰਹੇ ਹਨ ਜਦ ਕਿ ਹਰਸਿਮਰਤ ਕੌਰ ਬਾਦਲ ਇਹਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਨਾ ਮੰਨ ਕੇ ਪ੍ਰਧਾਨ ਮੰਤਰੀ ਦੀ ਕ੍ਰਿਪਾ ਦ੍ਰਿਸ਼ਟੀ ਪ੍ਰਾਪਤ ਕਰਨਾ ਚਾਹੁੰਦੇ ਹਨ, ਇਸ ਨੂੰ ਵੇਖ ਕੇ ਜਾਪਦਾ ਹੈ ਕਿ ਇਹ ਕਿਸਾਨਾਂ ਅਤੇ ਮੋਦੀ ਸਰਕਾਰ ਦੋਨਾਂ ਨੂੰ ਭਰਮਿਤ ਕਰਨ ਦੀ ਅਸਫਲ ਕੋਸ਼ਿਸ ਕਰ ਰਹੇ ਹਨ।

 ਜਾਖੜ ਨੇ ਕਿਹਾ ਕਿ ਇਹ ਕਹਿ ਕੇ ਉਹ ਖੁਦ ਇਹਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਨਹੀਂ ਆਖ ਰਹੇ ਬਲਕਿ ਕਿਸਾਨ ਆਖ ਰਹੇ ਹਨ, ਬਾਦਲ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਕਿਸਾਨ ਕੋਈ ਮੁੂਰਖ ਨਹੀਂ ਹਨ ਜੋ ਆਪਣੀ ਮੌਤ ਦੇ ਵਾਰੰਟਾਂ ਦਾ ਵਿਰੋਧ ਕਰ ਰਹੇ ਹਨ ਜਦ ਕਿ ਅਕਾਲੀ ਆਗੂ ਨੇ ਅਸਤੀਫਾ ਦਿੱਤਾ ਵੀ ਹੈ ਤਾਂ ਸਿਰਫ ਸਿਆਸੀ ਲਾਭ ਲਈ ਨਾ ਕੇ ਉਹਨਾਂ ਨੂੰ ਕਿਸਾਨਾਂ ਦੀ ਕੋਈ ਚਿੰਤਾ ਹੈ।

 ਸੁਨੀਲ ਜਾਖੜ ਨੇ ਕਿਹਾ ਕਿ ਕਿਸਾਨੀ ਨੂੰ ਖਤਮ ਕਰਨ ਵਾਲੇ ਤਿੰਨ ਆਰਡੀਨੈਂਸ ਜਦ ਕੈਬਨਿਟ ਵੱਲੋਂ ਪ੍ਰਵਾਨ ਕੀਤੇ ਸਨ ਤਾਂ ਤਦ ਵੀ ਹਰਸਿਮਰਤ ਕੌਰ ਬਾਦਲ ਕੈਬਨਿਟ ਵਿਚ ਸਨ। ਫਿਰ ਕਿਸੇ ਵੀ ਬਿੱਲ ਨੂੰ ਪਾਰਲੀਆਮੈਂਟ ਵਿਚ ਪੇਸ਼ ਕਰਨ ਤੋਂ ਪਹਿਲਾਂ ਕੈਬਨਿਟ ਦੀ ਪ੍ਰਵਾਨਗੀ ਲਈ ਜਾਂਦੀ ਹੈ ਤਦ ਵੀ ਉਹ ਕੈਬਨਿਟ ਦਾ ਹਿੱਸਾ ਸਨ, ਪਰ ਉਸ ਸਮੇਂ ਉਹਨਾਂ ਨੇ ਕੋਈ ਵਿਰੋਧ ਕਿਉਂ ਨਹੀਂ ਕੀਤਾ।