ਹਲਕਾ ਭਦੌੜ ਤੋਂ 'ਆਪ' ਉਮੀਦਵਾਰ ਲਾਭ ਸਿੰਘ ਉਗੋਕੇ ਦੀ ਗੱਡੀ 'ਤੇ ਹੋਇਆ ਹਮਲਾ
ਗੱਡੀ ਦੇ ਬੋਨਟ 'ਤੇ ਲਮਕਿਆ ਹਮਲਾ ਕਰਨ ਵਾਲਾ ਕਾਂਗਰਸੀ ਵਰਕਰ
ਬਰਨਾਲਾ : ਬਰਨਾਲਾ ਜ਼ਿਲ੍ਹੇ ਦੀ ਹਾਟ ਸੀਟ ਭਦੌੜ ਵਿਚ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਦੀ ਗੱਡੀ ’ਤੇ ਕੁੱਝ ਲੋਕਾਂ ਨੇ ਹਮਲਾ ਕਰ ਦਿੱਤਾ।
ਇਸ ਹਮਲੇ ਦੌਰਾਨ ਗੱਡੀ ਦਾ ਸੈਂਟਰ ਲਾਕ ਟੁੱਟ ਗਿਆ। ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਨੇ ਦੱਸਿਆ ਕਿ ਉਹ ਭਦੌੜ ਹਲਕੇ ਵਿਚ ਪੋਲਿੰਗ ਬੂਥ ਦੀ ਚੈਕਿੰਗ ਕਰਕੇ ਵਾਪਸ ਪਰਤ ਰਹੇ ਸਨ ਅਤੇ ਇਸ ਦੌਰਾਨ ਰਸਤੇ ਵਿਚ ਹੀ ਕਾਂਗਰਸੀ ਆਗੂ ਦੇ ਪੁੱਤਰ ਅਤੇ ਉਸ ਦੇ 20-25 ਦੋਸਤਾਂ ਨੇ ਉਸ ਦੀ ਗੱਡੀ ਨੂੰ ਘੇਰ ਲਿਆ ਅਤੇ ਉਸ ’ਤੇ ਹਮਲਾ ਕਰ ਦਿੱਤਾ।
ਉਗੋਕੇ ਨੇ ਦੱਸਿਆ ਕਿ ਇਸ ਦੌਰਾਨ ਉਹ ਕਿਸੇ ਤਰ੍ਹਾਂ ਉਥੋਂ ਆਪਣੀ ਜਾਨ ਬਚਾ ਨਿਕਲੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਠਾਣੇ ਪਹੁੰਚ ਕੇ ਇਸ ਬਾਬਤ ਸ਼ਿਕਾਇਤ ਵੀ ਦਰਜ ਕਰਵਾਈ ਹੈ।
ਲਾਭ ਸਿੰਘ ਉੱਗੋਕੇ ਉਪਰ ਹੋਏ ਹਮਲੇ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਸੌਰਭ ਰਾਜ ਅਤੇ ਜ਼ਿਲ੍ਹਾ ਪੁਲੀਸ ਮੁਖੀ ਅਲਕਾ ਮੀਨਾ ਵੱਲੋਂ ਭਦੌੜ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ ਅਤੇ ਚੋਣ ਪ੍ਰਕਿਰਿਆ ਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।