ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਬ-ਕਮੇਟੀ ਵੱਲੋਂ ਸਰਵ ਸਿੱਖਿਆ ਅਭਿਆਨ (ਸਮਗਰਾ) ਅਤੇ ਵਣ ਵਿਭਾਗ ਵਰਕਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ

Cabinet Sub-Committee takes decisive steps to resolve employee issues

ਚੰਡੀਗੜ੍ਹ: ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵੱਲੋਂ ਬਣਾਈ ਅਫ਼ਸਰ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਫੈਸਲੇ ਦਾ ਉਦੇਸ਼ ਸਰਵ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਵੱਲੋਂ ਉਠਾਏ ਮਸਲਿਆਂ ਨੂੰ ਤੇਜੀ ਨਾਲ ਹੱਲ ਕਰਨਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਵਿੱਤ ਮੰਤਰੀ ਦਫ਼ਤਰ ਵਿਖੇ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਅਤੇ ਵਣ ਵਿਭਾਗ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀਆਂ ਦੀਆਂ ਤਨਖਾਹਾਂ ਨਾਲ ਸਬੰਧਤ ਮੁੱਦਿਆਂ ਨੂੰ ਜਲਦੀ ਹੱਲ ਕਰਨ ਅਤੇ ਰੁਕੀਆਂ ਤਨਖਾਹਾਂ ਜਾਰੀ ਕਰਨ ਬਾਰੇ ਹਮਦਰਦੀ ਨਾਲ ਵਿਚਾਰ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਜੰਗਲਾਤ ਵਿਭਾਗ ਕਰਮਚਾਰੀ ਯੂਨੀਅਨ ਨੇ ਤਨਖ਼ਾਹ ਨਾਲ ਸਬੰਧਤ ਮੁੱਦੇ ਅਤੇ ਵਿਭਾਗ ਵਿੱਚ ਕੰਮ ਕਰਦੇ ਚਪੜਾਸੀ, ਚੌਕੀਦਾਰ, ਮਾਲੀ ਆਦਿ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਆਪਣੀਆਂ ਮੰਗਾਂ ਪੇਸ਼ ਕੀਤੀਆਂ। ਕੈਬਨਿਟ ਸਬ-ਕਮੇਟੀ ਨੇ ਜੰਗਲਾਤ ਵਿਭਾਗ ਦੇ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਪ੍ਰਸਤਾਵ ਯੂਨੀਅਨ ਨਾਲ ਸਬ-ਕਮੇਟੀ ਦੀ ਅਗਲੀ ਮੀਟਿੰਗ ਦੌਰਾਨ ਪੇਸ਼ ਕਰਨ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਇਨ੍ਹਾਂ ਮੀਟਿੰਗਾਂ ਵਿੱਚ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਰਜਿੰਦਰ ਸਿੰਘ ਸੰਧਾ, ਮੀਤ ਪ੍ਰਧਾਨ ਪਰਵੀਨ ਸ਼ਰਮਾ, ਸਕੱਤਰ ਜਗਮੋਹਨ ਸਿੰਘ, ਵਰਿੰਦਰ ਸਿੰਘ, ਚਮਕੋਰ ਸਿੰਘ ਅਤੇ ਜੰਗਲਾਤ ਵਿਭਾਗ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਮੰਡੋਲੀ ਅਤੇ ਸੂਬਾ ਸਕੱਤਰ ਬੀਰਪਾਲ ਸਿੰਘ ਹਾਜ਼ਰ ਸਨ।