23 ਫਰਵਰੀ ਨੂੰ ਜਲੰਧਰ ਵਿਚ ਅਤੇ 24 ਫਰਵਰੀ ਨੂੰ ਪੰਜਾਬ ਭਰ ਵਿਚ ਹੋਵੇਗੀ ਛੁੱਟੀ, ਜਾਣੋ ਕਿਉਂ? 

ਏਜੰਸੀ

ਖ਼ਬਰਾਂ, ਪੰਜਾਬ

ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ

Holiday

Punjab News: ਜਲੰਧਰ  : ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਯਤਨਾਂ ਸਦਕਾ ਗੁਰੂ ਰਵਿਦਾਸ ਜੀ ਦੇ 647 ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ ’ਚ 23 ਫਰਵਰੀ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜਰ ਜਲੰਧਰ ਸ਼ਹਿਰ ਦੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਸ਼ੋਭਾ ਯਾਤਰਾ ’ਚ ਲੋਕਾਂ ਦੀ ਵੱਡੀ ਗਿਣਤੀ ’ਚ ਸ਼ਮੂਲੀਅਤ ਅਤੇ ਲੋਕ ਭਾਵਨਾਵਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਸ਼ਹਿਰ ’ਚ ਪੂਰੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਸੀ ਤਾਂ ਜੋ ਸੰਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੋਭਾ ਯਾਤਰਾ ’ਚ ਵੱਡੀ ਗਿਣਤੀ ’ਚ ਹਿੱਸਾ ਲੈ ਸਕੇ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ੋਭਾ ਯਾਤਰਾ ਦੌਰਾਨ ਸੰਗਤ ਦੀ ਸਹੂਲਤ, ਆਵਾਜਾਈ ਦੇ ਪੁਖ਼ਤਾ ਪ੍ਰਬੰਧਾਂ , ਸੁਰੱਖਿਆ ਵਿਵਸਥਾ, ਸ਼ਹਿਰ ਦੀ ਸਾਫ਼ ਸਫ਼ਾਈ ਯਕੀਨੀ ਬਣਾਉਣ ਬਾਰੇ ਵੀ ਕਿਹਾ ਗਿਆ ਹੈ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਭਰ ਵਿਚ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 24 ਫਰਵਰੀ ਨੂੰ ਛੁੱਟੀ ਰਹੇਗੀ।