ਰਾਹੁਲ ਗਾਂਧੀ ਕਾਂਗਰਸ ਦੇ ਵਿਧਾਇਕਾਂ ਤੇ ਆਗੂਆਂ ਨੂੰ ਪ੍ਰਦਰਸ਼ਨ ਲਈ ਦਿੱਲੀ ਕਿਉਂ ਨਹੀਂ ਬੁਲਾ ਰਹੇ- ਬੈਂਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਧਾਨ ਸਭਾ ਦੇ ਬਾਹਰ ਸਿਮਰਜੀਤ ਬੈਂਸ ਨੇ ਕੀਤਾ ਸਵਾਲ 

Simarjit Bains

ਚੰਡੀਗੜ੍ਹ: ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਪੰਜਾਬ ਵਿਚ ਆ ਕੇ ਟਰੈਕਟਰ ਰੈਲੀ ਕੀਤੀ ਪਰ ਕੇਂਦਰ ਸਰਕਾਰ ਅਤੇ ਸੰਸਦ ਤਾਂ ਦਿੱਲੀ ਵਿਚ ਹੈ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਨੂੰ ਪ੍ਰਦਰਸ਼ਨ ਕਰਨ ਲਈ ਦਿੱਲੀ ਕਿਉਂ ਨਹੀਂ ਬੁਲਾ ਰਹੇ। ਦੱਸ ਦਈਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਰੋਸ ਦੇ ਚਲਦਿਆਂ ਪੰਜਾਬ ਸਰਕਾਰ ਨੇ ਦੋ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ।

ਇਸ ਤੋਂ ਇਲਾਵਾ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਟਰੈਕਟਰ ਮਾਰਚ ਨੂੰ ਡਰਾਮਾ ਦੱਸਿਆ। ਉਹਨਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਆਰਡੀਨੈਂਸਾਂ 'ਤੇ ਦਸਤਖਤ ਕੀਤੇ ਗਏ, ਹੁਣ ਅਕਾਲੀ ਦਲ ਟਰੈਕਟਰ ਮਾਰਚ ਕਰਕੇ ਡਰਾਮੇਬਾਜ਼ੀ ਕਰ ਰਹੇ ਹਨ। 

ਇਸ ਦੌਰਾਨ ਨਵੇਂ ਖੇਤੀ ਕਾਨੂੰਨਾਂ 'ਤੇ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਸਦਨ ਦੇ ਅੰਦਰ ਅਤੇ ਬਾਹਰ ਹੰਗਾਮੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਇਜਲਾਸ ਦੀ ਕਾਰਵਾਈ ਨੂੰ ਇਕ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਜਲਾਸ ਦੌਰਾਨ ਭਾਰੀ ਹੰਗਾਮੇ ਦੀ ਸਭਾਵਨਾ ਜਤਾਈ ਜਾ ਰਹੀ ਹੈ।

ਇਜਲਾਸ ਤੋਂ ਪਹਿਲਾਂ ਵੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਸਦਨ ਦੇ ਬਾਹਰ ਹੰਗਾਮਾ ਕੀਤਾ ਗਿਆ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਵਾਈ ਵਿਚ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਤੱਕ ਟਰੈਕਟਰ ਮਾਰਚ ਕੱਢਿਆ ਗਿਆ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਵੀ ਵਿਧਾਨ ਸਭਾ ਚੌਂਕ ਵਿਚ ਖੇਤੀ ਕਾਨੂੰਨਾਂ ਦੀ ਕਾਪੀਆਂ ਸਾੜੀਆਂ।