ਲੋਕ ਸਭਾ ਚੋਣਾਂ ਨੂੰ ਲੈ ਕੇ ਮੈਜਿਸਟ੍ਰੇਟ ਵੱਲੋਂ ਅਸਲਾ ਜਮ੍ਹਾਂ ਕਰਾਉਣ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਚੰਦਰ ਗੈਂਦ ਨੇ ਦੱਸਿਆ ਕਿ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ...

Chander Gaind

ਫਿਰੋਜ਼ਪੁਰ : ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਚੰਦਰ ਗੈਂਦ ਨੇ ਦੱਸਿਆ ਕਿ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾਧਾਰੀਆਂ ਨੂੰ ਆਗਾਮੀ ਚੋਣਾਂ ਨੂੰ ਲੈ ਕੇ ਆਪਣੇ ਹਥਿਆਰ ਜਮ੍ਹਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ। ਅਸਲਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਦੇ ਲਾਇਸੰਸ ਰੱਦ ਹੋ ਸਕਦੇ ਹਨ। ਆਪਣਾ-ਆਪਣਾ ਅਸਲਾ 27 ਮਾਰਚ 2019 ਨੂੰ ਸ਼ਾਮ 5 ਵਜੇ ਤੱਕ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਹਰ ਹਾਲਤ ਵਿੱਚ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਹਨ।

ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਦੇ ਲਾਇਸੰਸ ਵੀ ਰੱਦ ਕੀਤੇ ਜਾਣਗੇ। ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਨੇ ਦੱਸਿਆ ਕਿ ਇਹ ਹੁਕਮ ਮਿਤੀ 27 ਮਈ 2019 ਤੱਕ ਲਾਗੂ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਲੋਕ ਸਭਾ ਚੋਣਾਂ 19 ਮਈ 2019 ਨੂੰ ਹੋਣੀਆਂ ਹਨ। ਇਸ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਦੀ ਮਨਾਹੀ ਹੈ।

ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ।