ਜਲਦ ਹੋਵੇਗੀ ਭਾਜਪਾ ਦੀ ਰਾਜਨੀਤਿਕ ਮੌਤ - ਰੁਲਦੂ ਸਿੰਘ ਮਾਨਸਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਧਾਨ ਮੰਤਰੀ ਮੋਦੀ ਨੂੰ ਰੁਲਦੂ ਸਿੰਘ ਮਾਨਸਾ ਦਾ ਚੈਲੰਜ,  ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਚ ਕੋਈ ਰੈਲੀ ਕਰਕੇ ਵਿਖਾਉਣ 

Ruldu Singh Mansa

ਸ੍ਰੀ ਮੁਕਤਸਰ ਸਾਹਿਬ - ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੇ ਇਕ ਰਾਜ ਸਭਾ ਮੈਂਬਰ ਵਲੋਂ ਕਿਸਾਨਾਂ ਪ੍ਰਤੀ ਬਿਆਨਬਾਜ਼ੀ ਬੁਖਲਾਹਟ ਦੀ ਨਿਸ਼ਾਨੀ ਹੈ ਅਤੇ ਭਾਜਪਾ ਦੀ ਰਾਜਨੀਤਕ ਮੌਤ ਜਲਦੀ ਹੈ, ਕਿਉਂਕਿ ਪੱਛਮੀ ਬੰਗਾਲ ਵਿਚ ਵੀ ਭਾਜਪਾ ਹਾਰਨ ਜਾ ਰਹੀ ਹੈ।

ਇਸ ਰੈਲੀ ਦੌਰਾਨ ਰੁਲਦੂ ਸਿੰਘ ਮਾਨਸਾ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਉਹਨਾਂ ਸੂਬਾ ਸਰਕਾਰ ਵਲੋਂ ਕੋਰੋਨਾ ਦੌਰਾਨ ਕੀਤੀ ਜਾ ਰਹੀ ਸਖ਼ਤੀ ਦਾ ਵਿਰੋਧ ਕੀਤਾ ਉਥੇ ਹੀ ਉਹਨਾਂ ਕਿਹਾ ਕਿ ਪੰਜਾਬ ਵਿਚ ਵੀ ਕਿਸਾਨਾਂ ਨੂੰ ਬਿਜਲੀ ਨਹੀਂ ਮਿਲ ਰਹੀ। ਉਹਨਾਂ ਪੱਤਰਕਾਰਾਂ ਨਾਲ ਗੱਲਬਾਤ  ਕਰਦਿਆ ਕਿਹਾ ਕਿ ਪੰਜਾਬ ਦੀ ਸਰਕਾਰ ਵੀ ਖੇਤੀ ਸੈਕਟਰ ਲਈ ਪੂਰੀ ਬਿਜਲੀ ਨਹੀਂ ਦੇ ਰਹੀ।

ਹਰਿਆਣਾ ਤੋਂ ਰਾਜ ਸਭਾ ਮੈਂਬਰ ਰਾਮ ਚੰਦਰ ਦੇ ਕਿਸਾਨਾਂ ਸਬੰਧੀ ਦਿੱਤੇ ਬਿਆਨ ਦੀ ਵੀ ਉਹਨਾਂ ਨੇ ਨਿੰਦਾ ਕੀਤੀ। ਉਹਨਾਂ ਕਿਹਾ ਕਿ ਜਿੰਨਾਂ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਹਨ ਉਥੇ ਕਿਸਾਨ ਭਾਜਪਾ ਵਿਰੁੱਧ ਪ੍ਰਚਾਰ ਕਰ ਰਹੇ ਹਨ ਅਤੇ ਭਾਜਪਾ ਉਥੇ ਹਾਰੇਗੀ ਵੀ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਚੈਲੰਜ ਕੀਤਾ ਕਿ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਚ ਕੋਈ ਰੈਲੀ ਕਰਕੇ ਵਿਖਾਉਣ।

ਉਨ੍ਹਾਂ ਕਿਹਾ ਕਿ ਇਸ ਸਮੇਂ ਸੰਯੁਕਤ ਮੋਰਚੇ ਵਲੋਂ 26 ਮਾਰਚ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦੀ ਤਿਆਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਵੀ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭਾਰਤ ਬੰਦ ਸਫ਼ਲ ਬਣਾਉਣ ਅਤੇ ਸ਼ਹੀਦੀ ਸਮਾਗਮ ਵਿਚ ਵਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।