ਮੈਂ ਅਕਾਲੀ ਹਾਂ ਤੇ ਅਕਾਲੀ ਹੀ ਰਹਾਂਗਾ, ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਸਬੰਧ ਨਹੀਂ - ਬਲਵੰਤ ਸਿੰਘ ਰਾਜੋਆਣਾ
ਰਾਜੋਆਣਾ ਨੂੰ ਦੰਦਾਂ ਵਿਚ ਦਰਦ ਹੋਣ ਕਾਰਨ ਜੇਲ੍ਹ ਪ੍ਰਸ਼ਾਸਨ ਵੱਲੋਂ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।
ਲੁਧਿਆਣਾ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਸੋਮਵਾਰ ਸਵੇਰੇ ਪਟਿਆਲਾ ਕੇਂਦਰੀ ਜੇਲ੍ਹ ਤੋਂ ਹਸਪਤਾਲ ਲਿਆਂਦਾ ਗਿਆ। ਸਖ਼ਤ ਸੁਰੱਖਿਆ ਦਰਮਿਆਨ ਪੁਲਿਸ ਟੀਮ ਰਾਜੋਆਣਾ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਸਰਕਾਰੀ ਡੈਂਟਲ ਹਸਪਤਾਲ, ਪਟਿਆਲਾ ਲੈ ਗਈ। ਰਾਜੋਆਣਾ ਨੂੰ ਦੰਦਾਂ ਵਿਚ ਦਰਦ ਹੋਣ ਕਾਰਨ ਜੇਲ੍ਹ ਪ੍ਰਸ਼ਾਸਨ ਵੱਲੋਂ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।
ਡੈਂਟਲ ਹਸਪਤਾਲ ਪਹੁੰਚੇ ਬਲਵੰਤ ਸਿੰਘ ਰਾਜੋਆਣਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦੇ ਮੁੱਦੇ 'ਤੇ ਮੋਹਾਲੀ 'ਚ ਕੌਮੀ ਇਨਸਾਫ਼ ਮੋਰਚੇ ਅਤੇ ਇਸ 'ਚ ਉਨ੍ਹਾਂ ਦੀ ਭੂਮਿਕਾ 'ਤੇ ਸਵਾਲ ਉਠਾਉਣ ਵਾਲਿਆਂ ਨੂੰ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਹਮੇਸ਼ਾ ਤੋਂ ਹੀ ਅਕਾਲੀ ਦਲ ਨਾਲ ਸੀ, ਹਾਂ ਤੇ ਅੱਗੇ ਵੀ ਰਹਾਂਗਾ।
ਰਾਜੋਆਣਾ ਨੇ ਉਹਨਾਂ 'ਤੇ ਸਵਾਲ ਕਰਨ ਵਾਲਿਆਂ ਨੂੰ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਉਹ ਕਿਸ ਪਾਰਟੀ ਨਾਲ ਸਬੰਧਤ ਹਨ। ਉਨ੍ਹਾਂ ਦਾ ਮੋਹਾਲੀ 'ਚ ਲਗਾਏ ਗਏ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਬਾਪੂ ਗੁਰਚਰਨ ਸਿੰਘ ਬਾਰੇ ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਬਾਰੇ ਜੋ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਹ ਬਹੁਤ ਘਟੀਆ ਕਿਸਮ ਦੀ ਹੈ ਅਤੇ ਵਿਰੋਧੀਆਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ।