ਵਿਧਾਨ ਸਭਾ ਸੈਸ਼ਨ: ਪਹਿਲੇ ਦਿਨ ਦੀ ਕਾਰਵਾਈ ਖ਼ਤਮ, ਕੱਲ੍ਹ ਪੇਸ਼ ਹੋਵੇਗਾ ਖੇਤੀ ਕਾਨੂੰਨਾਂ ਖਿਲਾਫ਼ ਬਿੱਲ

ਏਜੰਸੀ

ਖ਼ਬਰਾਂ, ਪੰਜਾਬ

ਸੈਸ਼ਨ ਮੁਲਤਵੀ ਹੋਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਵਿਧਾਇਕ ਧਰਨੇ 'ਤੇ ਡਟੇ

Captain Amarinder Singh

ਚੰਡੀਗੜ੍ਹ : ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਫਿਰ ਕਾਰਵਾਈ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਸੀ।

ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਵਿਚ ਖੇਤੀ ਕਾਨੂੰਨਾਂ ਖਿਲਾਫ਼ ਕੱਲ੍ਹ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਸਪੀਕਰ ਨੇ ਕਿਹਾ ਹੈ ਕਿ ਬਿਜਨੈਸ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਖੇਤੀ ਸਬੰਧੀ ਬਿੱਲ ਕੱਲ੍ਹ ਪੇਸ਼ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਪਾਸ ਬਿੱਲ ‘ਤੇ ਕੱਲ੍ਹ ਪੂਰੀ ਚਰਚਾ ਹੋਵੇਗੀ।

ਇਸ ਦੌਰਾਨ ਆਮ ਆਦਮੀ ਪਾਰਟੀ ਵਿਧਾਨ ਸਭਾ ਦਾ ਸੈਸ਼ਨ ਮੁਲਤਵੀ ਹੋਣ ਤੋਂ ਬਾਅਦ ਵੀ ਵਿਧਾਨ ਸਭਾ ਵਿਚ ਕਾਲੇ ਚੋਲੇ ਪਾ ਕੇ ਧਰਨਾ ਦੇ ਰਹੀ ਹੈ ਤੇ ਮੰਗ ਕਰ ਰਹੀ ਹੈ ਕਿ ਉਹਨਾਂ ਨੂੰ ਬਿੱਲ ਦੀਆਂ ਕਾਪੀਆਂ ਹੁਣੇ ਹੀ ਦਿੱਤੀਆਂ ਜਾਣ। ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਉਹਨਾਂ ਨੂੰ ਕਾਪੀਆਂ ਨਹੀਂ ਦਿੱਤੀਆਂ ਜਾਂਦੀਆਂ ਉਹਨਾਂ ਦਾ ਧਰਨਾ ਜਾਰੀ ਰਹੇਗਾ।

ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸਿਰਫ਼ ਅੱਧੇ ਘੰਟੇ ਦਾ ਸੈਸ਼ਨ ਬੁਲਾ ਕੇ ਬਹੁਤ ਹੀ ਘਟੀਆ ਕੰਮ ਕੀਤਾ ਗਿਆ ਹੈ ਤੇ ਉਹਨਾਂ ਨੂੰ ਸਰਕਾਰ ਨੇ ਅੱਜ ਤੱਕ ਪਾਸ ਕੀਤੇ ਬਿੱਲ ਦਾ ਖਰੜਾ ਨਹੀਂ ਦਿੱਤਾ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਪਿਛਲੀ ਵਾਰ ਦੀ ਤਰਾਂ ਇਸ ਵਾਰ ਵੀ ਮਹਿਜ ਕੁੱਝ ਸਮੇਂ ਦਾ ਸੈਸ਼ਨ ਬੁਲਾ ਕੇ ਸਾਡੇ ਨਾਲ ਧੋਖਾ ਕੀਤਾ ਹੈ।

ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਅੱਜ ਦੇ ਸੈਸ਼ਨ ਤੋਂ ਬਹੁਤ ਉਮੀਦਾਂ ਸਨ ਜੋ ਕਿ ਸਰਕਾਰ ਨੇ ਬਿਲਕੁਲ ਤੋੜ ਦਿੱਤੀਆਂ ਹਨ। ਵਿਧਾਨ ਸਭਾ ਵਿਚ ਮਨਪ੍ਰੀਤ ਬਾਦਲ ਨੇ ਐਲਾਨ ਕੀਤਾ ਕਿ ਅੱਜ ਸ਼ਾਮ 5 ਵਜੇ ਤੱਕ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀਆਂ ਕਾਪੀਆਂ ਸਾਰੇ ਵਿਧਾਇਕਾਂ ਕੋਲ ਪੁੱਜ ਜਾਣਗੀਆਂ।