ਨਿੱਜੀ ਸ਼ੂਗਰ ਮਿੱਲਾਂ ਕਰ ਰਹੀਆਂ ਹਨ ਗੰਨਾ ਕਿਸਾਨਾਂ ਦਾ ਸੋਸ਼ਣ : ਸੰਧਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀਆਂ ਧੱਜੀਆਂ ਉਡਾ ਰਹੇ ਹਨ ਮਿੱਲ ਮਾਲਕ : ਪੰਡੋਰੀ

Sugar mill

ਚੰਡੀਗੜ੍ਹ : ਪਿਛਲੀ ਅਕਾਲੀ ਸਰਕਾਰ ਵਾਂਗ ਕੈਪਟਨ ਸਰਕਾਰ ਵੀ ਕਿਸਾਨਾਂ ਦੇ ਹੱਕ ਮਾਰ ਰਹੀ ਹੈ। ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਸੱਤਾ ਪ੍ਰਾਪਤੀ ਤੋਂ ਬਾਅਦ ਆਪਣੇ ਵਾਅਦੇ ਤੋਂ ਮੁਕਰ ਗਏ ਹਨ। ਇਹ ਪ੍ਰਗਟਾਵਾ ਕੋਟਕਪੂਰਾ ਤੋਂ ਵਿਧਾਇਕ ਅਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। 

ਸੰਧਵਾਂ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਕਾਰਨ ਸੂਬੇ ਦੇ ਕਿਸਾਨ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਸੂਬੇ ਦੀਆਂ 76 ਪ੍ਰਾਈਵੇਟ ਮਿੱਲਾਂ ਨੇ ਸਾਲ 2017-18 ਅਤੇ 18-19 ਲਈ ਸੂਬੇ ਦੇ ਕਿਸਾਨਾਂ ਦਾ ਕਰੀਬ 859 ਕਰੋੜ ਰੁਪਏ ਦਾ ਭੁਗਤਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਖੰਡ ਮਿੱਲਾਂ ਦੇ ਮਾਲਕ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਹੋਣ ਕਾਰਨ ਉਹ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਇਸੇ ਸੂਬੇ ਦੀਆਂ 9 ਸਹਿਕਾਰੀ ਮਿੱਲਾਂ ਵੱਲ ਕਿਸਾਨਾਂ ਦਾ 2 ਸਾਲ ਦਾ ਕਰੀਬ 333 ਕਰੋੜ ਦਾ ਬਕਾਇਆ ਹੈ।

ਸੰਧਵਾਂ ਨੇ ਕਿਹਾ ਕਿ ਇੱਕ ਪਾਸੇ ਤਾਂ ਕੈਪਟਨ ਅਮਰਿੰਦਰ ਸਿੰਘ ਖ਼ੁਦ ਨੂੰ ਕਿਸਾਨਾਂ ਦਾ ਰਾਖਾ ਕਹਾਉਂਦੇ ਹਨ ਅਤੇ ਦੂਸਰੇ ਪਾਸੇ ਸੂਬੇ ਦੇ ਗੰਨਾ ਕਿਸਾਨਾਂ ਦਾ ਕਰੀਬ 1192 ਕਰੋੜ ਰੁਪਏ ਦੱਬ ਕੇ ਬੈਠੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦ ਗੰਨਾ ਕਿਸਾਨਾਂ ਦੀ ਰਾਸ਼ੀ ਦਾ ਭੁਗਤਾਨ ਕਰੇ ਤਾਂ ਜੋ ਕਿਸਾਨ ਅਗਲੀ ਫ਼ਸਲ ਬੀਜਣ ਲਈ ਖਾਦਾਂ ਅਤੇ ਬੀਜ ਖ਼ਰੀਦ ਸਕਣ।

ਉਧਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਗੰਨਾ ਕਿਸਾਨ ਧੂਰੀ ਖੰਡ ਮਿੱਲ ਦੇ ਸਾਹਮਣੇ ਲੰਮੇ ਸਮੇਂ ਤੋਂ ਧਰਨਾ ਲਗਾ ਕੇ ਬੈਠੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਅਤੇ ਕਾਂਗਰਸੀ ਆਗੂ ਵਾਰ-ਵਾਰ ਕਿਸਾਨਾਂ ਨਾਲ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਇਸੇ ਕਾਰਨ ਹੀ ਪਿਛਲੇ ਦੋ ਸਾਲਾਂ ਵਿਚ ਕਾਂਗਰਸ ਸਰਕਾਰ ਦੇ ਦੌਰਾਨ ਕਿਸਾਨ ਖ਼ੁਦਕੁਸ਼ੀਆਂ 'ਚ ਵਾਧਾ ਹੋਇਆ ਹੈ।