ਵਿਸ਼ੇਸ਼ ਇਜਲਾਸ : ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਕਾਰਵਾਈ 1 ਘੰਟੇ ਲਈ ਮੁਲਤਵੀ

ਏਜੰਸੀ

ਖ਼ਬਰਾਂ, ਪੰਜਾਬ

ਸੈਸ਼ਨ 'ਚ ਨਵਜੋਤ ਸਿੱਧੂ ਵੀ ਹੋਏ ਸ਼ਾਮਲ

Punjab Vidhan Sabha session

ਚੰਡੀਗੜ੍ਹ -  ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸ਼ਹੀਦਾਂ ਨੂੰ ਸ਼ਰਾਂਜਲੀ ਦਿੱਤੀ ਗਈ ਅਤੇ ਨਾਲ ਹੀ ਸੈਸ਼ਨ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਮੁੱਖ ਮੰਤਰੀ ਵੱਲੋਂ ਬੁਲਾਇਆ ਗਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਖੇਤੀਬਾੜੀ ਕਾਨੂੰਨਾਂ ਵਿਰੁੱਧ 2 ਦਿਨਾਂ ਲਈ ਰੱਖਿਆ ਗਿਆ ਹੈ।

ਅਜਿਹੀ ਸਥਿਤੀ ਵਿਚ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਇਸ ਵਿਸ਼ੇਸ਼ ਸੈਸ਼ਨ ਵਿਚ ਸ਼ਾਮਲ ਹੋਣਗੇ। ਸੈਸ਼ਨ ਤੋਂ ਪਹਿਲਾਂ ਉਹ ਵਿਧਾਇਕ ਪਰਗਟ ਸਿੰਘ ਦੇ ਘਰ ਪਹੁੰਚੇ ਸਨ ਤੇ ਫਿਰ ਵਿਧਾਨ ਸਭਾ ਦੇ ਸੈਸ਼ਨ ਲਈ ਰਵਾਨਾ ਹੋ ਗਏ।

ਇਸ ਸੈਸ਼ਨ ਵਿਚ ਸਿੱਧੂ ਨੂੰ ਕੇਂਦਰ ਵੱਲੋਂ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਬੋਲਦਿਆਂ ਵੇਖਿਆ ਜਾ ਸਕਦਾ ਹੈ। ਇਸ ਸਮੇਂ ਦੌਰਾਨ ਸਦਨ ਦੇ ਅੰਦਰ ਅਤੇ ਬਾਹਰ ਦੋਵੇਂ ਪਾਸੇ ਹੰਗਾਮਾ ਹੋਣ ਦੀ ਸੰਭਾਵਨਾ ਹੈ। ਅੱਜ ਦੇ ਵਿਸ਼ੇਸ਼ ਸੈਸ਼ਨ ਵਿਚ ਖੇਤੀ ਕਾਨੂੰਨਾਂ ਦੇ ਨਾਲ ਵਿਰੋਧੀ ਧਿਰ ਸਕਾਲਰਸ਼ਿਪ ਘੋਟਾਲੇ ਦੇ ਮਾਮਲੇ ਵਿੱਚ ਸੂਬਾ ਸਰਕਾਰ ਦਾ ਘਿਰਾਓ ਕਰਨ ਦੀ ਤਿਆਰੀ ਵਿਚ ਹੈ। 

ਇਸ ਦੇ ਨਾਲ ਹੀ ਦੱਸ ਦਈਏ ਕਿ ਇਜਲਾਸ ਦੌਰਾਨ ਭਾਰੀ ਹੰਗਾਮੇ ਦੀ ਸਭਾਵਨਾ ਜਤਾਈ ਜਾ ਰਹੀ ਹੈ। ਇਜਲਾਸ ਤੋਂ ਪਹਿਲਾਂ ਵੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਦਨ ਦੇ ਬਾਹਰ ਹੰਗਾਮਾ ਕੀਤਾ ਗਿਆ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਵਾਈ ਵਿਚ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਤੱਕ ਟਰੈਕਟਰ ਮਾਰਚ ਕੱਢਿਆ ਗਿਆ।  ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਵੀ ਵਿਧਾਨ ਸਭਾ ਚੌਂਕ ਵਿਚ ਖੇਤੀ ਕਾਨੂੰਨਾਂ ਦੀ ਕਾਪੀਆਂ ਸਾੜੀਆਂ।