ਰਿਸ਼ਵਤਖੋਰੀ ਮਾਮਲੇ ’ਚ ਫਸੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਕੀਤਾ ਮੁਅੱਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੀ.ਬੀ.ਆਈ. ਵੱਲੋਂ ਬੀਤੇ ਦਿਨੀਂ ਭੁੱਲਰ ਨੂੰ ਕੀਤਾ ਗਿਆ ਸੀ ਗ੍ਰਿ੍ਫਤਾਰ

DIG Harcharan Singh Bhullar, who was involved in a bribery case, has been suspended.

ਚੰਡੀਗੜ੍ਹ : ਸੀ. ਬੀ. ਆਈ. ਵੱਲੋਂ ਬੀਤੇ ਦਿਨੀਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੀ ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ।

ਹਰਚਰਨ ਭੁੱਲਰ ਨੂੰ ਇੱਕ ਹੋਰ ਵਿਅਕਤੀ ਨਾਲ ਵੀਰਵਾਰ ਨੂੰ ਅੱਠ ਲੱਖ ਰੁਪਏ ਦੀ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਅਧਿਕਾਰੀ ਨੂੰ ਸਕਰੈਪ ਡੀਲਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਉਸ ਦੇ ਮੁਹਾਲੀ ਸਥਿਤ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਹਰਚਰਨ ਭੁੱਲਰ ਨੂੰ ਚੰਡੀਗੜ੍ਹ ਸਥਿਤ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਕੱਲ੍ਹ ਹੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ।

ਪੰਜਾਬ ਦੇ ਗ੍ਰਹਿ ਮਾਮਲਿਆਂ ਬਾਰੇ ਵਿਭਾਗ ਵੱਲੋਂ ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮਾਂ ਦੇ ਨਿਯਮ 3(2) ਅਨੁਸਾਰ ਜੇ ਕਿਸੇ ਸਰਕਾਰੀ ਮੁਲਾਜ਼ਮ ਨੂੰ ਅਪਰਾਧਿਕ ਜਾਂ ਹੋਰ ਕਿਸੇ ਦੋਸ਼ ਹੇਠ ਹਿਰਾਸਤ ਵਿੱਚ ਲਿਆ ਜਾਂਦਾ ਹੈ ਤਾਂ 48 ਘੰਟਿਆਂ ਤੋਂ ਵੱਧ ਸਮੇਂ ਤੱਕ ਹਿਰਾਸਤ ’ਚ ਰਹਿਣ ’ਤੇ ਇਸ ਨਿਯਮ ਤਹਿਤ ਸਬੰਧਿਤ ਸਰਕਾਰ ਵੱਲੋਂ ਉਸ ਨੂੰ ਮੁਅੱਤਲ ਮੰਨਿਆ ਜਾਵੇਗਾ। ਸਰਕਾਰ ਨੇ ਉਕਤ ਨਿਯਮ ਤਹਿਤ ਆਈ. ਪੀ. ਐੱਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ 16 ਅਕਤੂਬਰ ਤੋਂ ਮੁਅੱਤਲ ਕਰ ਦਿੱਤਾ ਹੈ।