ਕੇਜਰੀਵਾਲ ਦੀ ਕਥਨੀ ਤੇ ਕਰਨੀ ਵਿਚ ਕੋਹਾਂ ਦਾ ਫ਼ਰਕ: ਧਰਮਸੋਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੀ ਕੇਜਰੀਵਾਲ ਦਿੱਲੀ ਵਿਚ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਵਾਲਾ ਪਹਿਲਾ ਬੰਦਾ ਨਹੀਂ ਸੀ ?

Sadhu Singh Dharamsot

ਚੰਡੀਗੜ੍ਹ : ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਵਰ੍ਹਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਲੋਕ ਕੇਜਰੀਵਾਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਉਹ ਜੋ ਵੀ ਕਹਿੰਦੇ ਨੇ ਉਹ ਸਿਰਫ ਝੂਠ ਦਾ ਪੁਲੰਦਾ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਅਸਲੀ ਚਿਹਰਾ ਹੁਣ ਜੱਗ ਜਾਹਰ ਹੈ। 

ਕੇਜਰੀਵਾਲ ਉਤੇ ਕਾਲੇ ਖੇਤੀ ਕਾਨੂੰਨਾਂ ਪ੍ਰਤੀ ਦੋਹਰੇ ਮਾਪਦੰਡ ਅਪਨਾਉਣ ਦਾ ਦੋਸ਼ ਲਗਾਉਂਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਨਾ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਉਨ੍ਹਾਂ ਦੇ ਮੰਤਰੀ ਮੰਤਰੀ ਦੇ ਕਿਸੇ ਸਹਿਯੋਗੀ ਅਤੇ ਪਾਰਟੀ ਨੇਤਾ ਨੂੰ ਇੰਫ਼ੋਰਸਮੈਂਟ ਡਾਇਰੈਕਟੋਰੇਟ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕੀ ਕੇਜਰੀਵਾਲ ਉਹ ਪਹਿਲਾ ਵਿਅਕਤੀ ਨਹੀਂ ਸੀ ਜਿਸਨੇ ਨੇ ਇਨਾਂ ਕਾਨੂੰਨਾਂ ਨੂੰ ਦਿੱਲੀ ਵਿਚ ਲਾਗੂ ਕੀਤਾ ਸੀ?

ਧਰਮਸੋਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਦਿਵਾਇਆ ਕਿ ਕੌਮੀ ਰਾਜਧਾਨੀ ਵਿਚ ਕੀਤੇ ਗਏ ਇਸ ਕੰਮ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਪੂਰੇ ਭਾਰਤ ਵਿਚ ਅਜਿਹੇ ਪਹਿਲੇ ਮੁੱਖ ਮੰਤਰੀ ਸਨ ਜਿਨਾਂ ਨੇ ਪੰਜਾਬ ਵਿਚ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਾਨੂੰਨ ਪਾਸ ਕੀਤੇ ਸਨ। ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਿਛੋਕੜ ਤੇ ਝਾਤ ਮਾਰੀਏ ਤਾਂ ਪਤਾ ਲਗਦਾ ਹੈ ਕਿ ਉਹ  ਕਿਸੇ ਚਿੰਤਾ ਜਾਂ ਅਹੁਦਾ ਖੁੱਸਣ ਦੇ ਡਰ ਦੀ ਪਰਵਾਹ ਕੀਤੇ ਬਿਨਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਅਤੇ ਹਿਤਾਂ ਦੀ ਰਾਖੀ ਲਈ ਹਮੇਸ਼ਾਂ ਸਭ ਤੋਂ ਅੱਗੇ ਰਹੇ ਹਨ।

ਦੂਜੇ ਪਾਸੇ ਐਸਵਾਈਐਲ ਮੁੱਦੇ ਤੇ ਕੇਜਰੀਵਾਲ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ। ਧਰਮਸੋਤ ਨੇ ਕਿਹਾ ਕਿ ਕੇਜਰੀਵਾਲ ਲਈ ਪੰਜਾਬ ਸਿਰਫ ਰਾਜਨੀਤਿਕ ਖੇਡ ਹੈ ਪਰ ਦੂਜੇ ਪਾਸੇ ਇਹ ਕੈਪਟਨ ਅਤੇ ਸਾਡੇ ਸਾਰਿਆਂ ਲਈ ਮਾਤ ਭੂਮੀ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਸੀਂ ਪੂਰੀ ਵਾਹ ਲਾਉਣ ਨੂੰ ਤਿਆਰ ਹਾਂ।