ਸਿੰਚਾਈ ਘੁਟਾਲੇ ਦੀ ਜਾਂਚ ਸ਼ੁਰੂ: ਦੋ ਸਾਬਕਾ ਮੰਤਰੀਆਂ ਅਤੇ 3 ਸੇਵਾਮੁਕਤ IAS ਅਫ਼ਸਰਾਂ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ
ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਵਿਜੀਲੈਂਸ ਨੂੰ ਮਾਮਲੇ ਦੀ ਜਾਂਚ ਦੀ ਇਜਾਜ਼ਤ ਦਿੱਤੀ ਸੀ
ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ-ਭਾਜਪਾ ਗਠਜੋੜ ਸਰਕਾਰ ਦੌਰਾਨ ਹੋਏ ਸਿੰਚਾਈ ਘੁਟਾਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਾਰਵਾਈ ਦੇ ਹਿੱਸੇ ਵਜੋਂ ਵਿਜੀਲੈਂਸ ਨੇ ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਤੋਂ ਇਲਾਵਾ ਸੇਵਾਮੁਕਤ ਆਈਏਐਸ ਅਫ਼ਸਰ ਸਰਵੇਸ਼ ਕੌਸ਼ਲ, ਕੇਬੀਐਸ ਸਿੱਧੂ ਅਤੇ ਕਾਹਨ ਸਿੰਘ ਪੰਨੂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤੇ ਹਨ।
ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਵਿਜੀਲੈਂਸ ਨੂੰ ਮਾਮਲੇ ਦੀ ਜਾਂਚ ਦੀ ਇਜਾਜ਼ਤ ਦਿੱਤੀ ਸੀ। ਇਸ ਮਾਮਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ ਨੇ ਹਲਫ਼ਨਾਮਾ ਦੇ ਕੇ ਕਿਹਾ ਸੀ ਕਿ ਸਿੰਚਾਈ ਘੁਟਾਲੇ ਵਿਚ ਤਿੰਨ ਸਾਬਕਾ ਆਈਏਐਸ ਅਧਿਕਾਰੀ, ਦੋ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਵੀ ਸ਼ਾਮਲ ਹਨ। ਇਹ ਬਿਆਨ ਵਿਜੀਲੈਂਸ ਬਿਊਰੋ ਵੱਲੋਂ ਅਗਸਤ 2017 ਵਿਚ ਦਰਜ ਕੀਤੇ ਗਏ ਸਨ।
ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘੁਟਾਲੇ ਵਿਚ ਨਾਮਜ਼ਦ ਠੇਕੇਦਾਰਾਂ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਜਾਵੇਗਾ। ਜਿਨ੍ਹਾਂ ਸਾਬਕਾ ਅਫਸਰਾਂ ਅਤੇ ਆਗੂਆਂ ਦੇ ਨਾਂ ਪੁੱਛਗਿੱਛ ਵਿਚ ਸਾਹਮਣੇ ਆਉਣਗੇ ਉਨ੍ਹਾਂ ਨੂੰ ਵੀ ਜਾਂਚ ਵਿਚ ਸ਼ਾਮਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਜੂਨ ਮਹੀਨੇ ਵਿਜੀਲੈਂਸ ਨੇ ਅਕਾਲੀ ਭਾਜਪਾ ਸਰਕਾਰ ਵੇਲੇ ਇਸ ਘੁਟਾਲੇ ਵਿਚ ਸ਼ਾਮਲ ਤਿੰਨ ਸੇਵਾਮੁਕਤ ਆਈਏਐਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਪ੍ਰਵਾਨਗੀ ਮੰਗੀ ਸੀ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਐਕਟ ਦੀ ਧਾਰਾ 17ਏ ਤਹਿਤ ਕਾਰਵਾਈ ਕਰਨ ਦੀ ਇਜਾਜ਼ਤ ਮੰਗੀ ਸੀ।