DGP ਵੱਲੋਂ ਸੜਕ ਹਾਦਸਿਆਂ ਅਤੇ ਟ੍ਰੈਫਿਕ-2021 'ਤੇ ਸਾਲਾਨਾ ਰਿਪੋਰਟ ਜਾਰੀ

ਏਜੰਸੀ

ਖ਼ਬਰਾਂ, ਪੰਜਾਬ

ਕਿਤਾਬ ਵਿੱਚ ਸੂਬੇ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾਈ ਨਾਲ ਕੀਤਾ ਗਿਆ ਹੈ ਵਿਸ਼ਲੇਸ਼ਣ

DGP released annual report on road accidents and traffic-2021

 

ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਸਥਿਤ ਆਪਣੇ ਦਫ਼ਤਰ ਵਿਖੇ “ਸੜਕ ਹਾਦਸਿਆਂ ਅਤੇ ਟ੍ਰੈਫਿਕ-2021” ‘ਤੇ ਸਾਲਾਨਾ ਰਿਪੋਰਟ ਜਾਰੀ ਕੀਤੀ। ਇਹ ਕਿਤਾਬ  ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਏ.ਐਸ.ਰਾਏ ਅਤੇ ਪੰਜਾਬ ਦੇ ਟਰੈਫਿਕ ਸਲਾਹਕਾਰ ਡਾਕਟਰ ਨਵਦੀਪ ਅਸੀਜਾ ਦੀ ਮੌਜੂਦਗੀ ਵਿੱਚ ਜਾਰੀ ਕੀਤੀ ਗਈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਿਤਾਬ ਪੰਜਾਬ ਪੁਲਿਸ ਅਤੇ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਵੱਲੋਂ ਸੇਫ਼ ਸੁਸਾਇਟੀ ਦੇ ਸਹਿਯੋਗ ਨਾਲ ਕੀਤੀ ਗਈ ਪਹਿਲ ਹੈ। ਇਸ ਵਿੱਚ ਪੰਜਾਬ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਰਿਪੋਰਟ ਟ੍ਰੈਫਿਕ ਅਤੇ ਕਾਨੂੰਨ ਨੂੰ ਲਾਗੂ ਕਰਨ ਵਾਲੇ ਕਰਮਚਾਰੀਆਂ ਲਈ ਸੂਬੇ ਵਿੱਚ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ। ਇਸ ਤੋਂ ਇਲਾਵਾ ਇਹ ਸੜਕ ਸੁਰੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੇ ਵਿਦਵਾਨਾਂ ਅਤੇ ਸਿੱਖਿਆ ਸ਼ਾਸਤਰੀਆਂ ਲਈ ਵੀ ਰੈਫਰੈਂਸ ਮਟੀਰੀਅਲ ਵਜੋਂ ਮਹੱਤਵਪੂਰਨ ਸਾਬਤ ਹੋਵੇਗੀ।

ਡੀ.ਜੀ.ਪੀ ਨੇ ਪੰਜਾਬ ਪੁਲਿਸ, ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਅਤੇ ਸੇਫ ਸੋਸਾਇਟੀ ਦੀਆਂ ਟੀਮਾਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ।