ਦਰਦਨਾਕ: ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ-ਧੀ ਦੀ ਮੌਤ, ਪਿਓ-ਪੁੱਤ ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਖਮੀ ਪਿਓ-ਪੁੱਤ ਨੂੰ ਹਸਪਤਾਲ 'ਚ ਕਰਵਾਇਆ ਭਰਤੀ

photo

 

ਬਟਾਲਾ : ਬਟਾਲਾ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਨਜ਼ਦੀਕੀ ਪਿੰਡ ਦਾਲਮ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਟਰਾਲੇ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ।  ਇਸ ਹਾਦਸੇ ਵਿਚ ਔਰਤ ਅਤੇ ਉਸ ਦੀ 2 ਸਾਲਾ ਬੱਚੀ ਦੀ ਮੌਤ ਹੋ ਗਈ ਹੈ, ਜਦਕਿ ਇਸ ਹਾਦਸੇ ਦੌਰਾਨ ਪਿਉ-ਪੁੱਤ ਗੰਭੀਰ ਜ਼ਖ਼ਮੀ ਹੋ ਗਏ।

ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਜੋਤ ਸਿੰਘ ਵਾਸੀ ਬਿਜਲੀਵਾਲ ਆਪਣੀ ਪਤਨੀ ਮਨਜੀਤ ਕੌਰ, ਪੁੱਤਰ ਅੰਸ਼ਪ੍ਰੀਤ ਸਿੰਘ (6) ਅਤੇ ਪੁੱਤਰੀ ਜਸਪ੍ਰੀਤ ਕੌਰ (2) ਨਾਲ ਪਿੰਡ ਧੀਰ ਵੱਲ ਆਪਣੀ ਭੈਣ ਨੂੰ ਮਿਲਣ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ। 

ਇਸ ਦੌਰਾਨ ਜਦੋਂ ਉਹ ਪਿੰਡ ਦਾਲਮ ਦੇ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਟਰੱਕ ਦੀ ਲਪੇਟ ’ਚ ਆਉਣ ਨਾਲ ਮਨਜੀਤ ਕੌਰ ਅਤੇ ਜਸਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਰਜੋਤ ਸਿੰਘ ਅਤੇ ਅੰਸ਼ਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ।

ਦੂਜੇ ਪਾਸੇ ਟਰੱਕ ਚਾਲਕ ਟਰੱਕ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਸਥਾਨਕ ਲੋਕਾਂ ਨੇ ਹਰਜੋਤ ਸਿੰਘ ਅਤੇ ਅੰਸ਼ਪ੍ਰੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।