ਆਮ ਲੋਕਾਂ, ਦਲਿਤਾਂ ਤੇ ਗ਼ਰੀਬਾਂ ਲਈ ਹਾਅ ਦਾ ਨਾਅਰਾ ਲਗਾ ਕੇ ਕੇਜਰੀਵਾਲ ਨੇ ਵਜਾਇਆ ਚੋਣ ਬਿਗਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਂਦੇ...

Arwind Kejriwal

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ-ਬੇਰੋਜਗਾਰਾਂ ਸਮੇਤ ਪੰਜਾਬ ਦੇ ਦਲਿਤਾਂ ਅਤੇ ਪਿਛੜੇ ਲੋਕਾਂ ਦੇ ਨਾਲ ਧੋਖਾ ਹੀ ਧੋਖਾ ਕੀਤਾ ਹੈ। ਜਦਕਿ ਦਿੱਲੀ 'ਚ ਆਮ ਆਦਮੀ ਪਾਰਟੀ ਦੀ 3 ਸਾਲਾਂ ਦੀ ਸਰਕਾਰ ਨੇ ਸਿਹਤ, ਸਿੱਖਿਆ ਸਮੇਤ ਹਰ ਖੇਤਰ ਵਿਚ ਪ੍ਰਸ਼ੰਸਾਯੋਗ ਕੰਮ ਕਰਕੇ ਕਾਇਆ-ਕਲਪ ਹੀ ਬਦਲ ਕੇ ਰੱਖ ਦਿੱਤੀ ਹੈ, ਜੋ ਦੇਸ਼ਾਂ ਵਿਦੇਸ਼ਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਕਾਂਗਰਸ ਅਤੇ ਅਕਾਲੀ ਦਲ ਨੇ ਮਿਲ ਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਸੱਚ ਦੀ ਤਾਕਤ ਨੂੰ ਕਦੀ ਝੁਕਾ ਨਹੀਂ ਸਕੇ। ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਤੇ ਵਰ੍ਹਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਦਲਿਤਾਂ, ਪਿਛੜੇ ਵਰਗ ਅਤੇ ਗ਼ਰੀਬ ਲੋਕਾਂ ਦੇ ਹੱਕ ਅਤੇ ਸੱਚ ਨੂੰ ਹਮੇਸ਼ਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਰਾਜ ਵਿੱਚ ਗ਼ਰੀਬ, ਦਲਿਤ ਅਤੇ ਪਿਛੜਾ ਵਰਗ ਹਮੇਸ਼ਾ ਦੁਖੀ ਰਿਹਾ ਹੈ।

ਉਨ੍ਹਾਂ ਕਿਹਾ ਕਿ ਦਲਿਤਾਂ ਨੂੰ ਉਨ੍ਹਾਂ ਦੀਆਂ ਬਣਦੀਆਂ ਸੁਵਿਧਾਵਾਂ ਅਤੇ ਹੱਕ ਨਹੀਂ ਦਿਤੇ ਗਏ। ਕੈਪਟਨ ਅਮਰਿੰਦਰ ਸਿੰਘ ਦੀ ਲੋਕ ਵਿਰੋਧੀ ਅਤੇ ਦਲਿਤ ਵਿਰੋਧੀ ਸੋਚ ਉੱਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿੱਚ ਸਰਕਾਰੀ ਸਿੱਖਿਆ ਅਤੇ ਸਿਹਤ ਸੁਵਿਧਾਵਾਂ ਦਾ ਬੁਰਾ ਹਾਲ ਹੈ। ਜਿਸ ਕਾਰਨ ਗ਼ਰੀਬ ਅਤੇ ਦਲਿਤ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਸਰਕਾਰ ਦੁਆਰਾ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਆਲੋਚਨਾ ਕਰਦਿਆਂ ਕੇਜਰੀਵਾਲ ਨੇ ਕਿਹਾ

ਕਿ ਇਸ ਨਾਲ ਉਹ ਗ਼ਰੀਬਾਂ ਅਤੇ ਦਲਿਤਾਂ ਤੋਂ ਉਨ੍ਹਾਂ ਦਾ ਜਿਊਣ ਦਾ ਹੱਕ ਵੀ ਖੋਹਣ ਜਾ ਰਹੀ ਹੈ। ਉਨ੍ਹਾਂ ਪੁੱਛਿਆ ਕਿ ਜੇਕਰ ਸਰਕਾਰ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਨਹੀਂ ਕਰ ਸਕਦੀ ਤਾਂ ਉਨ੍ਹਾਂ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨੂੰ ਕਰਜ਼ ਮੁਆਫ਼ੀ, ਹਰ ਘਰ ਰੁਜ਼ਗਾਰ, ਪੈਨਸ਼ਨ ਅਤੇ ਸਮਾਰਟ ਫ਼ੋਨ ਦੇ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਏ ਸਨ, ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਸਾਰੇ ਵਾਅਦਿਆਂ ਤੋਂ ਮੁੱਕਰ ਗਏ ਹਨ।

ਜਿਸ ਕਾਰਨ ਪੰਜਾਬ ਦੇ ਗ਼ਰੀਬ ਅਤੇ ਦਲਿਤ ਲੋਕ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਜੀਅ ਤੋੜ ਮਿਹਨਤ ਕੀਤੀ ਹੈ ਜਿਸ ਨਾਲ ਦਿੱਲੀ ਦੇ ਸਕੂਲਾਂ ਤੇ ਹਸਪਤਾਲਾਂ ਦੀ ਕਾਇਆ ਕਲਪ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਤਕਨੀਕਾਂ ਦੀ ਵਰਤੋਂ ਕਰਕੇ ਸਰਕਾਰੀ ਸਿੱਖਿਆ ਨੂੰ ਪ੍ਰਾਈਵੇਟ ਸਿੱਖਿਆ ਨਾਲੋਂ ਵਧੇਰੇ ਚੰਗਾ ਬਣਾ ਦਿੱਤਾ ਹੈ।

