ਪੰਜਾਬ ਨੇ ਕੇਂਦਰ ਸਰਕਾਰ ਨੂੰ 6ਵੀਂ ਵਾਰ ਲਿਖੀ ਚਿੱਠੀ, ਆਰ.ਡੀ.ਐਫ. ਦੇ 4000 ਕਰੋੜ ਰੁਪਏ ਜਾਰੀ ਕਰਨ ਦੀ ਕੀਤੀ ਮੰਗ
ਹੁਣ ਤਕ ਕੇਂਦਰ ਸਰਕਾਰ ਵਲੋਂ ਸੂਬੇ ਦੀ ਇਸ ਮੰਗ 'ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ
ਚੰਡੀਗੜ੍ਹ: ਪੰਜਾਬ ਸਰਕਾਰ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਜਾਰੀ ਕਰਨ ਦੀ ਮੰਗ ਕਰ ਰਹੀ ਹੈ। ਪਰ ਹੁਣ ਤਕ ਕੇਂਦਰ ਸਰਕਾਰ ਵਲੋਂ ਸੂਬੇ ਦੀ ਇਸ ਮੰਗ 'ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਇਸ ਦੇ ਚਲਦਿਆਂ ਹੁਣ ਛੇਵੀਂ ਵਾਰ ਮੁੱਖ ਮੰਤਰੀ ਪੰਜਾਬ ਦਫ਼ਤਰ ਤੋਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ।
ਇਹ ਵੀ ਪੜ੍ਹੋ: ਅਨੰਤਨਾਗ ਵਿਚ ਸ਼ਹੀਦ ਹੋਏ ਫੌਜੀ ਜਵਾਨ ਦਾ ਅੱਜ ਹੋਵੇਗਾ ਸਸਕਾਰ, ਜ਼ਿਲ੍ਹਾ ਪਟਿਆਲਾ ਦਾ ਰਹਿਣ ਵਾਲਾ ਸੀ ਜਵਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਆਰ.ਡੀ.ਐਫ. ਜਾਰੀ ਨਾ ਕਰਨ ’ਤੇ ਅਦਾਲਤ ਜਾਣ ਦੀ ਚਿਤਾਵਨੀ ਵੀ ਦਿਤੀ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਕੋਈ ਜਵਾਬ ਨਹੀਂ ਦਿਤਾ ਗਿਆ। ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਜਲਦ ਹੀ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਮਿਲ ਕੇ ਇਹ ਮੁੱਦਾ ਉਨ੍ਹਾਂ ਕੋਲ ਉਠਾਉਣਗੇ। ਹਾਲਾਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਖੁਦ ਵੱਖ-ਵੱਖ ਕੇਂਦਰੀ ਮੰਤਰੀਆਂ ਅੱਗੇ ਆਰ.ਡੀ.ਐਫ. ਜਾਰੀ ਕਰਨ ਦੀ ਮੰਗ ਕਰਦੇ ਰਹੇ ਹਨ।
ਇਹ ਵੀ ਪੜ੍ਹੋ: ਜਗਤਪੁਰਾ ਦੇ ਇਕ ਜਿੰਮ 'ਚ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਹੋਈ ਮੌਤ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਹਾਲ ਹੀ ਵਿਚ ਹੋਈ ਸਰਬ ਪਾਰਟੀ ਮੀਟਿੰਗ ਵਿਚ ਵੀ ਪੰਜਾਬ ਲਈ ਕਰੀਬ 4,000 ਕਰੋੜ ਰੁਪਏ ਦੇ ਆਰ.ਡੀ.ਐਫ. ਅਤੇ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਪਰ ਜਦੋਂ ਉਨ੍ਹਾਂ ਨੇ ਇਹ ਮੁੱਦਾ ਉਠਾਇਆ ਤਾਂ ਵੀ ਕੇਂਦਰੀ ਮੰਤਰੀਆਂ ਵਲੋਂ ਕੋਈ ਜਵਾਬ ਨਹੀਂ ਦਿਤਾ ਗਿਆ। ਨਤੀਜੇ ਵਜੋਂ ਪੰਜਾਬ ਸਰਕਾਰ ਲਗਾਤਾਰ ਵਧਦੇ ਵਿੱਤੀ ਬੋਝ ਕਾਰਨ ਘਾਟੇ ਦਾ ਸਾਹਮਣਾ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬੀ ਯੂਨੀਵਰਸਟੀ ਵਿਚ ਸਿੱਖ ਵਿਚਾਰਧਾਰਾ ਉਤੇ ਹਮਲੇ ਕਰਨ ਵਾਲਾ ਕਾਮਰੇਡ ਪ੍ਰੋਫ਼ੈਸਰ ਤੇ ਇਕ ਵਿਦਿਆਰਥਣ ਦੀ ਮੌਤ
ਦਰਅਸਲ ਪੰਜਾਬ ਵਿਚ ਵਿੱਤੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਕਿਉਂਕਿ ਇਸ ਤੋਂ ਪਹਿਲਾਂ ਕੇਂਦਰ ਕੋਲ ਸੂਬੇ ਦੇ ਕਰੀਬ 5800 ਕਰੋੜ ਰੁਪਏ ਦੇ ਫੰਡ ਬਕਾਇਆ ਸਨ। ਇਸ ਵਿਚ ਪਿਛਲੇ ਚਾਰ ਖਰੀਦ ਸੈਸ਼ਨਾਂ ਦਾ ਬਕਾਇਆ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) 3,600 ਕਰੋੜ ਰੁਪਏ ਹੈ, ਜੋ ਵਧ ਕੇ ਲਗਭਗ 4,000 ਕਰੋੜ ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦਾ ਵੀ 600 ਕਰੋੜ ਰੁਪਏ ਦਾ ਬਕਾਇਆ ਸੀ। ਇਸ ਦੇ ਨਾਲ ਹੀ, ਵਿਸ਼ੇਸ਼ ਪੂੰਜੀ ਸਹਾਇਤਾ ਦੀ 1,600 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਨਹੀਂ ਕੀਤੀ ਗਈ।