ਪੰਜਾਬ ਵਿਚ ਭਾਜਪਾ ਨੂੰ ਲੋਕ ਮੂੰਹ ਨਹੀਂ ਲਗਾਉਣਗੇ: ਮੀਤ ਹੇਅਰ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਚ ਭਾਜਪਾ ਨੂੰ ਲੋਕ ਮੂੰਹ ਨਹੀਂ ਲਗਾਉਣਗੇ: ਮੀਤ ਹੇਅਰ

image

ਚੰਡੀਗੜ੍ਹ, 18 ਨਵੰਬਰ (ਸੁਰਜੀਤ ਸਿੰਘ ਸੱਤੀ) ਭਾਰਤੀ ਜਨਤਾ ਪਾਰਟੀ ਦੀ ਪੰਜਾਬ ਯੂਨਿਟ ਵੱਲੋਂ ਪੰਜਾਬ ਵਿਚ ਸਾਰੀਆਂ ਸੀਟਾਂ ਉਤੇ ਚੋਣ ਲੜਨ ਦੇ ਦਾਅਵਿਆਂ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੇ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਅਪਣੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਕਿਸਾਨ ਅਤੇ ਲੋਕ ਵਿਰੋਧੀ ਭਾਜਪਾ ਪੰਜਾਬ ਵਿਚ ਅਪਣੇ ਘਟੀਆ ਹੱਥਕੰਡੇ ਅਪਣਾ ਕੇ ਸੱਤਾ ਪ੍ਰਾਪਤ ਕਰਨ ਦੇ ਸੁਪਨੇ ਲੈਣੇ ਬੰਦ ਕਰ ਦੇਵੇ।  ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਯੂਥ ਵਿੰਗ ਦੇ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਨੇ ਕਿਹਾ ਕਿ ਬੀਜੇਪੀ ਭਾਵੇਂ 117 ਦੀ ਥਾਂ ਪੰਜਾਬ ਦੇ ਪਿੰਡ-ਪਿੰਡ ਵਿਚ ਵੀ ਦਫ਼ਤਰ ਖੋਲ੍ਹ ਲੈਣ ਤਾਂ ਵੀ ਸੂਬੇ ਦੇ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਧੋਖਾ ਕਰਨ ਦੇ ਕਾਰਨ ਭਾਜਪਾ ਅਤੇ ਅਕਾਲੀ ਦਲ ਦਾ ਪੰਜਾਬ ਵਿਚੋਂ ਸਫ਼ਾਇਆ ਹੋ ਚੁੱਕਾ ਹੈ ਅਤੇ ਪੰਜਾਬ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤੇ ਬਿਨਾਂ ਭਾਜਪਾ ਆਗੂਆਂ ਦਾ ਪੰਜਾਬ ਵਿਚ ਵੜਨਾ ਵੀ ਮੁਸ਼ਕਿਲ ਹੋਵੇਗਾ।  ਹੇਅਰ ਨੇ ਕਿਹਾ ਕਿ ਭਾਜਪਾ ਆਗੂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਪੰਜਾਬ ਦੇ ਕਿਸਾਨਾਂ ਉਤੇ ਘਟੀਆ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ, ਸਗੋਂ ਉਨ੍ਹਾਂ ਦਾ ਮਜ਼ਾਕ ਉਡਾ ਰਹੇ ਹਨ। ਭਾਜਪਾ ਆਗੂ ਤਰੁਨ ਚੁੱਘ ਵਲੋਂ ਪੰਜਾਬ ਦੇ ਕਿਸਾਨਾਂ ਉਤੇ ਕੀਤੀ ਟਿੱਪਣੀ ਉਤੇ ਅਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ 'ਆਪ' ਆਗੂ ਨੇ ਕਿਹਾ ਕਿ ਉਨ੍ਹਾਂ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਭਰ ਦੇ ਕਿਸਾਨਾਂ ਦਾ ਅਪਮਾਨ ਕੀਤਾ ਹੈ। ਜਿਸ ਦਾ ਖ਼ਮਿਆਜ਼ਾ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿਚ ਭੁਗਤਣਾ ਪਵੇਗਾ।