Farmer's News: ਸਰਕਾਰ ਨੇ ਕਿਸਾਨਾਂ ਨਾਲ ਕੀਤਾ ਵਿਸ਼ਵਾਸਘਾਤ : ਬਜਰੰਗ ਪੁਨੀਆ
Farmer's News: ਕਿਹਾ, ਗੱਲਬਾਤ ਦੇ ਬਹਾਨੇ ਕਿਸਾਨਾਂ ਨੂੰ ਬੁਲਾਉਣਾ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਬਹਾਦਰੀ ਨਹੀਂ
ਪਹਿਲਵਾਨ ਬਜਰੰਗ ਪੁਨੀਆ ਨੇ ਦੇਸ਼ ਵਾਸੀਆਂ ਨੂੰ ਕਿਸਾਨਾਂ ਨਾਲ ਖੜਨ ਦਾ ਦਿਤਾ ਸੱਦਾ
Government betrayed farmers: Bajrang Punia: ਭਾਰਤੀ ਓਲੰਪਿਕ ਤਮਗ਼ਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਪੰਜਾਬ ਦੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ, ‘‘ਸਰਕਾਰ ਕਿਸਾਨਾਂ ਨਾਲ ਗੱਲ ਕਰਨ ਦਾ ਦਿਖਾਵਾ ਕਰ ਰਹੀ ਹੈ। ਚਰਚਾ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਦਰਸ਼ਾਉਂਦਾ ਹੈ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਗੰਭੀਰ ਨਹੀਂ ਹਨ। ਇਹ ਵਿਸ਼ਵਾਸਘਾਤ ਹੈ।’’ ਪੂਨੀਆ ਨੇ ਲੋਕਾਂ ਨੂੰ ਕੇਂਦਰ ਅਤੇ ਪੰਜਾਬ ਦੋਵਾਂ ਸਰਕਾਰਾਂ ਵੱਲੋਂ ਕੀਤੇ ਗਏ ਦਮਨਕਾਰੀ ਕਾਰੇ ਵਿਰੁੱਧ ਕਿਸਾਨਾਂ ਦੇ ਨਾਲ ਖੜੇ ਹੋਣ ਦੀ ਅਪੀਲ ਵੀ ਕੀਤੀ। ਸ਼ੰਭੂ ਸਰਹੱਦ ’ਤੇ ਉਸ ਸਮੇਂ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਜਦੋਂ ਕਿਸਾਨ ਵੱਖ-ਵੱਖ ਮੁੱਦਿਆਂ ’ਤੇ ਸਰਕਾਰ ਤੋਂ ਕਾਰਵਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਸੋਸ਼ਲ ਮੀਡੀਆ ’ਤੇ ਬਜਰੰਗ ਪੂਨੀਆ ਨੇ ਲਿਖਿਆ, ‘‘ਸਰਕਾਰ ਦੇ ਇਸ ਕਾਇਰਤਾਪੂਰਨ ਕੰਮ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਸਿਰਫ਼ ਕਿਸਾਨਾਂ ਨਾਲ ਗੱਲ ਕਰਨ ਦਾ ਦਿਖਾਵਾ ਕਰ ਰਹੀ ਹੈ। ਗੱਲਬਾਤ ਦੇ ਬਹਾਨੇ ਕਿਸਾਨ ਆਗੂਆਂ ਨੂੰ ਬੁਲਾਉਣਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਬਹਾਦਰੀ ਨਹੀਂ ਹੈ। ਜਦੋਂ ਸਰਵਣ ਸਿੰਘ ਪੰਧੇਰ ਅਤੇ ਡੱਲੇਵਾਲ ਸਮੇਤ ਕਈ ਕਿਸਾਨ ਆਗੂ ਆਪਣੀਆਂ ਮੰਗਾਂ ਲੈ ਕੇ ਸਰਕਾਰ ਨੂੰ ਮਿਲੇ, ਤਾਂ ਉਮੀਦ ਸੀ ਕਿ ਕੋਈ ਨਾ ਕੋਈ ਹੱਲ ਨਿਕਲੇਗਾ। ਪਰ ਸਰਕਾਰ ਨੇ ਗੱਲਬਾਤ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਜੇ ਇਹ ਕਿਸਾਨਾਂ ਨਾਲ ਵਿਸ਼ਵਾਸਘਾਤ ਨਹੀਂ ਹੈ, ਤਾਂ ਇਹ ਕੀ ਹੈ?’’
ਉਨ੍ਹਾਂ ਅੱਗੇ ਕਿਹਾ, ‘‘ਜੇਕਰ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਲਈ ਗੰਭੀਰ ਹੁੰਦੀ, ਤਾਂ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭ ਲੈਂਦੀ। ਇਹ ਦਮਨਕਾਰੀ ਰਵੱਈਆ ਦਰਸਾਉਂਦਾ ਹੈ ਕਿ ਸਰਕਾਰ ਗੱਲਬਾਤ ਦੇ ਨਾਮ ’ਤੇ ਸਿਰਫ਼ ਦਿਖਾਵਾ ਕਰ ਰਹੀ ਹੈ, ਜਦੋਂ ਕਿ ਸਰਕਾਰ ਦਾ ਅਸਲ ਉਦੇਸ਼ ਕਿਸਾਨ ਅੰਦੋਲਨ ਨੂੰ ਕੁਚਲਣਾ ਹੈ।’’ ਪੁਨੀਆ ਨੇ ਕਿਹਾ, ‘‘ਸਾਰੇ ਦੇਸ਼ ਵਾਸੀਆਂ ਨੂੰ ਕਿਸਾਨਾਂ ਦੇ ਨਾਲ ਖੜ੍ਹੇ ਹੋਣਾ ਚਾਹੀਦਾ ਹੈ ਅਤੇ ਕੇਂਦਰ ਅਤੇ ਪੰਜਾਬ ਸਰਕਾਰਾਂ ਦੇ ਇਸ ਦਮਨਕਾਰੀ ਕਾਰਵਾਈ ਦਾ ਵਿਰੋਧ ਕਰਨਾ ਚਾਹੀਦਾ ਹੈ।’’
(For more news apart from Farmer Latest News, stay tuned to Rozana Spokesman)