ਜਿਸ ਨਾਲ ਗ਼ਰੀਬਾਂ ਅਤੇ ਦਲਿਤਾਂ ਦੇ ਬੱਚਿਆਂ ਨੂੰ ਇਹ ਸੁਵਿਧਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸੀ ਅਤੇ 90 ਪ੍ਰਤੀਸ਼ਤ ਤੋਂ ਵੱਧ ਬੱਚੇ ਪਾਸ ਹੋਏ ਸਨ। ਇਸੇ ਤਰ੍ਹਾਂ ਸਰਕਾਰੀ ਹਸਪਤਾਲਾਂ ਦਾ ਕਾਇਆ ਕਲਪ ਕਰਦੇ ਹੋਏ ਗ਼ਰੀਬਾਂ ਲਈ ਮੁਫ਼ਤ ਦਵਾਈਆਂ ਅਤੇ ਇਲਾਜ ਦੀ ਸੁਵਿਧਾ ਪ੍ਰਦਾਨ ਕਰਕੇ ਦਸ ਲੱਖ ਤੱਕ ਰੁਪਏ ਦਾ ਮੁਫ਼ਤ ਇਲਾਜ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦਿੱਲੀ ਸਰਕਾਰ ਦੇ ਕੰਮਾਂ ਵਿੱਚ ਰੁਕਾਵਟਾਂ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ

ਪ੍ਰੰਤੂ ਸਰਕਾਰ ਨੂੰ ਦਲਿਤਾਂ ਅਤੇ ਗ਼ਰੀਬਾਂ ਦੀ ਭਲਾਈ ਦੇ ਕਾਰਜ ਕਰਨ ਤੋ ਰੋਕ ਨਹੀਂ ਸਕੀ। ਭਗਵਤ ਮਾਨ ਦੀ ਤਾਰੀਫ਼ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਨੂੰ ਲੋਕ ਸਭਾ ਵਿੱਚ ਜ਼ੋਰ-ਸ਼ੋਰ ਨਾਲ ਚੁੱਕਦੇ ਆਏ ਹਨ ਅਤੇ ਇੱਕ ਸੱਚੇ ਲੋਕ ਨੇਤਾ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਆਪਣਾ ਲੱਖਾਂ ਰੁਪਏ ਦੀ ਕਮਾਈ ਵਾਲਾ ਕਲਾਕਾਰ ਜੀਵਨ ਛੱਡ ਕੇ ਲੋਕ ਸੇਵਾ ਲਈ ਰਾਜਨੀਤੀ ਵਿਚ ਆਏ ਹਨ ਤੇ ਆਪਣਾ ਕਾਰਜ ਬਾਖ਼ੂਬੀ ਨਿਭਾ ਰਹੇ ਹਨ।

ਉਨ੍ਹਾਂ ਕਿਹਾ ਕਿ ਬਾਦਲਾਂ ਅਤੇ ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ ਅਤੇ ਭਗਵੰਤ ਮਾਨ ਹਮੇਸ਼ਾ ਸੱਚ ਦੀ ਆਵਾਜ਼ ਬੁਲੰਦ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਵਿੱਚ ਭਗਵੰਤ ਮਾਨ ਦੁਆਰਾ ਜਲਾਲਾਬਾਦ ਤੋਂ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜਨਾ ਉਨ੍ਹਾਂ ਦੀ ਲੋਕਾਂ ਪ੍ਰਤੀ ਨਿਸ਼ਠਾ ਨੂੰ ਬਿਆਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਸੂਬੇ ਦੇ ਸਭ ਤੋਂ ਹੰਕਾਰੀ ਵਿਅਕਤੀ ਹਨ ਜਿਸ ਕਾਰਨ ਭਗਵੰਤ ਮਾਨ ਨੇ ਉਨ੍ਹਾਂ ਦਾ ਹੰਕਾਰ ਤੋੜਨ ਲਈ ਚੋਣ ਲੜੀ ਸੀ ਪ੍ਰੰਤੂ ਅਕਾਲੀ ਦਲ ਅਤੇ ਕਾਂਗਰਸ ਦੀ ਮਿਲੀਭੁਗਤ ਕਾਰਨ ਉਹ ਜਿੱਤ ਨਹੀਂ ਸਕੇ।

ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਐੱਮਪੀ ਸਾਧੂ ਸਿੰਘ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਜਸਟਿਸ ਜ਼ੋਰਾ ਸਿੰਘ, ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਹਰਮੋਹਨ ਧਵਨ, ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਜੈ ਕ੍ਰਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਮਨਜੀਤ ਸਿੰਘ ਬਿਲਾਸਪੁਰ, ਰੁਪਿੰਦਰ ਰੂਬੀ, ਪ੍ਰੋਫੈਸਰ ਬਲਜਿੰਦਰ ਕੌਰ,

ਮੀਤ ਹੇਅਰ, ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਕੁਲਦੀਪ ਧਾਲੀਵਾਲ, ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਡਾ. ਰਵਜੋਤ ਸਿੰਘ, ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ, ਮਾਲਵਾ ਜ਼ੋਨ-1 ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ, ਮਾਲਵਾ ਜ਼ੋਨ-2 ਦੇ ਪ੍ਰਧਾਨ ਦਲਬੀਰ ਢਿੱਲੋਂ ਅਤੇ ਹੋਰ ਆਗੂ ਵੀ ਮੌਜੂਦ ਸਨ।