ਪੇਂਡੂ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾਵੇਗਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾ ਸਕੇ।

photo

 

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਡ ਮੈਦਾਨਾਂ ਅਤੇ ਖੇਡ ਮੇਲਿਆਂ ‘ਚੋਂ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਕੇ ਪੰਜਾਬ ਦਾ ਨਾਮ ਵਿਸ਼ਵ ਪੱਧਰ ਤੱਕ ਪਹੁੰਚਾਇਆ ਜਾ ਸਕੇ।

ਅੱਜ ਹਲਕਾ ਸਾਹਨੇਵਾਲ ਦੇ ਪਿੰਡ ਧਨਾਨਸੂ ਵਿਖੇ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਫੁੱਟਬਾਲ ਕੱਪ ਤੇ ਕੁੱਤਿਆਂ ਦੀਆਂ ਦੌੜਾਂ ਖੇਡ ਮੇਲੇ 'ਚ ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਐਡਵੋਕੇਟ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਤੰਦਰੁਸਤ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਡ ਮੇਲੇ ਅਤੇ ਖੇਡ ਮੈਦਾਨ ਇਸ ਕੰਮ ਵਿੱਚ ਵੱਡਾ ਯੋਗਦਾਨ ਪਾਉਂਦੇ ਰਹੇ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੰਗਲੇ ਪੰਜਾਬ ਮਿਸ਼ਨ ਨੂੰ ਅਮਲੀ ਜਾਮਾ ਪਹਿਨਾਉਣ ਦੀ ਹੈ, ਜਿਸ ਵਿੱਚ ਪੰਜਾਬ ਦੇ ਪਿੰਡਾਂ ਕਸਬਿਆਂ ਵਿੱਚ ਹੋਣ ਵਾਲੇ ਖੇਡ ਮੇਲੇ ਵੱਡਾ ਯੋਗਦਾਨ ਪਾਉਣਗੇ। ਇਸ ਲਈ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਖੇਡ ਮੈਦਾਨਾਂ ਦਾ ਨਵੀਨੀਕਰਨ ਕਰਕੇ ਇਨ੍ਹਾਂ ਨੂੰ ਜਿਆਦਾ ਤੋਂ ਜਿਆਦਾ ਵਧੀਆ ਬਣਾਇਆ ਜਾਵੇ।

ਉਨ੍ਹਾਂ ਕਿਹਾ ਖੇਡ ਮੈਦਾਨਾਂ ਅਤੇ ਅਜਿਹੇ ਖੇਡ ਮੇਲਿਆਂ ਨੂੰ ਉਨ੍ਹਾਂ ਵੱਲੋਂ ਹਰ ਪ੍ਰਕਾਰ ਦਾ ਸਹਿਯੋਗ ਵੀ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਧਨਾਨਸੂ ਪਿੰਡ ਦੇ ਸਰਪੰਚ ਸੌਦਾਗਰ ਸਿੰਘ ਦੀ ਅਗਵਾਈ 'ਚ ਪੰਚਾਇਤ ਮੈਂਬਰਾਂ ਅਤੇ ਮੋਹਤਬਰਾਂ ਵੱਲੋਂ ਦਿੱਤੇ ਮੰਗ ਪੱਤਰ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਚੜਾਉਣ ਦਾ ਐਲਾਨ ਵੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਵਿੱਤ ਮੰਤਰੀ ਚੀਮਾ, ਵਿਧਾਇਕ ਮੁੰਡੀਆਂ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।