ਮੋਹਾਲੀ ਜ਼ਿਲ੍ਹਾ ਅਦਾਲਤ ਵਲੋਂ ਕੋਲਿਆਂਵਾਲੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਲਿਆਂਵਾਲੀ ਤੇ ਉਸ ਦੇ ਪਰਵਾਰਕ ਮੈਂਬਰ ਅਜੇ ਤੱਕ ਰੂਪੋਸ਼

Dyal Singh Kolianwali

ਚੰਡੀਗੜ੍ਹ : ਵਿਜੀਲੈਂਸ ਦੀ ਅਰਜ਼ੀ ਸਵੀਕਾਰ ਕਰਦਿਆਂ ਮੋਹਾਲੀ ਦੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਾਦਲ ਪਰਵਾਰ ਦੇ ਨਜ਼ਦੀਕੀ ਜੱਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕੀਤੇ ਹਨ। ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰ ਰਹੀ ਹੈ। ਕੋਲਿਆਂਵਾਲੀ ਤੇ ਉਸ ਦੇ ਪਰਵਾਰਕ ਮੈਂਬਰ ਅਜੇ ਤੱਕ ਰੂਪੋਸ਼ ਹਨ।

ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਮੋਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿਚ ਵਿਜੀਲੈਂਸ ਦੇ ਡੀਐਸਪੀ ਅਸ਼ਵਨੀ ਕੁਮਾਰ ਨੇ ਅਰਜ਼ੀ ਦਾਇਰ ਕਰਕੇ ਅਕਾਲੀ ਲੀਡਰ ਦੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਬੀਤੀ 15 ਮਾਰਚ ਨੂੰ ਅਦਾਲਤ ਵਲੋਂ ਜਥੇਦਾਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰਨ ਤੋਂ ਬਾਅਦ ਵਿਜੀਲੈਂਸ ਨੇ ਅਕਾਲੀ ਜਥੇਦਾਰ ਦੀ ਪੈੜ ਨੱਪਣੀ ਸ਼ੁਰੂ ਕਰ ਦਿਤੀ ਸੀ।

ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਵਲੋਂ ਅਕਾਲੀ ਆਗੂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਜੱਦੀ ਪਿੰਡ ਤੇ ਹੋਰ ਕਈ ਥਾਵਾਂ ’ਤੇ ਛਾਪੇ ਮਾਰੇ ਗਏ, ਪਰ ਮੁਲਜ਼ਮ ਕਿਤੇ ਨਹੀਂ ਮਿਲਿਆ। ਅਦਾਲਤ ਨੇ ਵਿਜੀਲੈਂਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕੀਤੇ ਤੇ 12 ਅਪਰੈਲ ਨੂੰ ਰਿਪੋਰਟ ਦੇਣ ਲਈ ਆਖਿਆ।

ਇਸ ਬਾਰੇ ਵਿਜੀਲੈਂਸ ਦੇ ਐਸਐਸਪੀ ਅਸ਼ੋਕ ਬਾਠ ਨੇ ਦੱਸਿਆ ਕਿ ਜਥੇਦਾਰ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਦੀਆਂ ਟੀਮਾਂ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਤੇ ਹੋਰ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਅਤੇ ਕੋਲਿਆਂਵਾਲੀ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।