ਖੇਤੀ ਕਾਨੂੰਨ ਰੱਦ ਹੋਣ ’ਤੇ ਕਿਸਾਨਾਂ ਦੇ ਜਸ਼ਨਾਂ ’ਚ ਸ਼ਾਮਲ ਹੋਣਗੇ ‘ਆਪ’ ਪੰਜਾਬ ਦੇ ਵਲੰਟੀਅਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਰਵਿੰਦ ਕੇਜਰੀਵਾਲ 22 ਨਵੰਬਰ ਨੂੰ ਮੋਗਾ ਤੋਂ ਸ਼ੁਰੂ ਕਰਨਗੇ ‘ਮਿਸ਼ਨ ਪੰਜਾਬ’ ਦਾ ਦੌਰਾ

AAP

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮੋਗਾ ਤੋਂ ਸ਼ੁਰੂ ਹੋਣ ਵਾਲਾ ‘ਮਿਸ਼ਨ ਪੰਜਾਬ’ ਦੌਰਾ ਹੁਣ 22 ਨਵੰਬਰ ਤੋਂ ਸ਼ੁਰੂ ਹੋਵੇਗਾ, ਕਿਉਂਕਿ ‘ਆਪ’ ਪੰਜਾਬ ਦੇ ਸਾਰੇ ਵਲੰਟੀਅਰ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਜਸ਼ਨਾਂ ਵਿੱਚ ਸ਼ਾਮਲ ਹੋਣਗੇ। ਆਮ ਆਦਮੀ ਪਾਰਟੀ ਨੇ ਅੰਨਦਾਤਾ ਦੀ ਖੁਸ਼ੀ ਨੂੰ ਦੇਸ਼ ਦੀ ਖੁਸ਼ਨਸੀਬੀ ਕਰਾਰ ਦਿੱਤਾ ਹੈ ਅਤੇ ਇਸ ਲਈ ਕਿਸਾਨਾਂ ਵੱਲੋਂ ਇੱਕ ਸਾਲ ਤੋਂ ਜ਼ਿਆਦਾ ਸਮੇਂ ਤੱਕ ਕੀਤੇ ਗਏ ਸੰਘਰਸ਼ ਅਤੇ ਬਲੀਦਾਨ ਕਰਨ ਵਾਲੇ 700 ਕਿਸਾਨਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਹੈ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਵਿੱਚ ਆਮ ਆਦਮੀ ਪਾਰਟੀ ਨੇ ਦੱਸਿਆ ਕਿ ਇਤਿਹਾਸ ਇਸ ਕਿਸਾਨੀ ਸੰਘਰਸ਼ ਨੂੰ ਹਰ ਮੋਰਚੇ ’ਤੇ ਯਾਦ ਕਰੇਗਾ। ਇਹ ਜਿੱਤ ਕਿਸਾਨਾਂ ਦੀ ਹਿੰਮਤ, ਜਜ਼ਬੇ, ਹੌਂਸਲੇ ਅਤੇ ਉਮੀਦ ਦੀ ਜਿੱਤ ਹੈ, ਹਰ ਉਸ ਪਰਿਵਾਰ ਦੀ ਜਿੱਤ ਹੈ, ਜਿਸ ਨੇ ਦਿਨ- ਰਾਤ, ਧੁੱਪ- ਛਾਂ, ਹਨੇਰੀ- ਤੂਫ਼ਾਨ, ਗਰਮੀ ਸਰਦੀ ਦੀ ਪ੍ਰਵਾਹ ਕੀਤੇ ਬਿਨ੍ਹਾਂ ਸੰਘਰਸ਼ ਲੜਿਆ ਅਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਤ ਕੀਤਾ ਹੈ। 

‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਮੇਤ ਸਮੁੱਚੇ ਦੇਸ਼ ਵਾਸੀਆਂ ਨੂੰ ਕਾਲੇ ਕਾਨੂੰਨ ਰੱਦ ਕੀਤੇ ਜਾਣ ’ਤੇ ਵਧਾਈ ਦਿੱਤੀ ਹੈ। ਇਸ ਮੌਕੇ ‘ਆਪ’ ਵਰਕਰਾਂ ਅਤੇ ਅਹੁਦੇਦਾਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ।  

‘ਆਪ’ ਵੱਲੋਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ

ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਤਿੰਨੇ ਕਾਲ਼ੇ ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ ਵਿੱਚ ਪੰਜਾਬ ਭਰ ’ਚ ਜ਼ਿਲ੍ਹਾ ਪੱਧਰ ’ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਾਉਣ ਦਾ ਐਲਾਨ ਕੀਤਾ ਗਿਆ ਹੈ। ਹਰ ਜ਼ਿਲ੍ਹੇ ਦੇ ਇੰਜਾਰਜ ਅਤੇ ਵਰਕਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਕਿਸਾਨਾਂ ਦੀ ਚੜ੍ਹਦੀ ਕਲਾਂ, ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ।