'ਆਪ' ਨੇ ਡੀ.ਸੀ. ਰੋਪੜ ਵਿਰੁੱਧ ਚੋਣ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਂਗਰਸੀ ਆਗੂਆਂ ਦੀ ਸ਼ਹਿ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ ਡਿਪਟੀ ਕਮਿਸ਼ਨਰ : ਸੰਧੋਆ

AAP leaders Complaint against Ropar DC

ਚੰਡੀਗੜ੍ਹ : ਡਿਪਟੀ ਕਮਿਸ਼ਨਰ ਰੋਪੜ ਵੱਲੋਂ ਕਾਂਗਰਸੀ ਆਗੂਆਂ ਦੀ ਸ਼ਹਿ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨਾਲ ਮੁਲਾਕਾਤ ਕੀਤੀ। ਵਫ਼ਦ 'ਚ ਸ਼ਾਮਲ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਧੋਆ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਜਸਤੇਜ ਸਿੰਘ ਅਰੋੜਾ ਨੇ ਕਿਹਾ ਕਿ ਕਾਂਗਰਸੀ ਆਗੂ ਸੂਬੇ ਭਰ ਵਿਚ ਸਰਕਾਰੀ ਅਧਿਕਾਰੀਆਂ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ।

ਸੰਧੋਆ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸੁਮਿਤ ਜਰਾਗਲ ਜੁਲਾਈ 2018 ਤੋਂ ਡੀਸੀ ਰੋਪੜ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ ਅਤੇ ਉਸ ਸਮੇਂ ਤੋਂ ਹੀ ਉਹ ਕਾਂਗਰਸੀ ਆਗੂਆਂ ਦੇ ਇਸ਼ਾਰਿਆਂ 'ਤੇ ਕੰਮ ਕਰਦੇ ਹੋਏ ਚੁਣੇ ਹੋਏ ਵਿਧਾਇਕ ਨੂੰ ਅਣਗੌਲਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀ.ਸੀ. ਵਿਧਾਇਕ ਦੀ ਥਾਂ ਕਾਂਗਰਸ ਦੇ ਹਾਰੇ ਹੋਏ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਨੂੰ ਸਰਕਾਰੀ ਸਮਾਗਮਾਂ ਵਿਚ ਬੁਲਾ ਕੇ ਗ੍ਰਾਂਟਾਂ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਡੀ.ਸੀ. ਦੇ ਕਾਂਗਰਸੀ ਆਗੂ ਨਾਲ ਸਬੰਧ ਹਨ ਅਤੇ ਉਹ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਬੇਨਿਯਮੀਆਂ ਕਰਨਗੇ।

ਸੰਧੋਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਗੁਰਨੀਤ ਤੇਜ ਰੋਪੜ ਵਿਖੇ ਸੇਵਾਵਾਂ ਨਿਭਾਅ ਰਹੇ ਸਨ ਪਰ ਕਾਂਗਰਸੀ ਆਗੂਆਂ ਨੇ ਸੱਤਾ ਦੇ ਬਲ ਨਾਲ ਉਨ੍ਹਾਂ ਦਾ ਤਬਾਦਲਾ ਕਰ ਕੇ ਆਪਣੇ ਚਹੇਤੇ ਅਧਿਕਾਰੀ ਨੂੰ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਗੁਰਨੀਤ ਤੇਜ ਦਾ ਤਬਾਦਲਾ ਸ਼ੱਕ ਪੈਦਾ ਕਰਦਾ ਹੈ।